ਬਰਨਾਲਾ ‘ਚ ਗਹਿਰਾਇਆ ਪਾਣੀ ਸੰਕਟ, 3 ਦਿਨਾਂ ਤੋਂ ਪਾਣੀ ਨਾ ਮਿਲਣ ‘ਤੇ ਲੋਕਾਂ ਨੇ ਲਾਇਆ ਜਾਮ
ਬਰਨਾਲਾ: ਬਰਨਾਲਾ ਸ਼ਹਿਰ ਵਿੱਚ ਪਾਣੀ ਦਾ ਸੰਕਟ ਲਗਾਤਾਰ ਗੰਭੀਰ ਹੁੰਦਾ ਜਾ ਰਿਹਾ ਹੈ। ਸ਼ਹਿਰ ਦੇ ਵਾਰਡ ਨੰਬਰ 29, 39, 40 ਅਤੇ 41 ਵਿੱਚ ਪਿਛਲੇ ਤਿੰਨ ਦਿਨਾਂ ਤੋਂ ਪੀਣ ਵਾਲੇ ਪਾਣੀ ਦੀ ਸਪਲਾਈ ਠੱਪ ਹੋਣ ਕਾਰਨ ਲੋਕਾਂ ਦਾ ਗੁੱਸਾ ਸੜਕਾਂ ‘ਤੇ ਨਜ਼ਰ ਆਇਆ। ਨਾਰਾਜ਼ ਵਸਨੀਕਾਂ ਨੇ ਨਗਰ ਨਿਗਮ ਦੇ ਕੌਂਸਲਰਾਂ ਦੇ ਨਾਲ ਮਿਲ ਕੇ ਸ਼ਹੀਦ ਭਗਤ ਸਿੰਘ ਪਾਰਕ ਨੇੜੇ ਕੱਚਾ ਕਾਲਜ ਰੋਡ ‘ਤੇ ਧਰਨਾ ਦੇ ਕੇ ਸੜਕ ਜਾਮ ਕਰ ਦਿੱਤੀ।

ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਇਲਾਕੇ ਵਿੱਚ ਪਿਛਲੇ ਤਿੰਨ ਦਿਨਾਂ ਤੋਂ ਪਾਣੀ ਦੀ ਸਪਲਾਈ ਨਹੀਂ ਹੋ ਰਹੀ, ਜਿਸ ਕਾਰਨ ਲੋਕਾਂ ਨੂੰ ਭਾਰੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੀਣ ਵਾਲੇ ਪਾਣੀ ਤੋਂ ਲੈ ਕੇ ਘਰੇਲੂ ਕੰਮਕਾਜ ਤੱਕ ਸਾਰੇ ਕੰਮ ਪ੍ਰਭਾਵਿਤ ਹੋ ਰਹੇ ਹਨ।

ਪਾਣੀ ਸੰਕਟ ਦੇ ਵਿਰੋਧ ਵਿੱਚ ਸਥਾਨਕ ਨਿਵਾਸੀਆਂ ਅਤੇ ਨਗਰ ਨਿਗਮ ਦੇ ਕੌਂਸਲਰਾਂ ਨੇ ਕੱਚਾ ਕਾਲਜ ਰੋਡ ‘ਤੇ ਸੜਕ ਜਾਮ ਕਰਕੇ ਪ੍ਰਸ਼ਾਸਨ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨਕਾਰੀਆਂ ਨੇ ਸਪੱਸ਼ਟ ਕੀਤਾ ਕਿ ਇਹ ਕਿਸੇ ਰਾਜਨੀਤਿਕ ਪਾਰਟੀ ਦਾ ਨਹੀਂ, ਸਗੋਂ ਲੋਕਾਂ ਦੀਆਂ ਬੁਨਿਆਦੀ ਜ਼ਰੂਰਤਾਂ ਨਾਲ ਜੁੜਿਆ ਮੁੱਦਾ ਹੈ। ਧਰਨਾਕਾਰੀਆਂ ਨੇ ਦੋਸ਼ ਲਗਾਇਆ ਕਿ ਐਸਡੀਐਮ, ਜੇਈ ਅਤੇ ਹੋਰ ਸਬੰਧਤ ਅਧਿਕਾਰੀਆਂ ਨੂੰ ਕਈ ਵਾਰ ਇਸ ਸਮੱਸਿਆ ਬਾਰੇ ਜਾਣੂ ਕਰਵਾਇਆ ਗਿਆ ਸੀ। ਇਸ ਤੋਂ ਇਲਾਵਾ ਨਗਰ ਨਿਗਮ ਦੇ ਮੇਅਰ ਅਤੇ ਹੋਰ ਜ਼ਿੰਮੇਵਾਰ ਅਧਿਕਾਰੀਆਂ ਨੂੰ ਤਸਵੀਰਾਂ ਅਤੇ ਜਾਣਕਾਰੀ ਵੀ ਭੇਜੀ ਗਈ, ਪਰ ਕਿਸੇ ਵੀ ਅਧਿਕਾਰੀ ਨੇ ਮੌਕੇ ‘ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਨਹੀਂ ਲਿਆ। ਪ੍ਰਦਰਸ਼ਨਕਾਰੀਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਜਲਦ ਸਮੱਸਿਆ ਦਾ ਹੱਲ ਨਾ ਕੀਤਾ ਗਿਆ ਤਾਂ ਅੰਦੋਲਨ ਨੂੰ ਪੂਰੇ ਸ਼ਹਿਰ ਵਿੱਚ ਫੈਲਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਲੋੜ ਪੈਣ ‘ਤੇ ਸ਼ਹਿਰ ਬੰਦ ਦਾ ਐਲਾਨ ਵੀ ਕੀਤਾ ਜਾ ਸਕਦਾ ਹੈ।ਬਰਨਾਲਾ ਦੇ ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਵੀ ਇਸ ਧਰਨੇ ਵਿੱਚ ਸ਼ਾਮਲ ਹੋਏ। ਉਨ੍ਹਾਂ ਨੇ ਪਾਣੀ ਸੰਕਟ ਦੇ ਮੁੱਦੇ ਨੂੰ ਲੈ ਕੇ ਸਰਕਾਰ ਅਤੇ ਪ੍ਰਸ਼ਾਸਨ ਨੂੰ ਘੇਰਦਿਆਂ ਕਿਹਾ ਕਿ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਸਰਕਾਰ ਦੀ ਜ਼ਿੰਮੇਵਾਰੀ ਹੈ।

ਸਥਾਨਕ ਨਿਵਾਸੀਆਂ ਨੇ ਮੰਗ ਕੀਤੀ ਕਿ ਲੋਕਾਂ ਨੂੰ ਰਾਹਤ ਦੇਣ ਲਈ ਤੁਰੰਤ ਨਵਾਂ ਬੋਰਵੈੱਲ ਪੁੱਟਿਆ ਜਾਵੇ ਅਤੇ ਵਿਕਲਪਕ ਪਾਣੀ ਸਪਲਾਈ ਦਾ ਪ੍ਰਬੰਧ ਕੀਤਾ ਜਾਵੇ, ਤਾਂ ਜੋ ਲੋਕਾਂ ਨੂੰ ਆ ਰਹੀਆਂ ਮੁਸ਼ਕਲਾਂ ਦਾ ਹੱਲ ਹੋ ਸਕੇ।