ਜਾਨੀ ਦੇ ਗੀਤ ‘Apsraa-2’ ਨੂੰ ਲੈ ਕੇ ਵਿਵਾਦ, ਈਸਾਈ ਭਾਈਚਾਰੇ ਨੇ ਚੁੱਕੇ ਸਵਾਲ
ਜਲੰਧਰ: ਪੰਜਾਬੀ ਗਾਇਕ ਤੇ ਗੀਤਕਾਰ ਜਾਨੀ ਵੱਲੋਂ ਹਾਲ ਹੀ ਵਿੱਚ ਰਿਲੀਜ਼ ਕੀਤਾ ਗਿਆ ਨਵਾਂ ਗੀਤ ‘Apsraa-2’ ਵਿਵਾਦਾਂ ਵਿੱਚ ਘਿਰ ਗਿਆ ਹੈ। ਗੀਤ ਦੇ ਕੁਝ ਬੋਲਾਂ ਨੂੰ ਲੈ ਕੇ ਈਸਾਈ ਭਾਈਚਾਰੇ ਵੱਲੋਂ ਐਤਰਾਜ਼ ਜਤਾਇਆ ਗਿਆ ਹੈ। ਮਾਮਲੇ ਸਬੰਧੀ ਜਲੰਧਰ ਵਿੱਚ ਈਸਾਈ ਭਾਈਚਾਰੇ ਦੇ ਆਗੂਆਂ ਨੇ ਪੁਲਿਸ ਕਮਿਸ਼ਨਰ ਨੂੰ ਸ਼ਿਕਾਇਤ ਦਿੱਤੀ ਹੈ। ਆਗੂਆਂ ਦਾ ਕਹਿਣਾ ਹੈ ਕਿ ਗੀਤ ਵਿੱਚ ਚਰਚ ਅਤੇ ਧਾਰਮਿਕ ਭਾਵਨਾਵਾਂ ਨਾਲ ਜੁੜੀਆਂ ਲਾਈਨਾਂ ਵਰਤੀ ਗਈਆਂ ਹਨ, ਜਿਨ੍ਹਾਂ ਨਾਲ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ।

ਸ਼ਿਕਾਇਤ ਵਿੱਚ ਦੱਸਿਆ ਗਿਆ ਕਿ ਗੀਤ ਦੀਆਂ ਕੁਝ ਲਾਈਨਾਂ ਵਿੱਚ ਚਰਚ ਅੰਦਰ ਮੋਮਬੱਤੀਆਂ ਜਗਾਉਣ ਅਤੇ ਚਰਚ ਨਾਲ ਜੁੜੇ ਦ੍ਰਿਸ਼ਾਂ ਦਾ ਜ਼ਿਕਰ ਕੀਤਾ ਗਿਆ ਹੈ, ਜਿਸਨੂੰ ਭਾਈਚਾਰੇ ਵੱਲੋਂ ਅਪੱਤੀਜਨਕ ਮੰਨਿਆ ਜਾ ਰਿਹਾ ਹੈ। ਇਸ ਤੋਂ ਬਾਅਦ ਆਗੂ ਪੁਲਿਸ ਕਮਿਸ਼ਨਰ ਦਫਤਰ ਪਹੁੰਚੇ ਅਤੇ ਗਾਇਕ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ।

ਈਸਾਈ ਭਾਈਚਾਰੇ ਦੇ ਪ੍ਰਤੀਨਿਧੀਆਂ ਨੇ ਕਿਹਾ ਕਿ ਇਸ ਤਰ੍ਹਾਂ ਦੇ ਗੀਤਾਂ ਨਾਲ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੈ ਅਤੇ ਇਸ ਲਈ ਪ੍ਰਸ਼ਾਸਨ ਨੂੰ ਤੁਰੰਤ ਕਾਰਵਾਈ ਕਰਨੀ ਚਾਹੀਦੀ ਹੈ, ਤਾਂ ਜੋ ਭਵਿੱਖ ਵਿੱਚ ਕੋਈ ਵੀ ਕਲਾਕਾਰ ਕਿਸੇ ਵੀ ਧਰਮ ਨਾਲ ਜੁੜੀਆਂ ਭਾਵਨਾਵਾਂ ਨੂੰ ਠੇਸ ਨਾ ਪਹੁੰਚਾਵੇ।
ਉਨ੍ਹਾਂ ਨੇ ਇਹ ਵੀ ਚੇਤਾਵਨੀ ਦਿੱਤੀ ਕਿ ਜੇਕਰ ਕਾਰਵਾਈ ਨਾ ਹੋਈ ਤਾਂ ਆਉਣ ਵਾਲੇ ਸਮੇਂ ਵਿੱਚ ਵੱਡਾ ਰੋਸ ਪ੍ਰਦਰਸ਼ਨ ਕੀਤਾ ਜਾ ਸਕਦਾ ਹੈ।