‘ਮਾਵਾਂ ਧੀਆਂ ਸਤਿਕਾਰ ਯੋਜਨਾ’ ਦੀ ਸ਼ੁਰੂਆਤ ਨਾਲ ਹੀ ਛਿੜਿਆ ਵਿਵਾਦ, ਵਾਇਰਲ ਵੀਡੀਓ ਨੂੰ ਲੈ ਕੇ ਵਿਰੋਧੀਆਂ ਨੇ ਘੇਰੀ ਸਰਕਾਰ
ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ 1 ਜੁਲਾਈ ਤੋਂ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਧੂਰੀ ਤੋਂ ਇਸ ਸਕੀਮ ਦਾ ਆਗਾਜ਼ ਕੀਤਾ। ਯੋਜਨਾ ਤਹਿਤ ਜਨਰਲ ਵਰਗ ਦੀਆਂ ਯੋਗ ਮਹਿਲਾਵਾਂ ਨੂੰ ਹਰ ਮਹੀਨੇ 1,000 ਰੁਪਏ ਅਤੇ ਅਨੁਸੂਚਿਤ ਜਾਤੀ (ਐੱਸ.ਸੀ.) ਵਰਗ ਦੀਆਂ ਯੋਗ ਮਹਿਲਾਵਾਂ ਨੂੰ 1,500 ਰੁਪਏ ਪ੍ਰਤੀ ਮਹੀਨਾ ਦਿੱਤੇ ਜਾਣਗੇ।

ਹਾਲਾਂਕਿ ਸਕੀਮ ਦੀ ਸ਼ੁਰੂਆਤ ਦੇ ਨਾਲ ਹੀ ਇਹ ਸਿਆਸੀ ਵਿਵਾਦਾਂ ਵਿੱਚ ਘਿਰ ਗਈ। ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵਾਇਰਲ ਹੋਣ ਤੋਂ ਬਾਅਦ ਵਿਰੋਧੀ ਪਾਰਟੀਆਂ ਨੇ ਸਰਕਾਰ ‘ਤੇ ਸਵਾਲ ਚੁੱਕਣੇ ਸ਼ੁਰੂ ਕਰ ਦਿੱਤੇ ਹਨ। ਦਾਅਵਾ ਕੀਤਾ ਜਾ ਰਿਹਾ ਹੈ ਕਿ ਸਮਾਗਮ ਦੌਰਾਨ ਸਭ ਤੋਂ ਪਹਿਲਾਂ ਰਕਮ ਇੱਕ ਬਲਾਕ ਪ੍ਰਧਾਨ ਦੇ ਖਾਤੇ ਵਿੱਚ ਟਰਾਂਸਫਰ ਕੀਤੀ ਗਈ, ਜਿਸ ਨੂੰ ਲੈ ਕੇ ਵਿਰੋਧੀ ਧਿਰ ਸਰਕਾਰ ਨੂੰ ਨਿਸ਼ਾਨਾ ਬਣਾ ਰਹੀ ਹੈ।
ਅਕਾਲੀ ਦਲ ਨੇ ਕੀਤੇ ਤਿੱਖੇ ਸਵਾਲ
ਸ਼੍ਰੋਮਣੀ ਅਕਾਲੀ ਦਲ ਨੇ ਸੋਸ਼ਲ ਮੀਡੀਆ ‘ਤੇ ਵੀਡੀਓ ਸਾਂਝੀ ਕਰਦਿਆਂ ਦੋਸ਼ ਲਗਾਇਆ ਕਿ ਸਰਕਾਰ ਨੇ ਪਹਿਲ ਦੇ ਆਧਾਰ ‘ਤੇ ਆਪਣੀ ਪਾਰਟੀ ਨਾਲ ਜੁੜੇ ਲੋਕਾਂ ਨੂੰ ਲਾਭ ਪਹੁੰਚਾਇਆ ਹੈ। ਪਾਰਟੀ ਨੇ ਇਹ ਵੀ ਮੰਗ ਕੀਤੀ ਕਿ ਚੋਣਾਂ ਦੌਰਾਨ ਕੀਤੇ ਵਾਅਦੇ ਅਨੁਸਾਰ ਪੰਜਾਬ ਦੀਆਂ ਸਾਰੀਆਂ ਮਹਿਲਾਵਾਂ ਨੂੰ ਪਿਛਲੇ ਸਾਲਾਂ ਦਾ ਬਣਦਾ ਬਕਾਇਆ ਵੀ ਦਿੱਤਾ ਜਾਵੇ।
ਭਾਜਪਾ ਨੇ ਵੀ ਕੱਸਿਆ ਤੰਜ
ਪੰਜਾਬ ਭਾਜਪਾ ਨੇ ਵੀ ਇਸ ਮਾਮਲੇ ‘ਤੇ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਵੱਡੀ ਗਿਣਤੀ ਵਿੱਚ ਮਹਿਲਾਵਾਂ ਦੇ ਖਾਤਿਆਂ ਵਿੱਚ ਰਕਮ ਨਹੀਂ ਪਹੁੰਚੀ, ਜਦਕਿ ਸਮਾਗਮ ਦੌਰਾਨ ਸਿਰਫ਼ ਪ੍ਰਚਾਰ ‘ਤੇ ਜ਼ੋਰ ਦਿੱਤਾ ਗਿਆ।
ਕਾਂਗਰਸ ਨੇ ਚੁੱਕਿਆ ਬਕਾਏ ਦਾ ਮੁੱਦਾ
ਕਾਂਗਰਸ ਦੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਜੇ ਇਹ ਵਾਅਦਾ 2022 ਦੀਆਂ ਚੋਣਾਂ ਦੌਰਾਨ ਕੀਤਾ ਗਿਆ ਸੀ ਤਾਂ ਯੋਜਨਾ ਹੁਣ ਲਾਗੂ ਕਰਨ ਦੀ ਬਜਾਏ ਪਹਿਲਾਂ ਕਿਉਂ ਨਹੀਂ ਕੀਤੀ ਗਈ। ਉਨ੍ਹਾਂ ਮੰਗ ਕੀਤੀ ਕਿ ਮਹਿਲਾਵਾਂ ਨੂੰ ਪਿਛਲੇ ਸਮੇਂ ਦਾ ਬਣਦਾ ਬਕਾਇਆ ਵੀ ਦਿੱਤਾ ਜਾਵੇ।
ਸੁਖਬੀਰ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਨੇ ਵੀ ਘੇਰੀ ਸਰਕਾਰ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਵੀ ਸੋਸ਼ਲ ਮੀਡੀਆ ਰਾਹੀਂ ਸਰਕਾਰ ਤੋਂ ਚੋਣੀ ਵਾਅਦਿਆਂ ਦਾ ਹਿਸਾਬ ਮੰਗਿਆ ਅਤੇ ਦਾਅਵਾ ਕੀਤਾ ਕਿ ਵੱਡੀ ਗਿਣਤੀ ਵਿੱਚ ਮਹਿਲਾਵਾਂ ਅਜੇ ਵੀ ਇਸ ਯੋਜਨਾ ਦੇ ਦਾਇਰੇ ਤੋਂ ਬਾਹਰ ਹਨ।
ਇਸੇ ਦੌਰਾਨ ਅਕਾਲੀ ਦਲ ਦੇ ਮੁੱਖ ਬੁਲਾਰੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਕਿਹਾ ਕਿ ਸਰਕਾਰ ਨੇ ਚੋਣਾਂ ਦੌਰਾਨ ਹਰ ਮਹਿਲਾ ਨੂੰ ਮਹੀਨਾਵਾਰ ਆਰਥਿਕ ਸਹਾਇਤਾ ਦੇਣ ਦਾ ਵਾਅਦਾ ਕੀਤਾ ਸੀ, ਪਰ ਮੌਜੂਦਾ ਯੋਜਨਾ ਵਿੱਚ ਬਹੁਤ ਸਾਰੀਆਂ ਮਹਿਲਾਵਾਂ ਨੂੰ ਲਾਭ ਨਹੀਂ ਮਿਲ ਰਿਹਾ। ਉਨ੍ਹਾਂ ਸਰਕਾਰ ਨੂੰ ਇਸ ਬਾਰੇ ਸਪੱਸ਼ਟੀਕਰਨ ਦੇਣ ਦੀ ਮੰਗ ਕੀਤੀ। ਫਿਲਹਾਲ ਸਰਕਾਰ ਵੱਲੋਂ ਵਿਰੋਧੀ ਧਿਰ ਦੇ ਇਨ੍ਹਾਂ ਦੋਸ਼ਾਂ ‘ਤੇ ਵਿਸਥਾਰ ਨਾਲ ਕੋਈ ਅਧਿਕਾਰਤ ਪ੍ਰਤੀਕਿਰਿਆ ਸਾਹਮਣੇ ਨਹੀਂ ਆਈ ਹੈ, ਜਦਕਿ ਯੋਜਨਾ ਤਹਿਤ ਯੋਗ ਲਾਭਪਾਤਰੀਆਂ ਦੇ ਖਾਤਿਆਂ ਵਿੱਚ ਰਕਮ ਜਮ੍ਹਾਂ ਹੋਣ ਦੀ ਪ੍ਰਕਿਰਿਆ ਜਾਰੀ ਹੈ।