ਵਿਸ਼ਾਲ ਪੰਥਕ ਇਕੱਠ ਦੌਰਾਨ SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਪੇਸ਼ ਕੀਤਾ ਗੁਰਮਤਾ, ਹਰ ਹਲਕੇ ਵਿੱਚ ਪੰਥਕ ਇਕੱਠ ਕਰਨ ਦਾ ਐਲਾਨ
ਅੰਮ੍ਰਿਤਸਰ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਨਜ਼ਦੀਕ ਮੰਜੀ ਸਾਹਿਬ ਦੀਵਾਨ ਹਾਲ ਵਿੱਚ ਕਰਵਾਏ ਗਏ ਵਿਸ਼ਾਲ ਪੰਥਕ ਇਕੱਠ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਗੁਰਮਤਾ ਪੇਸ਼ ਕੀਤਾ। ਗੁਰਮਤੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਿੱਖ ਕੌਮ ਦੀ ਸਰਵਉੱਚ ਧਾਰਮਿਕ ਅਤੇ ਪੰਥਕ ਸੰਸਥਾ ਦੱਸਦਿਆਂ ਇਸ ਦੀ ਸਰਬਉੱਚਤਾ ਨੂੰ ਹਰ ਹਾਲਤ ਵਿੱਚ ਕਾਇਮ ਰੱਖਣ ਦਾ ਸੰਦੇਸ਼ ਦਿੱਤਾ ਗਿਆ। ਗੁਰਮਤੇ ਵਿੱਚ ਕਿਹਾ ਗਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿਰਫ਼ ਇੱਕ ਧਾਰਮਿਕ ਅਸਥਾਨ ਨਹੀਂ, ਸਗੋਂ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵੱਲੋਂ ਸਥਾਪਿਤ ਉਹ ਮਹਾਨ ਸੰਸਥਾ ਹੈ, ਜਿਸ ਨੇ ਪਿਛਲੀਆਂ ਚਾਰ ਸਦੀਆਂ ਦੌਰਾਨ ਸਿੱਖ ਕੌਮ ਨੂੰ ਹਰ ਔਖੇ ਸਮੇਂ ਵਿੱਚ ਦਿਸ਼ਾ ਦਿੱਤੀ ਹੈ ਅਤੇ ਖ਼ਾਲਸਾ ਪੰਥ ਦੀ ਮਰਿਆਦਾ, ਸਵੈਮਾਨ ਅਤੇ ਏਕਤਾ ਦੀ ਰੱਖਿਆ ਕੀਤੀ ਹੈ।
ਪੰਜ ਸਿੰਘ ਸਾਹਿਬਾਨ ਦੇ ਆਦੇਸ਼ਾਂ ਦਾ ਸਤਿਕਾਰ ਕਰਨ ਦੀ ਅਪੀਲ
ਗੁਰਮਤੇ ਵਿੱਚ ਕਿਹਾ ਗਿਆ ਕਿ ਪੰਜ ਸਿੰਘ ਸਾਹਿਬਾਨ ਵੱਲੋਂ ਜਾਰੀ ਕੀਤੇ ਗਏ ਆਦੇਸ਼ਾਂ ਨੂੰ ਪੰਥ ਦੀ ਸਾਂਝੀ ਆਵਾਜ਼ ਵਜੋਂ ਸਵੀਕਾਰ ਕੀਤਾ ਜਾਂਦਾ ਹੈ। ਨਾਲ ਹੀ ਇਹ ਵੀ ਕਿਹਾ ਗਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਤੇ ਗੁਰਮਤਿਆਂ ਦਾ ਸਤਿਕਾਰ ਕਰਨਾ ਹਰ ਸਿੱਖ ਦਾ ਧਾਰਮਿਕ ਅਤੇ ਕੌਮੀ ਫ਼ਰਜ਼ ਹੈ। ਗੁਰਮਤੇ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਜੁੜੇ ਮਾਮਲੇ ਦਾ ਵੀ ਜ਼ਿਕਰ ਕੀਤਾ ਗਿਆ। ਗੁਰਮਤੇ ਵਿੱਚ ਦੋਸ਼ ਲਾਇਆ ਗਿਆ ਕਿ ਆਮ ਆਦਮੀ ਪਾਰਟੀ ਦੇ ਆਗੂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਬਉੱਚਤਾ ਨੂੰ ਚੁਣੌਤੀ ਦੇ ਰਹੇ ਹਨ। ਇਸ ਰੁਖ਼ ਨੂੰ ਪੰਥਕ ਇਕੱਠ ਵੱਲੋਂ ਨਿੰਦਣਯੋਗ ਕਰਾਰ ਦਿੱਤਾ ਗਿਆ। ਪੰਥਕ ਇਕੱਠ ਦੌਰਾਨ ਐਲਾਨ ਕੀਤਾ ਗਿਆ ਕਿ ਆਉਣ ਵਾਲੇ ਸਮੇਂ ਵਿੱਚ ਐਸਜੀਪੀਸੀ ਦੇ ਹਰ ਹਲਕੇ ਵਿੱਚ ਵਿਸ਼ਾਲ ਪੰਥਕ ਇਕੱਠ ਕਰਵਾਏ ਜਾਣਗੇ। ਇਨ੍ਹਾਂ ਇਕੱਠਾਂ ਰਾਹੀਂ ਸੰਗਤ ਨੂੰ ਸਿੱਖ ਕੌਮ ਨਾਲ ਜੁੜੇ ਵੱਖ-ਵੱਖ ਮਸਲਿਆਂ ਅਤੇ ਪੰਥਕ ਪੱਖ ਨਾਲ ਸੰਬੰਧਿਤ ਮੁੱਦਿਆਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਗੁਰਮਤੇ ਵਿੱਚ ਪਿੰਡ ਪੱਧਰ ‘ਤੇ ਗੁਰਸਿੱਖ ਕਮੇਟੀਆਂ ਬਣਾਉਣ ਦਾ ਵੀ ਫ਼ੈਸਲਾ ਕੀਤਾ ਗਿਆ। ਇਹ ਕਮੇਟੀਆਂ ਸਿੱਖੀ ਦੇ ਪ੍ਰਚਾਰ-ਪ੍ਰਸਾਰ, ਗੁਰਮਤਿ ਵਿਚਾਰਧਾਰਾ ਦੇ ਪ੍ਰਸਾਰ ਅਤੇ ਪੰਥਕ ਜਾਗਰੂਕਤਾ ਲਈ ਕੰਮ ਕਰਨਗੀਆਂ। ਪੰਥਕ ਇਕੱਠ ਵੱਲੋਂ ਖ਼ਾਲਸਾ ਪੰਥ ਨੂੰ ਅਪੀਲ ਕੀਤੀ ਗਈ ਕਿ ਸੋਸ਼ਲ ਮੀਡੀਆ, ਪ੍ਰਿੰਟ ਅਤੇ ਇਲੈਕਟ੍ਰਾਨਿਕ ਮੀਡੀਆ ਰਾਹੀਂ ਫੈਲਾਈ ਜਾ ਰਹੀ ਗਲਤ ਜਾਣਕਾਰੀ ਦਾ ਤੱਥਾਂ ਦੇ ਆਧਾਰ ‘ਤੇ ਜਵਾਬ ਦਿੱਤਾ ਜਾਵੇ। ਨਾਲ ਹੀ ਸਮੂਹ ਸਿੱਖ ਕੌਮ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਇੱਕਜੁੱਟ ਹੋਣ ਦਾ ਸੱਦਾ ਦਿੱਤਾ ਗਿਆ। ਵਿਸ਼ਾਲ ਪੰਥਕ ਇਕੱਠ ਤੋਂ ਬਾਅਦ ਇਸ ਮਾਮਲੇ ਨੂੰ ਲੈ ਕੇ ਧਾਰਮਿਕ ਅਤੇ ਸਿਆਸੀ ਪੱਧਰ ‘ਤੇ ਚਰਚਾ ਹੋਰ ਤੇਜ਼ ਹੋਣ ਦੀ ਸੰਭਾਵਨਾ ਪ੍ਰਗਟ ਕੀਤੀ ਜਾ ਰਹੀ ਹੈ। ਪੰਥਕ ਇਕੱਠ ਵਿੱਚ ਪਾਸ ਕੀਤੇ ਗਏ ਮਤਿਆਂ ਅਤੇ ਐਲਾਨਾਂ ਨੂੰ ਆਉਣ ਵਾਲੇ ਦਿਨਾਂ ਵਿੱਚ ਸਿੱਖ ਪੰਥ ਅਤੇ ਪੰਜਾਬ ਦੀ ਸਿਆਸਤ ਦੇ ਸੰਦਰਭ ਵਿੱਚ ਅਹਿਮ ਮੰਨਿਆ ਜਾ ਰਿਹਾ ਹੈ।