ਅਮਰੀਕਾ ‘ਚ ਦਾਇਰ ਚਾਰਜਸ਼ੀਟ ‘ਚ ਪੰਜਾਬ ਪੁਲਿਸ ਦੇ ਇੰਸਪੈਕਟਰ ਦਾ ਨਾਮ, ਪੁਲਿਸ ਨੇ ਤੁਰੰਤ ਜਾਂਚ ਦੇ ਦਿੱਤੇ ਹੁਕਮ
ਅਮਰੀਕਾ ‘ਚ ਦਾਇਰ ਚਾਰਜਸ਼ੀਟ ‘ਚ ਪੰਜਾਬ ਪੁਲਿਸ ਦੇ ਇੰਸਪੈਕਟਰ ਦਾ ਨਾਮ, ਪੁਲਿਸ ਨੇ ਤੁਰੰਤ ਜਾਂਚ ਦੇ ਦਿੱਤੇ ਹੁਕਮ
ਚੰਡੀਗੜ੍ਹ: ਅਮਰੀਕਾ ਦੇ ਕੈਲੀਫੋਰਨੀਆ ਦੀ ਇੱਕ ਸੰਘੀ ਅਦਾਲਤ ਵਿੱਚ ਅੰਤਰਰਾਸ਼ਟਰੀ ਅਪਰਾਧਿਕ ਸਿੰਡੀਕੇਟ ‘ਜੱਗੂ ਭਗਵਾਨਪੁਰੀਆ ਆਰਗੇਨਾਈਜ਼ਡ ਕ੍ਰਾਈਮ ਗਰੁੱਪ’ ਨਾਲ ਸਬੰਧਤ ਮਾਮਲੇ ਵਿੱਚ ਦਾਇਰ ਚਾਰਜਸ਼ੀਟ ਵਿੱਚ ਪੰਜਾਬ ਪੁਲਿਸ ਦੇ ਇੰਸਪੈਕਟਰ ਗੁਰਿੰਦਰਜੀਤ ਸਿੰਘ ਨਾਗਰਾ ਦਾ ਨਾਮ ਵੀ ਸ਼ਾਮਲ ਕੀਤਾ ਗਿਆ ਹੈ। ਚਾਰਜਸ਼ੀਟ ਵਿੱਚ ਉਨ੍ਹਾਂ ‘ਤੇ ਗੈਂਗਸਟਰਾਂ ਦੀ ਕਥਿਤ ਮਦਦ, ਜਬਰਨ ਉਗਰਾਹੀ ਅਤੇ ਅਪਰਾਧਿਕ ਸਾਜ਼ਿਸ਼ ਨਾਲ ਜੁੜੇ ਦੋਸ਼ ਲਗਾਏ ਗਏ ਹਨ। ਇਸ ਮਾਮਲੇ ਦੇ ਸਾਹਮਣੇ ਆਉਣ ਤੋਂ ਬਾਅਦ ਪੰਜਾਬ ਪੁਲਿਸ ਨੇ ਤੁਰੰਤ ਵਿਭਾਗੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ, ਜਦਕਿ ਵਿਰੋਧੀ ਪਾਰਟੀਆਂ ਨੇ ਵੀ ਸਰਕਾਰ ਤੋਂ ਸਪੱਸ਼ਟੀਕਰਨ ਮੰਗਿਆ ਹੈ।

ਅਮਰੀਕੀ ਚਾਰਜਸ਼ੀਟ ਵਿੱਚ ਕੀ ਕਿਹਾ ਗਿਆ?
ਅਮਰੀਕੀ ਜਾਂਚ ਏਜੰਸੀਆਂ ਵੱਲੋਂ ਦਾਇਰ ਦਸਤਾਵੇਜ਼ਾਂ ਅਨੁਸਾਰ, ਜੱਗੂ ਭਗਵਾਨਪੁਰੀਆ ਕਥਿਤ ਤੌਰ ‘ਤੇ ਭਾਰਤ ਦੀ ਜੇਲ੍ਹ ਵਿੱਚੋਂ ਹੀ ਆਪਣੇ ਨੈੱਟਵਰਕ ਨੂੰ ਚਲਾਉਂਦਾ ਰਿਹਾ। ਚਾਰਜਸ਼ੀਟ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਇੰਸਪੈਕਟਰ ਗੁਰਿੰਦਰਜੀਤ ਸਿੰਘ ਨਾਗਰਾ ਨੇ ਗੈਂਗ ਨਾਲ ਮਿਲ ਕੇ ਕੁਝ ਵਿਅਕਤੀਆਂ ਨੂੰ ਡਰਾ-ਧਮਕਾ ਕੇ ਜਬਰਨ ਉਗਰਾਹੀ ਕਰਨ ਵਿੱਚ ਭੂਮਿਕਾ ਨਿਭਾਈ।ਦਸਤਾਵੇਜ਼ਾਂ ਵਿੱਚ ਇਹ ਵੀ ਦਾਅਵਾ ਕੀਤਾ ਗਿਆ ਹੈ ਕਿ ਕੁਝ ਵਿਅਕਤੀਆਂ ਖ਼ਿਲਾਫ਼ ਝੂਠੇ ਕਤਲ ਦੇ ਕੇਸ ਦਰਜ ਕਰਨ ਦੀ ਧਮਕੀ ਦੇ ਕੇ ਪੈਸਿਆਂ ਦੀ ਮੰਗ ਕੀਤੀ ਗਈ। ਇਹ ਦੋਸ਼ ਅਮਰੀਕੀ ਜਾਂਚ ਦਾ ਹਿੱਸਾ ਹਨ ਅਤੇ ਅਦਾਲਤੀ ਕਾਰਵਾਈ ਅਧੀਨ ਹਨ।

ਪੰਜਾਬ ਪੁਲਿਸ ਦੀ ਕਾਰਵਾਈ
ਪੰਜਾਬ ਪੁਲਿਸ ਨੇ ਬਿਆਨ ਜਾਰੀ ਕਰਦਿਆਂ ਕਿਹਾ ਕਿ FBI ਦੀ ਜਾਂਚ ਵਿੱਚ ਨਾਮ ਸਾਹਮਣੇ ਆਉਣ ਤੋਂ ਬਾਅਦ ਇੰਸਪੈਕਟਰ ਗੁਰਿੰਦਰਜੀਤ ਸਿੰਘ ਨਾਗਰਾ ਨੂੰ ਹੁਸ਼ਿਆਰਪੁਰ ਦੇ ਥਾਣਾ ਟਾਂਡਾ ਤੋਂ ਤੁਰੰਤ ਹਟਾ ਕੇ ਪੁਲਿਸ ਲਾਈਨਜ਼, ਹੁਸ਼ਿਆਰਪੁਰ ਤਬਦੀਲ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਡੀਆਈਜੀ ਜਲੰਧਰ ਰੇਂਜ ਨੇ ਮਾਮਲੇ ਦੀ ਤੱਥਾਂ ਦੇ ਆਧਾਰ ‘ਤੇ ਜਾਂਚ ਦੇ ਹੁਕਮ ਜਾਰੀ ਕੀਤੇ ਹਨ। ਇਹ ਜਾਂਚ ਐਸਪੀ ਇਨਵੈਸਟੀਗੇਸ਼ਨ, ਜਲੰਧਰ ਦਿਹਾਤੀ ਨੂੰ ਸੌਂਪੀ ਗਈ ਹੈ, ਜੋ ਆਪਣੀ ਰਿਪੋਰਟ ਦੇ ਆਧਾਰ ‘ਤੇ ਅਗਲੀ ਕਾਰਵਾਈ ਦੀ ਸਿਫ਼ਾਰਸ਼ ਕਰਨਗੇ।
ਵਿਰੋਧੀ ਧਿਰ ਦੇ ਨਿਸ਼ਾਨੇ ‘ਤੇ ਸਰਕਾਰ
ਮਾਮਲਾ ਸਾਹਮਣੇ ਆਉਣ ਤੋਂ ਬਾਅਦ ਪੰਜਾਬ ਦੀ ਸਿਆਸਤ ਗਰਮਾ ਗਈ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਦੋਸ਼ ਲਗਾਇਆ ਕਿ ਇਸ ਘਟਨਾ ਨਾਲ ਪੰਜਾਬ ਪੁਲਿਸ ਦੀ ਸਾਖ ਨੂੰ ਝਟਕਾ ਲੱਗਿਆ ਹੈ ਅਤੇ ਸਰਕਾਰ ਨੂੰ ਇਸ ਮਾਮਲੇ ‘ਤੇ ਜਵਾਬ ਦੇਣਾ ਚਾਹੀਦਾ ਹੈ।
👉 The FBI has charged Punjab Police SHO Gurinderjit Singh Nagra of Tanda Police Station in connection with a $400,000 extortion case.
👉 Allegation: The family was threatened in the United States, while their relatives in India were allegedly implicated in a false murder case.… pic.twitter.com/tQ0WKsiunu
— Bikram Singh Majithia (@bsmajithia) July 8, 2026
ਉੱਧਰ, ਕਾਂਗਰਸ ਦੇ ਆਗੂ ਵਿਜੇ ਇੰਦਰ ਸਿੰਗਲਾ ਨੇ ਵੀ ਕਿਹਾ ਕਿ ਇਹ ਮਾਮਲਾ ਪੰਜਾਬ ਦੀ ਕਾਨੂੰਨ-ਵਿਵਸਥਾ ਨਾਲ ਜੁੜੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ। ਉਨ੍ਹਾਂ ਸਰਕਾਰ ਤੋਂ ਪਾਰਦਰਸ਼ੀ ਜਾਂਚ ਦੀ ਮੰਗ ਕੀਤੀ।
ਗਿਆਨੀ ਹਰਪ੍ਰੀਤ ਸਿੰਘ ਨੇ ਵੀ ਉਠਾਏ ਸਵਾਲ
ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵੀ ਇਸ ਮਾਮਲੇ ‘ਤੇ ਚਿੰਤਾ ਜਤਾਈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਅਤੇ ਪੰਜਾਬ ਦੇ ਡੀਜੀਪੀ ਨੂੰ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਅਮਰੀਕੀ ਜਾਂਚ ਵਿੱਚ ਪੰਜਾਬ ਪੁਲਿਸ ਦੇ ਇੱਕ ਅਧਿਕਾਰੀ ਦਾ ਨਾਮ ਕਿਵੇਂ ਸਾਹਮਣੇ ਆਇਆ ਅਤੇ ਸਰਕਾਰ ਇਸ ਮਾਮਲੇ ਵਿੱਚ ਕੀ ਕਾਰਵਾਈ ਕਰ ਰਹੀ ਹੈ।

ਪੁਲਿਸ ਜਾਂਚ ਜਾਰੀ
ਫਿਲਹਾਲ ਪੰਜਾਬ ਪੁਲਿਸ ਨੇ ਸਪੱਸ਼ਟ ਕੀਤਾ ਹੈ ਕਿ ਮਾਮਲੇ ਦੀ ਵਿਭਾਗੀ ਜਾਂਚ ਜਾਰੀ ਹੈ ਅਤੇ ਜਾਂਚ ਰਿਪੋਰਟ ਦੇ ਆਧਾਰ ‘ਤੇ ਹੀ ਅਗਲੀ ਕਾਨੂੰਨੀ ਅਤੇ ਵਿਭਾਗੀ ਕਾਰਵਾਈ ਕੀਤੀ ਜਾਵੇਗੀ। ਦੂਜੇ ਪਾਸੇ, ਅਮਰੀਕਾ ਵਿੱਚ ਦਾਇਰ ਚਾਰਜਸ਼ੀਟ ਨਾਲ ਸਬੰਧਤ ਅਦਾਲਤੀ ਕਾਰਵਾਈ ਵੀ ਜਾਰੀ ਹੈ।





