ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ‘ਤੇ ਰੇਲ ਆਵਾਜਾਈ ਪ੍ਰਭਾਵਿਤ ਹੋਣ ਦੀ ਸੰਭਾਵਨਾ
ਖੰਨਾ/ਫਤਹਿਗੜ੍ਹ ਸਾਹਿਬ: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਕੌਮੀ ਇਨਸਾਫ਼ ਮੋਰਚੇ ਵੱਲੋਂ ਸ਼ਨੀਵਾਰ ਨੂੰ ਫਤਹਿਗੜ੍ਹ ਸਾਹਿਬ ਦੇ ਸਰਹਿੰਦ ਮਾਧੋਪੁਰ ਇਲਾਕੇ ਵਿੱਚ ਰੇਲ ਰੋਕੋ ਅੰਦੋਲਨ ਸ਼ੁਰੂ ਕੀਤਾ ਗਿਆ। ਇਸ ਪ੍ਰਦਰਸ਼ਨ ਵਿੱਚ ਵੱਖ-ਵੱਖ ਪੰਥਕ, ਸਮਾਜਿਕ ਅਤੇ ਕਿਸਾਨ ਜਥੇਬੰਦੀਆਂ ਦੇ ਨੁਮਾਇੰਦੇ ਅਤੇ ਵੱਡੀ ਗਿਣਤੀ ਵਿੱਚ ਸੰਗਤ ਸ਼ਾਮਲ ਹੋਈ। ਸਵੇਰ ਤੋਂ ਹੀ ਸੰਗਤ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਇਕੱਠੀ ਹੋਈ, ਜਿੱਥੋਂ ਮਾਰਚ ਦੇ ਰੂਪ ਵਿੱਚ ਪ੍ਰਦਰਸ਼ਨਕਾਰੀ ਮਾਧੋਪੁਰ ਚੌਂਕ ਵੱਲ ਰਵਾਨਾ ਹੋਏ। ਬਾਅਦ ਵਿੱਚ ਉਹ ਅੰਬਾਲਾ–ਲੁਧਿਆਣਾ ਰੇਲਵੇ ਟਰੈਕ ‘ਤੇ ਪਹੁੰਚ ਕੇ ਧਰਨੇ ‘ਤੇ ਬੈਠ ਗਏ।

ਮੋਰਚੇ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਧਰਨਾ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਜਾਰੀ ਰਹੇਗਾ। ਇਸ ਕਾਰਨ ਰੇਲ ਆਵਾਜਾਈ ਪ੍ਰਭਾਵਿਤ ਹੋਣ ਦੀ ਸੰਭਾਵਨਾ ਬਣੀ ਹੋਈ ਹੈ। ਧਰਨੇ ਦੌਰਾਨ ਪ੍ਰਦਰਸ਼ਨਕਾਰੀਆਂ ਵੱਲੋਂ ਸਰਕਾਰਾਂ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ ਗਈ। ਮੋਰਚੇ ਦੇ ਆਗੂਆਂ ਨੇ ਕਿਹਾ ਕਿ ਜਿਨ੍ਹਾਂ ਬੰਦੀ ਸਿੰਘਾਂ ਨੇ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਲਈਆਂ ਹਨ, ਉਨ੍ਹਾਂ ਨੂੰ ਰਿਹਾਅ ਨਾ ਕਰਨਾ ਇਨਸਾਫ਼ ਦੇ ਅਸੂਲਾਂ ਦੇ ਖ਼ਿਲਾਫ਼ ਹੈ। ਉਨ੍ਹਾਂ ਨੇ ਜਗਤਾਰ ਸਿੰਘ ਹਵਾਰਾ, ਬਲਵੰਤ ਸਿੰਘ ਰਾਜੋਆਣਾ, ਜਗਤਾਰ ਸਿੰਘ ਤਾਰਾ, ਪਰਮਜੀਤ ਸਿੰਘ ਭਿਓਰਾ ਅਤੇ ਅੰਮ੍ਰਿਤਪਾਲ ਸਿੰਘ ਸਮੇਤ ਹੋਰ ਕੈਦੀਆਂ ਦੀ ਰਿਹਾਈ ਦੀ ਮੰਗ ਰੱਖੀ। ਇਸ ਦੇ ਨਾਲ ਹੀ ਕਰੀਬ 20 ਹਜ਼ਾਰ ਸਿੱਖਾਂ ਦੇ ਨਾਮ ਕਾਲੀ ਸੂਚੀ ਵਿੱਚੋਂ ਹਟਾਉਣ ਦੀ ਵੀ ਮੰਗ ਕੀਤੀ ਗਈ। ਉਨ੍ਹਾਂ ਨੇ ਦੋਸ਼ ਲਗਾਇਆ ਕਿ ਕੇਂਦਰ ਅਤੇ ਪੰਜਾਬ ਸਰਕਾਰ ਇਸ ਮਾਮਲੇ ‘ਤੇ ਲਗਾਤਾਰ ਉਦਾਸੀਨ ਰਵੱਈਆ ਅਪਣਾ ਰਹੀਆਂ ਹਨ, ਜਿਸ ਕਾਰਨ ਸਿੱਖ ਭਾਈਚਾਰੇ ਵਿੱਚ ਰੋਸ ਪਾਇਆ ਜਾ ਰਿਹਾ ਹੈ। ਦੂਜੇ ਪਾਸੇ, ਪ੍ਰਸ਼ਾਸਨ ਵੱਲੋਂ ਮੌਕੇ ‘ਤੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਰੇਲਵੇ ਟਰੈਕ ਅਤੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ ਅਤੇ ਸੀਨੀਅਰ ਅਧਿਕਾਰੀ ਸਥਿਤੀ ‘ਤੇ ਨਜ਼ਰ ਰੱਖ ਰਹੇ ਹਨ ਤਾਂ ਜੋ ਕਾਨੂੰਨ-ਵਿਵਸਥਾ ਬਣੀ ਰਹੇ।ਇਸ ਦੌਰਾਨ ਆਗੂਆਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸ਼ਾਂਤਮਈ ਅਤੇ ਲੋਕਤੰਤਰੀ ਢੰਗ ਨਾਲ ਆਪਣੀ ਆਵਾਜ਼ ਬੁਲੰਦ ਕਰਨ। ਫਿਲਹਾਲ ਧਰਨਾ ਜਾਰੀ ਹੈ ਅਤੇ ਸੰਗਤ ਦੀ ਆਮਦ ਵੀ ਲਗਾਤਾਰ ਬਣੀ ਹੋਈ ਹੈ।