‘ਸੱਚ ਨੂੰ ਦਬਾਇਆ ਨਹੀਂ ਜਾ ਸਕਦਾ’ – ‘ਸਤਲੁਜ’ ਫਿਲਮ ਮਾਮਲੇ ‘ਤੇ ਜਥੇਦਾਰ ਗੜਗੱਜ ਦਾ ਬਿਆਨ
ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ ‘ਤੇ ਆਧਾਰਿਤ ਫਿਲਮ ‘ਸਤਲੁਜ’ ਦਾ ਭਾਰਤ ਵਿੱਚ ਪ੍ਰਸਾਰਣ ਰੋਕੇ ਜਾਣ ‘ਤੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਇਸ ਕਾਰਵਾਈ ਨੂੰ ਵਿਚਾਰਾਂ ਦੀ ਅਜ਼ਾਦੀ ਅਤੇ ਪ੍ਰਗਟਾਵੇ ਦੇ ਅਧਿਕਾਰ ਦੇ ਵਿਰੁੱਧ ਦੱਸਦਿਆਂ ਸਰਕਾਰ ਨੂੰ ਫਿਲਮ ਦੇ ਪ੍ਰਸਾਰਣ ਦੀ ਇਜਾਜ਼ਤ ਦੇਣ ਦੀ ਅਪੀਲ ਕੀਤੀ। ਜਥੇਦਾਰ ਗੜਗੱਜ ਨੇ ਕਿਹਾ ਕਿ ਅੱਜ ਦੇ ਸਮੇਂ ਵਿੱਚ ਦੁਨੀਆ ਭਰ ਵਿੱਚ ਵਿਚਾਰ ਪ੍ਰਗਟ ਕਰਨ ਦੀ ਆਜ਼ਾਦੀ ਅਤੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਦੀ ਗੱਲ ਕੀਤੀ ਜਾਂਦੀ ਹੈ। ਅਜਿਹੇ ਹਾਲਾਤਾਂ ਵਿੱਚ ਜੇਕਰ ਕਿਸੇ ਇਤਿਹਾਸਕ ਜਾਂ ਮਨੁੱਖੀ ਅਧਿਕਾਰਾਂ ਨਾਲ ਜੁੜੇ ਵਿਸ਼ੇ ਨੂੰ ਲੋਕਾਂ ਤੱਕ ਪਹੁੰਚਣ ਤੋਂ ਰੋਕਿਆ ਜਾਂਦਾ ਹੈ ਤਾਂ ਇਹ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਇਤਿਹਾਸਕ ਘਟਨਾ ਜਾਂ ਪੀੜਤਾਂ ਦੀ ਕਹਾਣੀ ਨੂੰ ਸਾਹਮਣੇ ਆਉਣ ਤੋਂ ਰੋਕਣਾ ਉਚਿਤ ਨਹੀਂ।

ਉਨ੍ਹਾਂ ਕਿਹਾ ਕਿ ਭਾਈ ਜਸਵੰਤ ਸਿੰਘ ਖਾਲੜਾ ਨੇ ਆਪਣੇ ਜੀਵਨ ਦੌਰਾਨ ਮਨੁੱਖੀ ਅਧਿਕਾਰਾਂ ਨਾਲ ਜੁੜੇ ਮੁੱਦਿਆਂ ‘ਤੇ ਕੰਮ ਕੀਤਾ ਅਤੇ ਉਨ੍ਹਾਂ ਦੀ ਜ਼ਿੰਦਗੀ ‘ਤੇ ਬਣੀ ਫਿਲਮ ਇੱਕ ਇਤਿਹਾਸਕ ਦੌਰ ਦੀ ਕਹਾਣੀ ਨੂੰ ਦਰਸਾਉਂਦੀ ਹੈ। ਜਥੇਦਾਰ ਨੇ ਕਿਹਾ ਕਿ ਸੱਚ ਨੂੰ ਲੰਬੇ ਸਮੇਂ ਤੱਕ ਦਬਾਇਆ ਨਹੀਂ ਜਾ ਸਕਦਾ ਅਤੇ ਸਮਾਂ ਆਉਣ ‘ਤੇ ਉਹ ਲੋਕਾਂ ਦੇ ਸਾਹਮਣੇ ਆ ਹੀ ਜਾਂਦਾ ਹੈ।

ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸਰਕਾਰ ਨੂੰ ਖੁੱਲ੍ਹੇ ਦਿਲ ਨਾਲ ਇਸ ਫਿਲਮ ਦਾ ਪ੍ਰਸਾਰਣ ਹੋਣ ਦੇਣਾ ਚਾਹੀਦਾ ਹੈ ਤਾਂ ਜੋ ਲੋਕ ਇਤਿਹਾਸ ਦੇ ਵੱਖ-ਵੱਖ ਪੱਖਾਂ ਨੂੰ ਜਾਣ ਸਕਣ। ਉਨ੍ਹਾਂ ਦਾ ਮੰਨਣਾ ਹੈ ਕਿ ਸੰਵੇਦਨਸ਼ੀਲ ਮਾਮਲਿਆਂ ਨੂੰ ਸੰਵਾਦ ਅਤੇ ਪਾਰਦਰਸ਼ਿਤਾ ਨਾਲ ਦੇਖਣ ਦੀ ਲੋੜ ਹੈ, ਨਾ ਕਿ ਉਨ੍ਹਾਂ ‘ਤੇ ਪਾਬੰਦੀਆਂ ਲਗਾ ਕੇ। ਜਥੇਦਾਰ ਨੇ ਇਹ ਵੀ ਕਿਹਾ ਕਿ ਸਾਲਾਂ ਤੋਂ ਚੱਲ ਰਹੇ ਕਈ ਮਾਮਲਿਆਂ ਵਿੱਚ ਅਦਾਲਤਾਂ ਵੱਲੋਂ ਸਮੇਂ-ਸਮੇਂ ‘ਤੇ ਫ਼ੈਸਲੇ ਅਤੇ ਕਾਰਵਾਈਆਂ ਸਾਹਮਣੇ ਆਉਂਦੀਆਂ ਰਹੀਆਂ ਹਨ। ਉਨ੍ਹਾਂ ਦੇ ਅਨੁਸਾਰ, ਅਜਿਹੇ ਮਾਮਲਿਆਂ ਵਿੱਚ ਨਿਆਂਕ ਪ੍ਰਕਿਰਿਆ ਨੂੰ ਆਪਣਾ ਕੰਮ ਕਰਨ ਦੇ ਨਾਲ-ਨਾਲ ਇਤਿਹਾਸਕ ਸੱਚਾਈਆਂ ਬਾਰੇ ਲੋਕਾਂ ਨੂੰ ਜਾਣਨ ਦਾ ਵੀ ਮੌਕਾ ਮਿਲਣਾ ਚਾਹੀਦਾ ਹੈ।

ਉਨ੍ਹਾਂ ਨੇ ਅੰਤ ਵਿੱਚ ਕਿਹਾ ਕਿ ਸਰਕਾਰ ਨੂੰ ਪੰਜਾਬ ਅਤੇ ਸਿੱਖ ਭਾਈਚਾਰੇ ਨਾਲ ਜੁੜੇ ਸੰਵੇਦਨਸ਼ੀਲ ਮੁੱਦਿਆਂ ਪ੍ਰਤੀ ਗੰਭੀਰ ਅਤੇ ਸੰਵੇਦਨਸ਼ੀਲ ਪਹੁੰਚ ਅਪਣਾਉਣੀ ਚਾਹੀਦੀ ਹੈ। ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਅਜਿਹੇ ਮਾਮਲਿਆਂ ਵਿੱਚ ਇਨਸਾਫ਼ ਅਤੇ ਪਾਰਦਰਸ਼ਿਤਾ ਹੀ ਭਰੋਸਾ ਬਣਾਉਣ ਦਾ ਸਭ ਤੋਂ ਵਧੀਆ ਰਸਤਾ ਹੈ।