2027 ਦੀ ਚੋਣੀ ਜੰਗ ਲਈ ਕਾਂਗਰਸ ਦਾ ਵੱਡਾ ਦਾਅ: ਰਾਜਾ ਵੜਿੰਗ ‘ਤੇ ਦੁਬਾਰਾ ਭਰੋਸਾ, ਚੰਨੀ ਨੂੰ ਪ੍ਰਚਾਰ ਮੁਹਿੰਮ ਦੀ ਕਮਾਨ
ਚੰਡੀਗੜ੍ਹ: 2027 ਦੀ ਪੰਜਾਬ ਵਿਧਾਨ ਸਭਾ ਚੋਣ ਨੂੰ ਧਿਆਨ ਵਿੱਚ ਰੱਖਦਿਆਂ ਆਲ ਇੰਡੀਆ ਕਾਂਗਰਸ ਕਮੇਟੀ (AICC) ਨੇ ਪੰਜਾਬ ਇਕਾਈ ਵਿੱਚ ਵੱਡੇ ਸੰਗਠਨਾਤਮਕ ਬਦਲਾਅ ਅਤੇ ਅਹਿਮ ਨਿਯੁਕਤੀਆਂ ਦਾ ਐਲਾਨ ਕੀਤਾ ਹੈ। ਪਾਰਟੀ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਮੌਜੂਦਾ ਲੀਡਰਸ਼ਿਪ ‘ਤੇ ਉਸਦਾ ਭਰੋਸਾ ਕਾਇਮ ਹੈ ਅਤੇ ਚੋਣੀ ਤਿਆਰੀਆਂ ਨੂੰ ਹੋਰ ਮਜ਼ਬੂਤ ਕਰਨ ਲਈ ਵੱਖ-ਵੱਖ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ।
ਰਾਜਾ ਵੜਿੰਗ ਅਤੇ ਬਾਜਵਾ ਨੂੰ ਮਿਲਿਆ ਦੁਬਾਰਾ ਭਰੋਸਾ
ਕਾਂਗਰਸ ਹਾਈਕਮਾਨ ਨੇ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਈ ਰੱਖਣ ਦਾ ਫੈਸਲਾ ਕੀਤਾ ਹੈ। ਇਸ ਦੇ ਨਾਲ ਹੀ ਪ੍ਰਤਾਪ ਸਿੰਘ ਬਾਜਵਾ ਪੰਜਾਬ ਕਾਂਗਰਸ ਵਿਧਾਇਕ ਦਲ ਦੇ ਨੇਤਾ ਵਜੋਂ ਆਪਣੀ ਜ਼ਿੰਮੇਵਾਰੀ ਨਿਭਾਉਂਦੇ ਰਹਿਣਗੇ। ਪਾਰਟੀ ਨੇ ਇਸ ਫੈਸਲੇ ਰਾਹੀਂ ਮੌਜੂਦਾ ਲੀਡਰਸ਼ਿਪ ‘ਤੇ ਆਪਣਾ ਵਿਸ਼ਵਾਸ ਦੁਹਰਾਇਆ ਹੈ।

ਚੰਨੀ ਨੂੰ ਚੋਣੀ ਪ੍ਰਚਾਰ ਦੀ ਕਮਾਨ
ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੂੰ ਕੈਂਪੇਨ ਕਮੇਟੀ ਦਾ ਚੇਅਰਪਰਸਨ ਬਣਾਇਆ ਗਿਆ ਹੈ। ਉਨ੍ਹਾਂ ਦੀ ਅਗਵਾਈ ਹੇਠ ਪਾਰਟੀ ਦੀ ਚੋਣੀ ਮੁਹਿੰਮ ਨੂੰ ਨਵੀਂ ਦਿਸ਼ਾ ਦੇਣ ਦੀ ਕੋਸ਼ਿਸ਼ ਕੀਤੀ ਜਾਵੇਗੀ।
ਵਿਜੈ ਇੰਦਰ ਸਿੰਗਲਾ ਸੰਭਾਲਣਗੇ ਚੋਣ ਪ੍ਰਬੰਧਨ
ਸਾਬਕਾ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੂੰ ਇਲੈਕਸ਼ਨ ਮੈਨੇਜਮੈਂਟ ਐਂਡ ਕੋਆਰਡੀਨੇਸ਼ਨ ਕਮੇਟੀ ਦਾ ਚੇਅਰਪਰਸਨ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸੁਖਜਿੰਦਰ ਸਿੰਘ ਰੰਧਾਵਾ ਨੂੰ ਕੋਰ ਕਮੇਟੀ ਅਤੇ ਡਾ. ਅਮਰ ਸਿੰਘ ਨੂੰ ਮੈਨੀਫੈਸਟੋ ਕਮੇਟੀ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ।
ਤਿੰਨ ਵਰਕਿੰਗ ਪ੍ਰਧਾਨਾਂ ਦਾ ਐਲਾਨ
ਪਾਰਟੀ ਨੇ ਪੰਜਾਬ ਕਾਂਗਰਸ ਵਿੱਚ ਤਿੰਨ ਨਵੇਂ ਵਰਕਿੰਗ ਪ੍ਰਧਾਨ ਵੀ ਨਿਯੁਕਤ ਕੀਤੇ ਹਨ। ਇਨ੍ਹਾਂ ਵਿੱਚ ਸੁਖਵਿੰਦਰ ਸਿੰਘ ਡੈਨੀ, ਰਾਜ ਕੁਮਾਰ ਵੇਰਕਾ ਅਤੇ ਸੰਗਤ ਸਿੰਘ ਗਿਲਜ਼ੀਆਂ ਦੇ ਨਾਮ ਸ਼ਾਮਲ ਹਨ।
ਕਈ ਸੀਨੀਅਰ ਆਗੂਆਂ ਨੂੰ ਮਿਲੀਆਂ ਅਹਿਮ ਜ਼ਿੰਮੇਵਾਰੀਆਂ
ਕੈਂਪੇਨ ਕਮੇਟੀ ਦੇ ਕੋ-ਚੇਅਰਪਰਸਨ ਵਜੋਂ ਸੁਖਪਾਲ ਸਿੰਘ ਖਹਿਰਾ, ਰਾਣਾ ਗੁਰਜੀਤ ਸਿੰਘ ਅਤੇ ਡਾ. ਧਰਮਵੀਰ ਗਾਂਧੀ ਨੂੰ ਨਿਯੁਕਤ ਕੀਤਾ ਗਿਆ ਹੈ। ਇਲੈਕਸ਼ਨ ਮੈਨੇਜਮੈਂਟ ਐਂਡ ਕੋਆਰਡੀਨੇਸ਼ਨ ਕਮੇਟੀ ਵਿੱਚ ਓ.ਪੀ. ਸੋਨੀ, ਰਜ਼ੀਆ ਸੁਲਤਾਨਾ, ਕੁਲਜੀਤ ਸਿੰਘ ਨਾਗਰਾ, ਅੰਗਦ ਸਿੰਘ ਸੈਣੀ ਅਤੇ ਭਾਰਤ ਭੂਸ਼ਣ ਆਸ਼ੂ ਨੂੰ ਕੋ-ਚੇਅਰਪਰਸਨ ਬਣਾਇਆ ਗਿਆ ਹੈ। ਮੈਨੀਫੈਸਟੋ ਕਮੇਟੀ ਵਿੱਚ ਗੁਰਜੀਤ ਸਿੰਘ ਔਜਲਾ, ਪਰਗਟ ਸਿੰਘ, ਹਰਦਿਆਲ ਸਿੰਘ ਕੰਬੋਜ ਅਤੇ ਸੁਖਬਿੰਦਰ ਸਿੰਘ ਸਰਕਾਰੀਆ ਨੂੰ ਵੀ ਸ਼ਾਮਲ ਕੀਤਾ ਗਿਆ ਹੈ।
ਚੋਣੀ ਤਿਆਰੀਆਂ ਨੂੰ ਮਿਲੇਗੀ ਨਵੀਂ ਰਫ਼ਤਾਰ
ਕਾਂਗਰਸ ਦਾ ਮੰਨਣਾ ਹੈ ਕਿ ਇਨ੍ਹਾਂ ਨਿਯੁਕਤੀਆਂ ਨਾਲ ਪਾਰਟੀ ਦਾ ਸੰਗਠਨ ਹੋਰ ਮਜ਼ਬੂਤ ਹੋਵੇਗਾ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਚੋਣੀ ਰਣਨੀਤੀ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾ ਸਕੇਗਾ।
ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਕਾਂਗਰਸ ਨੇ ਤਜਰਬੇਕਾਰ ਆਗੂਆਂ ਦੀ ਮਜ਼ਬੂਤ ਟੀਮ ਤਿਆਰ ਕੀਤੀ ਹੈ, ਜੋ ਪੰਜਾਬ ਦੇ ਲੋਕਾਂ ਲਈ ਇੱਕ ਬਿਹਤਰ ਵਿਕਲਪ ਪੇਸ਼ ਕਰੇਗੀ। ਉਨ੍ਹਾਂ ਕਿਹਾ ਕਿ ਪਾਰਟੀ ਦਾ ਹਰ ਆਗੂ ਅਤੇ ਹਰ ਵਰਕਰ 2027 ਵਿੱਚ ਕਾਂਗਰਸ ਦੀ ਵਾਪਸੀ ਲਈ ਇਕਜੁੱਟ ਹੋ ਕੇ ਕੰਮ ਕਰੇਗਾ।
ਸਿੰਗਲਾ ਨੇ ਵੀ ਜਤਾਇਆ ਧੰਨਵਾਦ
ਵਿਜੈ ਇੰਦਰ ਸਿੰਗਲਾ ਨੇ ਚੋਣ ਪ੍ਰਬੰਧਨ ਅਤੇ ਤਾਲਮੇਲ ਕਮੇਟੀ ਦੀ ਕਮਾਨ ਸੌਂਪਣ ਲਈ ਪਾਰਟੀ ਹਾਈਕਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਸੂਬੇ ਭਰ ਵਿੱਚ ਸੰਗਠਨ ਨੂੰ ਮਜ਼ਬੂਤ ਕਰਨ, ਬਿਹਤਰ ਤਾਲਮੇਲ ਬਣਾਉਣ ਅਤੇ ਚੋਣੀ ਢਾਂਚੇ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਪੂਰੀ ਨਿਸ਼ਠਾ ਨਾਲ ਕੰਮ ਕਰਨਗੇ।