ਪੰਜਾਬ ਪਹੁੰਚੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ, ‘ਆਪ’ ਸਰਕਾਰ ‘ਤੇ ਸਾਧਿਆ ਨਿਸ਼ਾਨਾ
ਪੰਜਾਬ ਪਹੁੰਚੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ, ‘ਆਪ’ ਸਰਕਾਰ ‘ਤੇ ਸਾਧਿਆ ਨਿਸ਼ਾਨਾ
ਪਠਾਨਕੋਟ: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪਠਾਨਕੋਟ ਦੇ ਸੁਜਾਨਪੁਰ ਦੌਰੇ ਦੌਰਾਨ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ‘ਤੇ ਤਿੱਖੇ ਸਿਆਸੀ ਹਮਲੇ ਕੀਤੇ। ਉਨ੍ਹਾਂ ਦੋਸ਼ ਲਾਇਆ ਕਿ ਆਪਣੇ ਆਪ ਨੂੰ “ਕੱਟੜ ਇਮਾਨਦਾਰ” ਕਹਿਣ ਵਾਲੀ ਸਰਕਾਰ ਅੱਜ ਲੋਕਾਂ ਸਾਹਮਣੇ ਬੇਨਕਾਬ ਹੋ ਚੁੱਕੀ ਹੈ ਅਤੇ ਚਾਰ ਸਾਲਾਂ ਵਿੱਚ ਲੋਕਾਂ ਦੀਆਂ ਉਮੀਦਾਂ ‘ਤੇ ਖਰੀ ਨਹੀਂ ਉਤਰੀ।
ਪਹਿਲਾਂ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਨੂੰ ਭੇਂਟ ਕੀਤੀ ਸ਼ਰਧਾਂਜਲੀ
ਮੁੱਖ ਮੰਤਰੀ ਸੈਣੀ ਨੇ ਆਪਣੇ ਦੌਰੇ ਦੀ ਸ਼ੁਰੂਆਤ ਮਾਧੋਪੁਰ ਸਥਿਤ “ਏਕਤਾ ਸਥਾਨ” ਵਿਖੇ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਨੂੰ ਸ਼ਰਧਾਂਜਲੀ ਭੇਂਟ ਕਰਕੇ ਕੀਤੀ। ਇਸ ਤੋਂ ਬਾਅਦ ਉਹ ਸੁਜਾਨਪੁਰ ਦੇ ਆਰ.ਐਸ. ਗਾਰਡਨ ਵਿਖੇ ਕਰਵਾਈ ਗਈ ਜਨ ਸਭਾ ਨੂੰ ਸੰਬੋਧਨ ਕਰਨ ਪਹੁੰਚੇ।
“ਪੰਜਾਬ ਨੂੰ ਦੇਖ ਕੇ ਰਾਜਨੀਤੀ ਨਹੀਂ, ਦਰਦ ਮਹਿਸੂਸ ਹੁੰਦਾ ਹੈ”
ਸੈਣੀ ਨੇ ਕਿਹਾ ਕਿ ਪੰਜਾਬ ਦੀ ਮੌਜੂਦਾ ਸਥਿਤੀ ਚਿੰਤਾਜਨਕ ਹੈ। ਉਨ੍ਹਾਂ ਦਾਅਵਾ ਕੀਤਾ ਕਿ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੀ ਬਜਾਏ ਨਸ਼ਿਆਂ ਵੱਲ ਧੱਕਿਆ ਗਿਆ ਹੈ, ਜਿਸ ਕਾਰਨ ਵੱਡੀ ਗਿਣਤੀ ਵਿੱਚ ਨੌਜਵਾਨ ਵਿਦੇਸ਼ਾਂ ਦਾ ਰੁਖ ਕਰ ਰਹੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਕਿਸਾਨਾਂ ਨੂੰ ਫ਼ਸਲਾਂ ਦੇ ਵਾਜਬ ਭਾਅ ਨਹੀਂ ਮਿਲ ਰਹੇ, ਜਦਕਿ ਹਰਿਆਣਾ ਵਿੱਚ ਸਰਕਾਰ ਵੱਲੋਂ ਘੱਟੋ-ਘੱਟ ਸਮਰਥਨ ਮੁੱਲ (MSP) ‘ਤੇ ਫ਼ਸਲਾਂ ਦੀ ਖਰੀਦ ਕੀਤੀ ਜਾ ਰਹੀ ਹੈ।
ਭਾਜਪਾ ਦੀ ਗੱਲ ਕਰਦਿਆਂ ਸੈਣੀ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਪੰਜਾਬ ਵਿੱਚ ਸੱਤਾ ਲਈ ਨਹੀਂ, ਸਗੋਂ ਸੇਵਾ ਕਰਨ ਲਈ ਲੋਕਾਂ ਦਾ ਸਮਰਥਨ ਮੰਗ ਰਹੀ ਹੈ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਲੋਕਾਂ ਦੇ ਆਸ਼ੀਰਵਾਦ ਨਾਲ ਭਾਜਪਾ ਪੰਜਾਬ ਵਿੱਚ ਸਰਕਾਰ ਬਣਾਏਗੀ ਅਤੇ ਸੂਬੇ ਨੂੰ ਮੁੜ “ਰੰਗਲਾ ਪੰਜਾਬ” ਬਣਾਉਣ ਦਾ ਕੰਮ ਕਰੇਗੀ। ਮੁੱਖ ਮੰਤਰੀ ਨੇ ਕਿਹਾ ਕਿ 2022 ਦੀਆਂ ਚੋਣਾਂ ਦੌਰਾਨ ਪੰਜਾਬ ਸਰਕਾਰ ਨੇ ਹਰ ਮਹਿਲਾ ਨੂੰ ਹਰ ਮਹੀਨੇ 1,000 ਰੁਪਏ ਦੇਣ ਦਾ ਵਾਅਦਾ ਕੀਤਾ ਸੀ, ਪਰ ਚਾਰ ਸਾਲ ਬੀਤਣ ਦੇ ਬਾਵਜੂਦ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਵੀ ਪੂਰੀ ਨਹੀਂ ਹੋ ਸਕੀ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਨੇ ਲੋਕਾਂ ਨੂੰ ਸਿਰਫ਼ ਭਰੋਸੇ ਦਿੱਤੇ, ਜਿਨ੍ਹਾਂ ਨੂੰ ਅਮਲੀ ਰੂਪ ਨਹੀਂ ਦਿੱਤਾ ਗਿਆ। ਇਸ ਦੇ ਉਲਟ ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਨੇ ਆਪਣੇ ਪਹਿਲੇ ਬਜਟ ਵਿੱਚ ਮਹਿਲਾਵਾਂ ਲਈ 5,000 ਕਰੋੜ ਰੁਪਏ ਦਾ ਪ੍ਰਬੰਧ ਕੀਤਾ ਅਤੇ ਪਹਿਲੇ ਸਾਲ ਵਿੱਚ ਹੀ 1,600 ਕਰੋੜ ਰੁਪਏ ਸਿੱਧੇ ਲਾਭਪਾਤਰੀਆਂ ਦੇ ਖਾਤਿਆਂ ਵਿੱਚ ਭੇਜੇ।ਸੈਣੀ ਨੇ ਦਾਅਵਾ ਕੀਤਾ ਕਿ ਭਾਜਪਾ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਦੌਰਾਨ 217 ਵਾਅਦੇ ਕੀਤੇ ਸਨ, ਜਿਨ੍ਹਾਂ ਵਿੱਚੋਂ 66 ਵਾਅਦੇ ਪਹਿਲੇ ਹੀ ਸਾਲ ਵਿੱਚ ਪੂਰੇ ਕਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਵੀ ਭਾਜਪਾ ਸਰਕਾਰ ਬਣਨ ‘ਤੇ ਹਰ ਵਾਅਦਾ ਨਿਭਾਇਆ ਜਾਵੇਗਾ। ਮੁੱਖ ਮੰਤਰੀ ਨੇ ਦੱਸਿਆ ਕਿ ਭਾਜਪਾ ਸਰਕਾਰ ਦੇ ਚੋਣੀ ਵਾਅਦਿਆਂ ਵਿੱਚੋਂ ਇੱਕ ਗੁਰਦੇ ਦੇ ਮਰੀਜ਼ਾਂ ਲਈ ਮੁਫ਼ਤ ਡਾਇਲਸਿਸ ਦੀ ਸਹੂਲਤ ਸੀ। ਉਨ੍ਹਾਂ ਕਿਹਾ ਕਿ ਅੱਜ ਹਰਿਆਣਾ ਦੇ ਸਾਰੇ ਗੁਰਦੇ ਦੇ ਮਰੀਜ਼ਾਂ ਨੂੰ ਸਰਕਾਰੀ ਖ਼ਰਚੇ ‘ਤੇ ਡਾਇਲਸਿਸ ਦੀ ਸਹੂਲਤ ਦਿੱਤੀ ਜਾ ਰਹੀ ਹੈ। ਆਮ ਆਦਮੀ ਪਾਰਟੀ ‘ਤੇ ਨਿਸ਼ਾਨਾ ਸਾਧਦਿਆਂ ਸੈਣੀ ਨੇ ਕਿਹਾ ਕਿ ਜਿਸ ਪਾਰਟੀ ਨੇ ਆਪਣੇ ਆਪ ਨੂੰ ਕੱਟੜ ਇਮਾਨਦਾਰ ਦੱਸਿਆ ਸੀ, ਉਹ ਅੱਜ ਲੋਕਾਂ ਦੇ ਸਾਹਮਣੇ ਬੇਨਕਾਬ ਹੋ ਚੁੱਕੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਪਿਛਲੇ ਚਾਰ ਸਾਲਾਂ ਵਿੱਚ ਸਰਕਾਰ ਨੇ ਸੂਬੇ ਦੀ ਬਜਾਏ ਆਪਣਾ ਹੀ ਵਿਕਾਸ ਕੀਤਾ ਹੈ ਅਤੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ। ਸੈਣੀ ਨੇ ਆਪਣੇ ਸੰਬੋਧਨ ਦੌਰਾਨ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਦੇ ਯੋਗਦਾਨ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਜੰਮੂ-ਕਸ਼ਮੀਰ ਵਿੱਚ ਵੱਖਰੀ ਪਰਮਿਟ ਪ੍ਰਣਾਲੀ ਅਤੇ “ਇੱਕ ਦੇਸ਼ ਵਿੱਚ ਦੋ ਵਿਧਾਨ, ਦੋ ਨਿਸ਼ਾਨ ਅਤੇ ਦੋ ਪ੍ਰਧਾਨ” ਦੀ ਪ੍ਰਥਾ ਦਾ ਵਿਰੋਧ ਕੀਤਾ ਸੀ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਇਸ ਪ੍ਰਣਾਲੀ ਨੂੰ ਖਤਮ ਕਰਕੇ ਉਨ੍ਹਾਂ ਦੇ ਸੁਪਨੇ ਨੂੰ ਸਾਕਾਰ ਕੀਤਾ ਗਿਆ।
ਕੇਂਦਰ ਅਤੇ ਹਰਿਆਣਾ ਸਰਕਾਰ ਦੀਆਂ ਯੋਜਨਾਵਾਂ ਦਾ ਕੀਤਾ ਜ਼ਿਕਰ
ਸਮਾਗਮ ਨੂੰ ਸੰਬੋਧਨ ਕਰਦਿਆਂ ਸੈਣੀ ਨੇ ਕੇਂਦਰ ਅਤੇ ਹਰਿਆਣਾ ਸਰਕਾਰ ਦੀਆਂ ਉਪਲਬਧੀਆਂ ਵੀ ਗਿਣਾਈਆਂ। ਉਨ੍ਹਾਂ ਦੱਸਿਆ ਕਿ ਹਰਿਆਣਾ ਵਿੱਚ 17 ਮੈਡੀਕਲ ਕਾਲਜ ਸਥਾਪਿਤ ਕੀਤੇ ਗਏ ਹਨ ਅਤੇ ਸਿਹਤ ਖੇਤਰ ਵਿੱਚ ਕਈ ਮਹੱਤਵਪੂਰਨ ਯੋਜਨਾਵਾਂ ਲਾਗੂ ਕੀਤੀਆਂ ਗਈਆਂ ਹਨ।ਉਨ੍ਹਾਂ ਇਹ ਵੀ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਸਿਹਤ ਯੋਜਨਾਵਾਂ ਦਾ ਲਾਭ ਹਰਿਆਣਾ ਦੇ ਲੋਕਾਂ ਨੂੰ ਵੱਡੇ ਪੱਧਰ ‘ਤੇ ਮਿਲ ਰਿਹਾ ਹੈ, ਜਦਕਿ ਪੰਜਾਬ ਵਿੱਚ ਆਮ ਆਦਮੀ ਕਲੀਨਿਕਾਂ ਨੂੰ ਸਿਰਫ਼ ਸਿਆਸੀ ਲਾਭ ਲਈ ਵਰਤਿਆ ਜਾ ਰਿਹਾ ਹੈ।





