ਪੰਜਾਬ ਸਰਕਾਰ ਫਿਰ ਲਵੇਗੀ ਵੱਡਾ ਕਰਜ਼ਾ, ਦੂਜੀ ਤਿਮਾਹੀ ’ਚ 13,900 ਕਰੋੜ ਰੁਪਏ ਦੀ ਤਿਆਰੀ
ਚੰਡੀਗੜ੍ਹ: ਪੰਜਾਬ ਸਰਕਾਰ ’ਤੇ ਕਰਜ਼ੇ ਦਾ ਬੋਝ ਲਗਾਤਾਰ ਵੱਧਦਾ ਜਾ ਰਿਹਾ ਹੈ। ਇਸੇ ਦਰਮਿਆਨ ਸੂਬਾ ਸਰਕਾਰ ਵੱਲੋਂ ਹੋਰ ਕਰਜ਼ਾ ਲੈਣ ਦੀ ਤਿਆਰੀ ਕੀਤੀ ਜਾ ਰਹੀ ਹੈ। ਜਾਣਕਾਰੀ ਮੁਤਾਬਕ ਪੰਜਾਬ ਸਰਕਾਰ ਵਿੱਤੀ ਸਾਲ 2026-27 ਦੀ ਦੂਜੀ ਤਿਮਾਹੀ (ਜੁਲਾਈ ਤੋਂ ਸਤੰਬਰ) ਦੌਰਾਨ ਕਰੀਬ 13,900 ਕਰੋੜ ਰੁਪਏ ਦਾ ਬਾਜ਼ਾਰੀ ਕਰਜ਼ਾ ਲੈਣ ਦੀ ਯੋਜਨਾ ਬਣਾ ਰਹੀ ਹੈ। ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਵੱਲੋਂ ਜੁਲਾਈ-ਸਤੰਬਰ 2026 ਲਈ ਜਾਰੀ ਕੀਤੇ ਗਏ ਸੰਕੇਤਕ ਕਰਜ਼ਾ ਕੈਲੰਡਰ ਅਨੁਸਾਰ ਪੰਜਾਬ ਸਰਕਾਰ ਦੂਜੀ ਤਿਮਾਹੀ ਵਿੱਚ 13,900 ਕਰੋੜ ਰੁਪਏ ਦਾ ਕਰਜ਼ਾ ਲੈਣ ਦੀ ਤਿਆਰੀ ਕਰ ਰਹੀ ਹੈ।

ਇਸ ਤੋਂ ਪਹਿਲਾਂ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ (ਅਪ੍ਰੈਲ-ਜੂਨ) ਦੌਰਾਨ ਸਰਕਾਰ ਨੇ 9,500 ਕਰੋੜ ਰੁਪਏ ਕਰਜ਼ਾ ਲੈਣ ਦੀ ਯੋਜਨਾ ਬਣਾਈ ਸੀ, ਪਰ ਅਸਲ ਵਿੱਚ 7,800 ਕਰੋੜ ਰੁਪਏ ਦਾ ਹੀ ਕਰਜ਼ਾ ਲਿਆ ਗਿਆ।ਵਿਧਾਨ ਸਭਾ ਚੋਣਾਂ ਨੇੜੇ ਆਉਣ ਦੇ ਮੱਦੇਨਜ਼ਰ ਸਰਕਾਰ ਵੱਲੋਂ ਵੱਖ-ਵੱਖ ਲੋਕ ਭਲਾਈ ਯੋਜਨਾਵਾਂ ਨੂੰ ਤੇਜ਼ੀ ਨਾਲ ਲਾਗੂ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਸਰਕਾਰ ਵੱਲੋਂ 1 ਜੁਲਾਈ ਤੋਂ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਸ਼ੁਰੂ ਕੀਤੀ ਜਾ ਰਹੀ ਹੈ, ਜਿਸ ਲਈ ਮੌਜੂਦਾ ਵਿੱਤੀ ਸਾਲ ਦੌਰਾਨ 9,300 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਸਰਕਾਰ ਦਾ ਦਾਅਵਾ ਹੈ ਕਿ ਲੋਕ ਭਲਾਈ ਯੋਜਨਾਵਾਂ, ਬੁਨਿਆਦੀ ਢਾਂਚੇ ਦੇ ਵਿਕਾਸ ਅਤੇ ਹੋਰ ਜਨਹਿਤ ਪ੍ਰੋਜੈਕਟਾਂ ਨੂੰ ਅੱਗੇ ਵਧਾਉਣ ਲਈ ਵਿੱਤੀ ਸਰੋਤਾਂ ਦੀ ਲੋੜ ਹੈ।ਦੂਜੇ ਪਾਸੇ, ਵਧਦੇ ਕਰਜ਼ੇ ਦੇ ਮੁੱਦੇ ਨੂੰ ਲੈ ਕੇ ਵਿਰੋਧੀ ਧਿਰ ਨੇ ਸਰਕਾਰ ਨੂੰ ਘੇਰਨਾ ਸ਼ੁਰੂ ਕਰ ਦਿੱਤਾ ਹੈ। ਵਿਰੋਧੀ ਆਗੂਆਂ ਦਾ ਕਹਿਣਾ ਹੈ ਕਿ ਲਗਾਤਾਰ ਵੱਧ ਰਿਹਾ ਕਰਜ਼ਾ ਸੂਬੇ ਦੀ ਆਰਥਿਕ ਸਥਿਤੀ ਲਈ ਚਿੰਤਾ ਦਾ ਵਿਸ਼ਾ ਹੈ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਇਹ ਇੱਕ ਵੱਡਾ ਸਿਆਸੀ ਮੁੱਦਾ ਬਣ ਸਕਦਾ ਹੈ।

ਇਸੇ ਦੌਰਾਨ ਸੂਬੇ ਦੇ ਵੱਖ-ਵੱਖ ਵਿਭਾਗਾਂ ਨਾਲ ਜੁੜੇ ਮੁਲਾਜ਼ਮ ਆਪਣੀਆਂ ਮੰਗਾਂ ਨੂੰ ਲੈ ਕੇ ਲਗਾਤਾਰ ਸੰਘਰਸ਼ ਕਰ ਰਹੇ ਹਨ। ਕਈ ਕਰਮਚਾਰੀ ਜਥੇਬੰਦੀਆਂ ਵੱਲੋਂ ਤਨਖਾਹਾਂ, ਡੀਏ ਦੇ ਬਕਾਏ ਅਤੇ ਹੋਰ ਮੰਗਾਂ ਨੂੰ ਲੈ ਕੇ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਸਫਾਈ ਕਰਮਚਾਰੀਆਂ ਸਮੇਤ ਕਈ ਵਰਗ ਆਪਣੀਆਂ ਮੰਗਾਂ ਨੂੰ ਲੈ ਕੇ ਧਰਨੇ ਅਤੇ ਹੜਤਾਲਾਂ ਕਰ ਰਹੇ ਹਨ।ਫਿਲਹਾਲ ਪੰਜਾਬ ਸਰਕਾਰ ਦੇ ਵਧਦੇ ਕਰਜ਼ੇ ਅਤੇ ਵਿੱਤੀ ਪ੍ਰਬੰਧਨ ਨੂੰ ਲੈ ਕੇ ਸਿਆਸੀ ਅਤੇ ਆਰਥਿਕ ਹਲਕਿਆਂ ਵਿੱਚ ਚਰਚਾ ਤੇਜ਼ ਹੋ ਗਈ ਹੈ।