ਨੀਟ ਘੁਟਾਲੇ ਖ਼ਿਲਾਫ਼ ਕਾਂਗਰਸ ਸੜਕਾਂ ‘ਤੇ, ਦਿੱਲੀ ਵਿੱਚ 9 ਅਗਸਤ ਨੂੰ ਵੱਡੀ ਰੈਲੀ
ਬਠਿੰਡਾ: ਨੀਟ ਪੇਪਰ ਲੀਕ ਮਾਮਲੇ ਨੂੰ ਲੈ ਕੇ ਦੇਸ਼ ਭਰ ਵਿੱਚ ਰਾਜਨੀਤੀ ਤੇਜ਼ ਹੋ ਗਈ ਹੈ। ਇਸ ਮਾਮਲੇ ‘ਤੇ ਹੁਣ ਕਾਂਗਰਸ ਪਾਰਟੀ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਵੱਡੇ ਪੱਧਰ ‘ਤੇ ਅੰਦੋਲਨ ਦੀ ਤਿਆਰੀ ਕੀਤੀ ਜਾ ਰਹੀ ਹੈ। ਬਠਿੰਡਾ ਵਿੱਚ ਕਾਂਗਰਸੀ ਆਗੂ ਅਤੇ ਸਾਬਕਾ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਨੀਟ ਪੀੜਤ ਵਿਦਿਆਰਥੀਆਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਪੇਪਰ ਲੀਕ ਮਾਮਲੇ ਨੇ ਲੱਖਾਂ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਕੀਤਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਇਸ ਘਟਨਾ ਨਾਲ ਦੇਸ਼ ਦੇ ਸਿੱਖਿਆ ਪ੍ਰਣਾਲੀ ‘ਤੇ ਵੱਡਾ ਸਵਾਲ ਖੜ੍ਹਾ ਹੋ ਗਿਆ ਹੈ। ਸਿੰਗਲਾ ਨੇ ਕਿਹਾ ਕਿ ਨੀਟ ਪ੍ਰੀਖਿਆ ਵਿੱਚ ਗੜਬੜੀ ਕਾਰਨ ਵੱਡੀ ਗਿਣਤੀ ਵਿੱਚ ਯੋਗ ਵਿਦਿਆਰਥੀ ਆਪਣੇ ਹੱਕ ਤੋਂ ਵਾਂਝੇ ਰਹਿ ਗਏ, ਜਦਕਿ ਕੁਝ ਹੀ ਲੋਕਾਂ ਨੂੰ ਲਾਭ ਮਿਲਿਆ। ਉਨ੍ਹਾਂ ਕਿਹਾ ਕਿ ਇਹ ਪੂਰੀ ਪ੍ਰਕਿਰਿਆ ਦੀ ਗੰਭੀਰ ਜਾਂਚ ਹੋਣੀ ਚਾਹੀਦੀ ਹੈ ਤਾਂ ਜੋ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ।
ਉਨ੍ਹਾਂ ਐਲਾਨ ਕੀਤਾ ਕਿ ਕਾਂਗਰਸ ਪਾਰਟੀ ਇਸ ਮਾਮਲੇ ਨੂੰ ਲੈ ਕੇ 1 ਅਗਸਤ ਨੂੰ ਪੰਜਾਬ ਭਰ ਵਿੱਚ ਡੀਸੀ ਦਫਤਰਾਂ ਅੱਗੇ ਵੱਡੇ ਪੱਧਰ ‘ਤੇ ਰੋਸ ਪ੍ਰਦਰਸ਼ਨ ਕਰੇਗੀ। ਇਹ ਪ੍ਰਦਰਸ਼ਨ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਕੀਤਾ ਜਾਵੇਗਾ। ਇਸ ਤੋਂ ਇਲਾਵਾ 9 ਅਗਸਤ ਨੂੰ ਦਿੱਲੀ ਵਿੱਚ ਇੱਕ ਵੱਡੀ ਰੈਲੀ ਆਯੋਜਿਤ ਕੀਤੀ ਜਾਵੇਗੀ, ਜਿਸ ਵਿੱਚ ਨੀਟ ਪੀੜਤ ਵਿਦਿਆਰਥੀ ਅਤੇ ਉਨ੍ਹਾਂ ਦੇ ਮਾਪੇ ਵੱਡੀ ਗਿਣਤੀ ਵਿੱਚ ਸ਼ਾਮਲ ਹੋਣਗੇ। ਕਾਂਗਰਸ ਆਗੂਆਂ ਨੇ ਕੇਂਦਰ ਸਰਕਾਰ ‘ਤੇ ਸਿੱਖਿਆ ਪ੍ਰਣਾਲੀ ਨੂੰ ਲੈ ਕੇ ਸਖ਼ਤ ਨਿਸ਼ਾਨਾ ਸਾਧਦਿਆਂ ਕਿਹਾ ਕਿ ਪੇਪਰ ਲੀਕ ਵਰਗੀਆਂ ਘਟਨਾਵਾਂ ਨੇ ਵਿਦਿਆਰਥੀਆਂ ਦਾ ਭਰੋਸਾ ਡਗਮਗਾ ਦਿੱਤਾ ਹੈ ਅਤੇ ਸਰਕਾਰ ਨੂੰ ਇਸ ਦੀ ਜ਼ਿੰਮੇਵਾਰੀ ਲੈਣੀ ਚਾਹੀਦੀ ਹੈ। ਪੰਜਾਬ ਮਾਮਲਿਆਂ ਦੇ ਇੰਚਾਰਜ ਰਵਿੰਦਰ ਡਾਲਵੀਆ ਨੇ ਵੀ ਕੇਂਦਰ ਸਰਕਾਰ ‘ਤੇ ਹਮਲਾ ਕਰਦਿਆਂ ਕਿਹਾ ਕਿ ਸਰਕਾਰ ਨੂੰ ਇਸ ਮਾਮਲੇ ‘ਤੇ ਦੇਸ਼ ਦੀ ਜਨਤਾ ਤੋਂ ਮਾਫੀ ਮੰਗਣੀ ਚਾਹੀਦੀ ਹੈ, ਨਹੀਂ ਤਾਂ ਅਸਤੀਫੇ ਦੀ ਮੰਗ ਵੀ ਉਠਾਈ ਜਾ ਸਕਦੀ ਹੈ।