ਮੀਂਹ ਨੂੰ ਲੈ ਕੇ ਮੌਸਮ ਵਿਭਾਗ ਦੀ ਵੱਡੀ ਚੇਤਾਵਨੀ, ਪੰਜਾਬ ‘ਚ 3 ਦਿਨ ਰਹੇਗਾ ਮੌਸਮ ਖਰਾਬ
ਚੰਡੀਗੜ੍ਹ: ਪੰਜਾਬ ਅਤੇ ਚੰਡੀਗੜ੍ਹ ਵਿੱਚ ਅਗਲੇ ਕੁਝ ਦਿਨਾਂ ਤੱਕ ਮੀਂਹ ਦਾ ਦੌਰ ਜਾਰੀ ਰਹਿਣ ਦੀ ਸੰਭਾਵਨਾ ਹੈ। ਭਾਰਤੀ ਮੌਸਮ ਵਿਭਾਗ ਨੇ ਸੂਬੇ ਦੇ ਕਈ ਹਿੱਸਿਆਂ ਲਈ ਦਰਮਿਆਨੇ ਤੋਂ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਹਿਮਾਚਲ ਪ੍ਰਦੇਸ਼ ਦੇ ਕੁਝ ਪਹਾੜੀ ਜ਼ਿਲ੍ਹਿਆਂ ਵਿੱਚ ਵੀ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ।
ਅੱਜ ਇਨ੍ਹਾਂ 11 ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ
ਮੌਸਮ ਵਿਭਾਗ ਅਨੁਸਾਰ ਮੰਗਲਵਾਰ ਨੂੰ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ ਅਤੇ ਐੱਸ.ਏ.ਐੱਸ. ਨਗਰ (ਮੋਹਾਲੀ) ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਗੁਰਦਾਸਪੁਰ, ਕਪੂਰਥਲਾ, ਜਲੰਧਰ, ਲੁਧਿਆਣਾ, ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ), ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਦਰਮਿਆਨੇ ਮੀਂਹ ਦੀ ਸੰਭਾਵਨਾ ਜਤਾਈ ਗਈ ਹੈ। ਸੂਬੇ ਦੇ ਹੋਰ ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।

ਅਗਲੇ ਦੋ ਦਿਨ ਵੀ ਰਹੇਗਾ ਮੀਂਹ ਦਾ ਦੌਰ
ਮੌਸਮ ਵਿਭਾਗ ਨੇ ਅਗਲੇ ਦੋ ਦਿਨਾਂ ਦੌਰਾਨ ਵੀ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ। ਲਗਾਤਾਰ ਬਾਰਿਸ਼ ਕਾਰਨ ਨੀਵੇਂ ਇਲਾਕਿਆਂ ਵਿੱਚ ਪਾਣੀ ਭਰਨ ਅਤੇ ਆਵਾਜਾਈ ਪ੍ਰਭਾਵਿਤ ਹੋਣ ਦੀ ਸੰਭਾਵਨਾ ਨੂੰ ਦੇਖਦੇ ਹੋਏ ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਗਈ ਹੈ।
ਕਿਸਾਨਾਂ ਲਈ ਅਹਿਮ ਸਲਾਹ
ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਮੌਸਮ ਵਿਭਾਗ ਦੀ ਮੁਖੀ ਪਵਨੀਤ ਕੌਰ ਨੇ ਕਿਹਾ ਕਿ ਉੱਤਰੀ-ਪੂਰਬੀ ਇਲਾਕਿਆਂ ਵਿੱਚ ਭਾਰੀ ਮੀਂਹ ਦੀ ਸੰਭਾਵਨਾ ਨੂੰ ਦੇਖਦੇ ਹੋਏ ਕਿਸਾਨ ਆਪਣੀਆਂ ਫ਼ਸਲਾਂ ਦਾ ਖ਼ਾਸ ਧਿਆਨ ਰੱਖਣ। ਉਨ੍ਹਾਂ ਦੱਸਿਆ ਕਿ ਝੋਨੇ ਦੇ ਸੀਜ਼ਨ ਦੌਰਾਨ ਇਹ ਮੀਂਹ ਕਈ ਖੇਤਰਾਂ ਵਿੱਚ ਲਾਭਦਾਇਕ ਵੀ ਸਾਬਤ ਹੋ ਸਕਦਾ ਹੈ।
ਤਾਪਮਾਨ ਵਿੱਚ ਆਈ ਗਿਰਾਵਟ
ਲਗਾਤਾਰ ਬਦਲ ਰਹੇ ਮੌਸਮ ਕਾਰਨ ਪੰਜਾਬ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ ਕਰੀਬ 1.7 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦਾ ਸਭ ਤੋਂ ਵੱਧ ਤਾਪਮਾਨ 39.1 ਡਿਗਰੀ ਸੈਲਸੀਅਸ ਬਠਿੰਡਾ ਵਿੱਚ ਰਿਕਾਰਡ ਕੀਤਾ ਗਿਆ, ਜਦਕਿ ਸਭ ਤੋਂ ਘੱਟ ਤਾਪਮਾਨ 23.6 ਡਿਗਰੀ ਸੈਲਸੀਅਸ ਥੀਨ ਡੈਮ ਖੇਤਰ ਵਿੱਚ ਦਰਜ ਹੋਇਆ।
ਹਿਮਾਚਲ ਜਾਣ ਵਾਲੇ ਰਹਿਣ ਸਾਵਧਾਨ
ਜੇਕਰ ਤੁਸੀਂ ਹਿਮਾਚਲ ਪ੍ਰਦੇਸ਼ ਦੀ ਯਾਤਰਾ ਕਰਨ ਦੀ ਯੋਜਨਾ ਬਣਾ ਰਹੇ ਹੋ ਤਾਂ ਮੌਸਮ ਦੀ ਜਾਣਕਾਰੀ ਲੈ ਕੇ ਹੀ ਰਵਾਨਾ ਹੋਵੋ। ਮੌਸਮ ਵਿਭਾਗ ਨੇ ਕਾਂਗੜਾ, ਮੰਡੀ, ਸ਼ਿਮਲਾ ਅਤੇ ਸੋਲਨ ਜ਼ਿਲ੍ਹਿਆਂ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਂਹ ਦੀ ਸੰਭਾਵਨਾ ਨੂੰ ਦੇਖਦੇ ਹੋਏ ਔਰੇਂਜ ਅਲਰਟ ਜਾਰੀ ਕੀਤਾ ਹੈ।

ਇਸ ਤੋਂ ਇਲਾਵਾ ਬਿਲਾਸਪੁਰ ਅਤੇ ਸਿਰਮੌਰ ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ, ਜਿੱਥੇ ਦਰਮਿਆਨੇ ਤੋਂ ਭਾਰੀ ਮੀਂਹ ਦੀ ਸੰਭਾਵਨਾ ਹੈ। ਹਾਲਾਂਕਿ ਊਨਾ, ਹਮੀਰਪੁਰ, ਚੰਬਾ, ਕੁੱਲੂ, ਕਿਨੌਰ ਅਤੇ ਲਾਹੌਲ-ਸਪੀਤੀ ਲਈ ਇਸ ਵੇਲੇ ਕੋਈ ਖਾਸ ਚੇਤਾਵਨੀ ਜਾਰੀ ਨਹੀਂ ਕੀਤੀ ਗਈ। ਮੌਸਮ ਵਿਭਾਗ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਭਾਰੀ ਮੀਂਹ ਦੌਰਾਨ ਦਰਿਆਵਾਂ, ਨਦੀਆਂ ਅਤੇ ਪਹਾੜੀ ਖੇਤਰਾਂ ਦੇ ਨੇੜੇ ਜਾਣ ਤੋਂ ਗੁਰੇਜ਼ ਕਰਨ ਅਤੇ ਜ਼ਰੂਰੀ ਹੋਣ ‘ਤੇ ਹੀ ਯਾਤਰਾ ਕਰਨ।