ਸਕੂਲਾਂ ‘ਚ ਥਿਊਰੀ ਸਿਸਟਮ ਖਤਮ, ਜਲਦ ਸ਼ੁਰੂ ਹੋਵੇਗੀ AI ਸਿੱਖਿਆ: ਹਰਜੋਤ ਬੈਂਸ
ਬਰਨਾਲਾ: ਪੰਜਾਬ ਸਕੂਲ ਸਿੱਖਿਆ ਬੋਰਡ ਅਤੇ CBSE 12ਵੀਂ ਜਮਾਤ ਵਿੱਚ 90 ਫੀਸਦ ਤੋਂ ਵੱਧ ਅੰਕ ਲੈਣ ਵਾਲੇ ਵਿਦਿਆਰਥੀਆਂ ਨੂੰ ਬਰਨਾਲਾ ਵਿਖੇ ਇਕ ਵਿਸ਼ੇਸ਼ ਸਮਾਰੋਹ ਦੌਰਾਨ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਵਿਦਿਆਰਥੀਆਂ ਨਾਲ ਮੁਲਾਕਾਤ ਕੀਤੀ ਅਤੇ ਸਿੱਖਿਆ ਪ੍ਰਣਾਲੀ ਬਾਰੇ ਉਨ੍ਹਾਂ ਦੇ ਸੁਝਾਅ ਵੀ ਸੁਣੇ।

ਸਮਾਰੋਹ ਦੌਰਾਨ ਸਿੱਖਿਆ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਸਿੱਖਿਆ ਪ੍ਰਣਾਲੀ ਨੂੰ ਰਵਾਇਤੀ ਥਿਊਰੀ ਤੋਂ ਹਟਾ ਕੇ ਜ਼ਿਆਦਾ ਪ੍ਰੈਕਟੀਕਲ ਅਤੇ ਆਧੁਨਿਕ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮਕਸਦ ਹੈ ਕਿ ਵਿਦਿਆਰਥੀਆਂ ਨੂੰ ਅਜਿਹੀ ਸਿੱਖਿਆ ਦਿੱਤੀ ਜਾਵੇ ਜੋ ਉਨ੍ਹਾਂ ਨੂੰ ਗਲੋਬਲ ਪੱਧਰ ‘ਤੇ ਮੁਕਾਬਲੇ ਯੋਗ ਬਣਾਏ। ਉਨ੍ਹਾਂ ਨੇ ਇਹ ਵੀ ਐਲਾਨ ਕੀਤਾ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ Artificial Intelligence (AI) ਆਧਾਰਿਤ ਸਿੱਖਿਆ ਸ਼ੁਰੂ ਕੀਤੀ ਜਾਵੇਗੀ। ਇਸ ਨਾਲ ਵਿਦਿਆਰਥੀਆਂ ਨੂੰ ਆਧੁਨਿਕ ਟੈਕਨੋਲੋਜੀ ਨਾਲ ਜੋੜ ਕੇ ਨਵੀਆਂ ਰੁਜ਼ਗਾਰ ਮੌਕਿਆਂ ਲਈ ਤਿਆਰ ਕੀਤਾ ਜਾਵੇਗਾ।

ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ ਬਾਰੇ ਬੋਲਦਿਆਂ ਸਿੱਖਿਆ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਫੀਸ ਵਾਧੇ ‘ਤੇ ਲਗਾਮ ਲਗਾਉਣ ਲਈ ਨਵਾਂ ਨਿਯਮ ਲਿਆਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਨਿਯਮਾਂ ਅਨੁਸਾਰ ਫੀਸ ਵਾਧੇ ਦੀ ਹੱਦ ਤੈਅ ਕੀਤੀ ਜਾਵੇਗੀ ਅਤੇ ਜਿਨ੍ਹਾਂ ਸਕੂਲਾਂ ਨੇ ਪਿਛਲੇ ਸਾਲਾਂ ਵਿੱਚ ਵੱਧ ਫੀਸ ਵਸੂਲੀ ਹੈ, ਉਨ੍ਹਾਂ ਖ਼ਿਲਾਫ਼ ਕਾਰਵਾਈ ਹੋਵੇਗੀ।
ਉਨ੍ਹਾਂ ਕਿਹਾ ਕਿ ਸਰਕਾਰ ਸਿੱਖਿਆ ਦੇ ਵਪਾਰੀਕਰਨ ਦੇ ਖ਼ਿਲਾਫ਼ ਹੈ, ਪਰ ਹਰ ਬੱਚੇ ਨੂੰ ਸਸਤੀ ਅਤੇ ਗੁਣਵੱਤਾ ਵਾਲੀ ਸਿੱਖਿਆ ਮਿਲਣੀ ਚਾਹੀਦੀ ਹੈ। ਸਰਕਾਰੀ ਸਕੂਲਾਂ ਵਿੱਚ ਪ੍ਰਿੰਸੀਪਲਾਂ ਦੀ ਕਮੀ ਬਾਰੇ ਪੁੱਛੇ ਸਵਾਲ ‘ਤੇ ਉਨ੍ਹਾਂ ਦੱਸਿਆ ਕਿ ਕਈ ਅਸਾਮੀਆਂ ਭਰਨ ਦੀ ਪ੍ਰਕਿਰਿਆ ਅਦਾਲਤੀ ਰੋਕ ਕਾਰਨ ਰੁਕੀ ਹੋਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਇਸ ਰੋਕ ਨੂੰ ਹਟਾਉਣ ਲਈ ਕਾਨੂੰਨੀ ਪ੍ਰਕਿਰਿਆ ਜਾਰੀ ਰੱਖੇ ਹੋਏ ਹੈ ਅਤੇ ਰੁਕੀ ਹੋਈਆਂ ਭਰਤੀਆਂ ਤੇ ਪ੍ਰਮੋਸ਼ਨਾਂ ਜਲਦ ਕੀਤੀਆਂ ਜਾਣਗੀਆਂ।

ਇਸ ਮੌਕੇ ਮੈਰਿਟ ਵਿੱਚ ਆਏ ਵਿਦਿਆਰਥੀਆਂ ਨੇ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਇਸ ਤਰ੍ਹਾਂ ਦੇ ਸਮਾਗਮ ਉਨ੍ਹਾਂ ਲਈ ਹੌਸਲਾ ਅਫਜ਼ਾਈ ਦਾ ਸਰੋਤ ਹਨ ਅਤੇ ਸਿੱਖਿਆ ਪ੍ਰਣਾਲੀ ਵਿੱਚ ਸੁਧਾਰ ਲਈ ਇਹ ਕਦਮ ਮਹੱਤਵਪੂਰਨ ਹਨ।