8.35 ਕਰੋੜ ਦੇ ਫਰਜ਼ੀ ਇਨਪੁਟ ਟੈਕਸ ਕ੍ਰੈਡਿਟ ‘ਤੇ ਲੱਗੀ ਰੋਕ, ਜਲੰਧਰ ਦੀ ਫਰਮ ਦਾ ਮਾਲਕ ਕਾਬੂ
ਚੰਡੀਗੜ੍ਹ:ਪੰਜਾਬ ਸਰਕਾਰ ਨੇ ਫਰਜ਼ੀ GST ਬਿਲਿੰਗ ਅਤੇ ਟੈਕਸ ਚੋਰੀ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ 55.35 ਕਰੋੜ ਰੁਪਏ ਦੇ ਕਥਿਤ ਫਰਜ਼ੀ ਬਿਲਿੰਗ ਘੁਟਾਲੇ ਦੇ ਮੁੱਖ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਹੈ। ਵਿੱਤ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਇਸ ਕਾਰਵਾਈ ਨਾਲ ਕਰੀਬ 8.35 ਕਰੋੜ ਰੁਪਏ ਦੇ ਫਰਜ਼ੀ ਇਨਪੁਟ ਟੈਕਸ ਕ੍ਰੈਡਿਟ (ITC) ਦੀ ਗਲਤ ਵਰਤੋਂ ਨੂੰ ਰੋਕਿਆ ਗਿਆ ਹੈ।

ਜਲੰਧਰ ਦੀ ਫਰਮ ਦਾ ਮਾਲਕ ਗ੍ਰਿਫ਼ਤਾਰ
ਮੰਤਰੀ ਚੀਮਾ ਮੁਤਾਬਕ, ਪੰਜਾਬ ਰਾਜ ਕਰ ਵਿਭਾਗ ਨੇ ਪੰਜਾਬ GST ਐਕਟ, 2017 ਦੀ ਧਾਰਾ 69 ਤਹਿਤ ਜਲੰਧਰ ਸਥਿਤ ਮੈਸਰਜ਼ ਰੈਮਸਨਜ਼ ਕਾਰਪੋਰੇਸ਼ਨ ਦੇ ਮਾਲਕ ਭੁਪਿੰਦਰ ਸ਼ਰਮਾ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਫਰਮ ਵੱਲੋਂ ਬਿਨਾਂ ਅਸਲ ਮਾਲ ਸਪਲਾਈ ਕੀਤੇ GST ਇਨਵੌਇਸ ਜਾਰੀ ਕਰਕੇ ਵੱਡੇ ਪੱਧਰ ‘ਤੇ ਫਰਜ਼ੀ ਬਿਲਿੰਗ ਕੀਤੀ ਜਾ ਰਹੀ ਸੀ।
55.35 ਕਰੋੜ ਦੀ ਫਰਜ਼ੀ ਬਿਲਿੰਗ ਦਾ ਦੋਸ਼
ਜਾਂਚ ਅਨੁਸਾਰ, ਫਰਮ ਨੇ ਕਰੀਬ 55.35 ਕਰੋੜ ਰੁਪਏ ਦੀ ਕਥਿਤ ਜਾਅਲੀ ਬਿਲਿੰਗ ਕੀਤੀ, ਜਿਸ ਰਾਹੀਂ ਲਗਭਗ 8.35 ਕਰੋੜ ਰੁਪਏ ਦਾ ਫਰਜ਼ੀ ITC ਪ੍ਰਾਪਤ ਕਰਕੇ ਅੱਗੇ ਹੋਰ ਇਕਾਈਆਂ ਨੂੰ ਪਾਸ ਕੀਤਾ ਗਿਆ। ਦੋਸ਼ ਹੈ ਕਿ ਇਸ ITC ਦੀ ਵਰਤੋਂ ਕੁਝ ਨਿਰਯਾਤਕ ਇਕਾਈਆਂ ਵੱਲੋਂ IGST ਰਿਫੰਡ ਦੇ ਦਾਅਵੇ ਕਰਨ ਲਈ ਕੀਤੀ ਗਈ, ਜਿਸ ਨਾਲ ਸਰਕਾਰੀ ਖ਼ਜ਼ਾਨੇ ਨੂੰ ਨੁਕਸਾਨ ਪਹੁੰਚਿਆ।
9 ਜੁਲਾਈ ਨੂੰ ਹੋਈ ਗ੍ਰਿਫ਼ਤਾਰੀ
ਰਾਜ ਕਰ ਵਿਭਾਗ ਦੀ ਵਿਸ਼ੇਸ਼ ਟੀਮ ਨੇ ਇਕੱਠੇ ਕੀਤੇ ਸਬੂਤਾਂ ਦੇ ਆਧਾਰ ‘ਤੇ 9 ਜੁਲਾਈ 2026 ਨੂੰ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ। ਮੰਤਰੀ ਨੇ ਦੱਸਿਆ ਕਿ ਇਸ ਮਾਮਲੇ ਨਾਲ ਜੁੜੇ ਅਪਰਾਧ ਪੰਜਾਬ GST ਐਕਟ ਤਹਿਤ ਗੈਰ-ਜ਼ਮਾਨਤੀ ਹਨ।
ਨੈੱਟਵਰਕ ਦੀ ਜਾਂਚ ਜਾਰੀ
ਹਰਪਾਲ ਚੀਮਾ ਨੇ ਕਿਹਾ ਕਿ ਜਾਂਚ ਅਜੇ ਵੀ ਜਾਰੀ ਹੈ। ਅਧਿਕਾਰੀ ਇਸ ਘੁਟਾਲੇ ਨਾਲ ਜੁੜੇ ਪੂਰੇ ਨੈੱਟਵਰਕ ਦੀ ਪਛਾਣ ਕਰਨ, ਫਰਜ਼ੀ ITC ਦੇ ਪ੍ਰਵਾਹ ਦਾ ਪਤਾ ਲਗਾਉਣ ਅਤੇ ਟੈਕਸ ਚੋਰੀ ਦੀ ਕੁੱਲ ਰਕਮ ਦਾ ਅੰਦਾਜ਼ਾ ਲਗਾਉਣ ਵਿੱਚ ਜੁਟੇ ਹੋਏ ਹਨ। ਇਸ ਮਾਮਲੇ ਵਿੱਚ ਸ਼ਾਮਲ ਹਰ ਵਿਅਕਤੀ ਅਤੇ ਇਕਾਈ ਵਿਰੁੱਧ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ।
ਟੈਕਸ ਚੋਰੀ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਰੁਖ
ਮੰਤਰੀ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਸਰਕਾਰੀ ਮਾਲੀਏ ਦੀ ਸੁਰੱਖਿਆ ਅਤੇ ਪਾਰਦਰਸ਼ੀ ਟੈਕਸ ਪ੍ਰਣਾਲੀ ਲਈ ਵਚਨਬੱਧ ਹੈ। ਫਰਜ਼ੀ ਇਨਵੌਇਸਿੰਗ, ਬੋਗਸ ITC ਅਤੇ ਟੈਕਸ ਧੋਖਾਧੜੀ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਜਾਂ ਸੰਸਥਾ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਦੱਸਿਆ ਕਿ ਕਰ ਵਿਭਾਗ ਨੂੰ ਖੁਫੀਆ ਜਾਣਕਾਰੀ, ਡਾਟਾ ਵਿਸ਼ਲੇਸ਼ਣ ਅਤੇ ਵਿਸ਼ੇਸ਼ ਜਾਂਚ ਰਾਹੀਂ ਟੈਕਸ ਚੋਰਾਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਨਿਰਦੇਸ਼ ਦਿੱਤੇ ਗਏ ਹਨ।