ਅਕਾਲ ਤਖ਼ਤ ਦੇ ਹੁਕਮਾਂ ਦੇ ਸਮਰਥਨ ‘ਚ SGPC ਦਾ ਵੱਡਾ ਐਲਾਨ, 5 ਜੁਲਾਈ ਨੂੰ ਪੰਥਕ ਇਕੱਠ; CM ਮਾਨ ਖ਼ਿਲਾਫ਼ ਕਾਨੂੰਨੀ ਕਾਰਵਾਈ ਦੀ ਗੱਲ
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਬੰਧੀ ਜਾਰੀ ਕੀਤੇ ਗਏ ਆਦੇਸ਼ਾਂ ਦੇ ਮੱਦੇਨਜ਼ਰ 5 ਜੁਲਾਈ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ, ਅੰਮ੍ਰਿਤਸਰ ਵਿਖੇ ਵਿਸ਼ਾਲ ਪੰਥਕ ਇਕੱਠ ਸੱਦਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਸੂਬੇ ਦੇ ਹਰ ਹਲਕੇ ਵਿੱਚ ਜਾਗਰੂਕਤਾ ਅਤੇ ਪ੍ਰਚਾਰ ਮੁਹਿੰਮ ਚਲਾਉਣ ਦਾ ਵੀ ਫੈਸਲਾ ਕੀਤਾ ਗਿਆ ਹੈ।

ਹਰ ਹਲਕੇ ਵਿੱਚ ਚਲਾਈ ਜਾਵੇਗੀ ਪ੍ਰਚਾਰ ਮੁਹਿੰਮ
ਐਸਜੀਪੀਸੀ ਅਨੁਸਾਰ, ਪ੍ਰਚਾਰਕ ਜਥਿਆਂ ਰਾਹੀਂ ਸੰਗਤਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਤੋਂ ਜਾਣੂ ਕਰਵਾਇਆ ਜਾਵੇਗਾ। ਜਿੱਥੇ ਵੀ ਧਾਰਮਿਕ ਪ੍ਰਚਾਰ ਲਈ ਜਥੇ ਜਾਣਗੇ, ਉੱਥੇ ਸੰਗਤ ਨੂੰ ਅਕਾਲ ਤਖ਼ਤ ਦੇ ਫ਼ੈਸਲਿਆਂ ਪ੍ਰਤੀ ਦ੍ਰਿੜ੍ਹ ਰਹਿਣ ਲਈ ਵੀ ਪ੍ਰੇਰਿਤ ਕੀਤਾ ਜਾਵੇਗਾ।

ਜਥੇਦਾਰ ਗੜਗੱਜ ਦਾ ਬਿਆਨ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖ ਕੌਮ ਦੀ ਸਰਵਉੱਚ ਸੰਸਥਾ ਹੈ ਅਤੇ ਇਸ ਵੱਲੋਂ ਜਾਰੀ ਹੁਕਮਾਂ ਦੀ ਪਾਲਣਾ ਕਰਨਾ ਹਰ ਸਿੱਖ ਦਾ ਫ਼ਰਜ਼ ਹੈ। ਉਨ੍ਹਾਂ ਕਿਹਾ ਕਿ ਅਕਾਲ ਤਖ਼ਤ ਦੇ ਫ਼ੈਸਲਿਆਂ ਨੂੰ ਚੁਣੌਤੀ ਦੇਣਾ ਸਿੱਖ ਸੰਸਥਾਵਾਂ ਪ੍ਰਤੀ ਗਲਤ ਸੋਚ ਨੂੰ ਦਰਸਾਉਂਦਾ ਹੈ।

ਧਾਮੀ ਨੇ ਸਰਕਾਰ ‘ਤੇ ਲਗਾਏ ਦੋਸ਼
ਐਸਜੀਪੀਸੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੀ ਜ਼ਿੰਮੇਵਾਰੀ ਹੈ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਬਾਰੇ ਸੰਗਤ ਨੂੰ ਜਾਣੂ ਕਰਵਾਏ। ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ਪੰਥਕ ਸੰਸਥਾਵਾਂ ਨੂੰ ਨਿਸ਼ਾਨਾ ਬਣਾਉਣ ਵਾਲੀ ਰਹੀ ਹੈ ਅਤੇ ਮੁੱਖ ਮੰਤਰੀ ਵੱਲੋਂ ਕੀਤੀ ਗਈ ਬਿਆਨਬਾਜ਼ੀ ਇਸ ਗੱਲ ਨੂੰ ਦਰਸਾਉਂਦੀ ਹੈ।

ਕਾਨੂੰਨੀ ਕਾਰਵਾਈ ਦੀ ਵੀ ਗੱਲ
ਐਸਜੀਪੀਸੀ ਨੇ ਦਾਅਵਾ ਕੀਤਾ ਕਿ ਮੁੱਖ ਮੰਤਰੀ ਵੱਲੋਂ ਇਸ ਮਾਮਲੇ ‘ਤੇ ਹੁਣ ਤੱਕ ਕੋਈ ਸੰਤੁਸ਼ਟੀਜਨਕ ਅਤੇ ਤੱਥਾਂ ‘ਤੇ ਆਧਾਰਿਤ ਸਪੱਸ਼ਟੀਕਰਨ ਨਹੀਂ ਦਿੱਤਾ ਗਿਆ। ਇਸ ਲਈ ਕਮੇਟੀ ਨੇ ਕਿਹਾ ਹੈ ਕਿ ਮੁੱਖ ਮੰਤਰੀ ਅਤੇ ਹੋਰ ਸਬੰਧਤ ਵਿਅਕਤੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਜਾਵੇਗੀ। ਇਸ ਸਬੰਧੀ ਐਸਜੀਪੀਸੀ ਦੀ ਅੰਤ੍ਰਿੰਗ ਕਮੇਟੀ ਦਾ ਇੱਕ ਵਫ਼ਦ ਪੰਜਾਬ ਦੇ ਡੀਜੀਪੀ ਨਾਲ ਮੁਲਾਕਾਤ ਕਰੇਗਾ।
ਜਾਅਲੀ ਰਿਪੋਰਟ ਤਿਆਰ ਕਰਵਾਉਣ ਦੇ ਦੋਸ਼
ਹਰਜਿੰਦਰ ਸਿੰਘ ਧਾਮੀ ਨੇ ਇਹ ਵੀ ਦੋਸ਼ ਲਗਾਇਆ ਕਿ ਮੁੱਖ ਮੰਤਰੀ ਨੇ ਆਪਣੇ ਪੱਖ ਨੂੰ ਸਹੀ ਸਾਬਤ ਕਰਨ ਲਈ ਗੁਰੂਗ੍ਰਾਮ ਦੀ ਇੱਕ ਲੈਬ ਤੋਂ ਕਥਿਤ ਤੌਰ ‘ਤੇ ਜਾਅਲੀ ਰਿਪੋਰਟ ਤਿਆਰ ਕਰਵਾਈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਨਾਲ ਜੁੜੇ ਵਿਅਕਤੀ ਵੱਲੋਂ ਵੀ ਮੀਡੀਆ ਵਿੱਚ ਬਿਆਨ ਦਿੱਤਾ ਗਿਆ ਹੈ ਅਤੇ ਹਰਿਆਣਾ ਪੁਲਿਸ ਕੋਲ ਐਫਆਈਆਰ ਦਰਜ ਹੋਣ ਦਾ ਵੀ ਦਾਅਵਾ ਕੀਤਾ ਗਿਆ।
ਪੰਥਕ ਸੰਸਥਾਵਾਂ ਨੂੰ ਕੀਤੀ ਅਪੀਲ
ਐਸਜੀਪੀਸੀ ਨੇ ਸਮੂਹ ਸਿੱਖ ਸੰਸਥਾਵਾਂ, ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਧਾਰਮਿਕ ਜਥੇਬੰਦੀਆਂ ਅਤੇ ਸੰਗਤ ਨੂੰ ਅਪੀਲ ਕੀਤੀ ਹੈ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਗੁਰੂ-ਮਰਿਆਦਾ ਦੀ ਰੱਖਿਆ ਲਈ ਇਕਜੁੱਟ ਹੋਣ ਅਤੇ ਉਸ ਦੇ ਆਦੇਸ਼ਾਂ ਅਨੁਸਾਰ ਕੰਮ ਕਰਨ।