ਬਿਜਲੀ ਕੱਟਾਂ ਖ਼ਿਲਾਫ਼ ਕਿਸਾਨਾਂ ਦਾ ਗੁੱਸਾ ਫੁੱਟਿਆ, ਪਾਵਰਕਾਮ ਦਫ਼ਤਰਾਂ ਅੱਗੇ ਧਰਨੇ
ਮਾਨਸਾ/ਜਲੰਧਰ: ਬਿਜਲੀ ਦੇ ਲਗਾਤਾਰ ਲੱਗ ਰਹੇ ਕੱਟਾਂ ਤੋਂ ਪ੍ਰੇਸ਼ਾਨ ਕਿਸਾਨਾਂ ਨੇ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਪਾਵਰਕਾਮ ਦਫ਼ਤਰਾਂ ਅੱਗੇ ਰੋਸ ਪ੍ਰਦਰਸ਼ਨ ਕਰਦੇ ਹੋਏ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਮਾਨਸਾ, ਬੁਢਲਾਡਾ, ਸਰਦੂਲਗੜ੍ਹ ਅਤੇ ਜਲੰਧਰ ਸਮੇਤ ਕਈ ਥਾਵਾਂ ‘ਤੇ ਕਿਸਾਨ ਜਥੇਬੰਦੀਆਂ ਵੱਲੋਂ ਧਰਨੇ ਦਿੱਤੇ ਗਏ ਅਤੇ ਸਰਕਾਰ ਨੂੰ ਜਲਦੀ ਬਿਜਲੀ ਸਪਲਾਈ ਸੁਧਾਰਨ ਦੀ ਚੇਤਾਵਨੀ ਦਿੱਤੀ ਗਈ। ਮਾਨਸਾ ਵਿੱਚ ਭਾਰਤੀ ਕਿਸਾਨ ਯੂਨੀਅਨ ਡਕੌਦਾ ਵੱਲੋਂ ਐਕਸੀਅਨ ਦਫ਼ਤਰ ਦੇ ਬਾਹਰ ਧਰਨਾ ਦਿੱਤਾ ਗਿਆ, ਜਦਕਿ ਬੁਢਲਾਡਾ ਵਿੱਚ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਪਾਵਰਕਾਮ ਦਫ਼ਤਰ ਦਾ ਘਿਰਾਓ ਕੀਤਾ ਗਿਆ। ਕਿਸਾਨ ਆਗੂਆਂ ਨੇ ਕਿਹਾ ਕਿ ਇਸ ਸਮੇਂ ਝੋਨੇ ਦੀ ਬਿਜਾਈ ਦਾ ਸੀਜ਼ਨ ਚੱਲ ਰਿਹਾ ਹੈ, ਪਰ ਲੰਬੇ ਬਿਜਲੀ ਕੱਟਾਂ ਕਾਰਨ ਕਿਸਾਨਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਮੁੱਖ ਮੰਤਰੀ ਵੱਲੋਂ ਦਿਨ ਸਮੇਂ ਨਿਰਵਿਘਨ ਬਿਜਲੀ ਸਪਲਾਈ ਦੇ ਕੀਤੇ ਗਏ ਵਾਅਦੇ ਪੂਰੇ ਨਹੀਂ ਹੋਏ। ਕਿਸਾਨਾਂ ਨੇ ਕਿਹਾ ਕਿ ਨਾ ਸਿਰਫ਼ ਖੇਤਾਂ ਲਈ, ਸਗੋਂ ਘਰੇਲੂ ਬਿਜਲੀ ਸਪਲਾਈ ਵਿੱਚ ਵੀ ਵੱਡੇ ਕੱਟ ਲੱਗ ਰਹੇ ਹਨ, ਜਿਸ ਕਾਰਨ ਬੱਚੇ ਅਤੇ ਬਜ਼ੁਰਗ ਵੀ ਪਰੇਸ਼ਾਨ ਹਨ।

ਕਿਸਾਨ ਆਗੂਆਂ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਜਲਦ ਹੀ ਬਿਜਲੀ ਸਪਲਾਈ ਵਿੱਚ ਸੁਧਾਰ ਨਾ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਉੱਧਰ, ਦੋਆਬਾ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਜਲੰਧਰ ਵਿੱਚ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਐਲ) ਦੇ ਦਫ਼ਤਰ ਦਾ ਘਿਰਾਓ ਕਰਕੇ ਵਿਸ਼ਾਲ ਪ੍ਰਦਰਸ਼ਨ ਕੀਤਾ ਗਿਆ। ਵੱਡੀ ਗਿਣਤੀ ਵਿੱਚ ਇਕੱਠੇ ਹੋਏ ਕਿਸਾਨਾਂ ਅਤੇ ਮਜ਼ਦੂਰਾਂ ਨੇ ਸਰਕਾਰ ਅਤੇ ਬਿਜਲੀ ਵਿਭਾਗ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।

ਪ੍ਰਦਰਸ਼ਨਕਾਰੀਆਂ ਨੇ ਦੋਸ਼ ਲਗਾਇਆ ਕਿ ਲਗਾਤਾਰ ਬਿਜਲੀ ਕੱਟਾਂ ਕਾਰਨ ਖੇਤਾਂ ਵਿੱਚ ਸਮੇਂ ਸਿਰ ਪਾਣੀ ਨਹੀਂ ਪਹੁੰਚ ਰਿਹਾ, ਜਿਸ ਨਾਲ ਝੋਨੇ ਦੀ ਲਵਾਈ ਅਤੇ ਹੋਰ ਖੇਤੀਬਾੜੀ ਕਾਰਜ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੇ ਨਿਰਵਿਘਨ ਬਿਜਲੀ ਸਪਲਾਈ ਦੇ ਦਾਅਵੇ ਜ਼ਮੀਨੀ ਹਕੀਕਤ ਤੋਂ ਕੋਸਾਂ ਦੂਰ ਹਨ। ਕਿਸਾਨ ਆਗੂਆਂ ਨੇ ਇਹ ਵੀ ਦੋਸ਼ ਲਗਾਇਆ ਕਿ ਪ੍ਰਸ਼ਾਸਨ ਅਤੇ ਬਿਜਲੀ ਵਿਭਾਗ ਵਿਰੋਧ ਪ੍ਰਦਰਸ਼ਨਾਂ ਤੋਂ ਬਾਅਦ ਹੀ ਜਨਤਕ ਮੁੱਦਿਆਂ ਵੱਲ ਧਿਆਨ ਦਿੰਦੇ ਹਨ। ਉਨ੍ਹਾਂ ਕਿਹਾ ਕਿ ਜਦ ਤੱਕ ਕਿਸਾਨ ਸੜਕਾਂ ‘ਤੇ ਨਹੀਂ ਉਤਰਦੇ, ਤਦ ਤੱਕ ਬਿਜਲੀ ਸਪਲਾਈ ਠੱਪ ਰਹਿੰਦੀ ਹੈ, ਪਰ ਪ੍ਰਦਰਸ਼ਨ ਸ਼ੁਰੂ ਹੋਣ ਨਾਲ ਹੀ ਸਪਲਾਈ ਆਮ ਹੋ ਜਾਂਦੀ ਹੈ।