ਪੰਜਾਬ ‘ਚ ਮੀਂਹ ਦਾ ਸਿਲਸਿਲਾ ਜਾਰੀ, ਅਗਲੇ 3 ਦਿਨ ਵੀ ਵਰ੍ਹਣਗੇ ਬੱਦਲ; ਜਾਣੋ ਕਿਹੜੇ ਜ਼ਿਲ੍ਹਿਆਂ ਲਈ ਅਲਰਟ
ਚੰਡੀਗੜ੍ਹ: ਪੰਜਾਬ ਵਿੱਚ ਮੌਨਸੂਨ ਸਰਗਰਮ ਹੋਣ ਕਾਰਨ ਕਈ ਇਲਾਕਿਆਂ ਵਿੱਚ ਮੀਂਹ ਦਾ ਦੌਰ ਜਾਰੀ ਹੈ। ਮੌਸਮ ਵਿਭਾਗ ਨੇ ਸ਼ੁੱਕਰਵਾਰ ਨੂੰ ਵੀ ਸੂਬੇ ਦੇ ਕਈ ਜ਼ਿਲ੍ਹਿਆਂ ਲਈ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਖ਼ਾਸ ਕਰਕੇ ਮੋਹਾਲੀ ਅਤੇ ਪਟਿਆਲਾ ਸਮੇਤ ਕੁਝ ਇਲਾਕਿਆਂ ਵਿੱਚ ਭਾਰੀ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ। ਵਿਭਾਗ ਅਨੁਸਾਰ ਅਗਲੇ ਤਿੰਨ ਦਿਨਾਂ ਦੌਰਾਨ ਵੀ ਪੰਜਾਬ ਦੇ ਕਈ ਹਿੱਸਿਆਂ ਵਿੱਚ ਮੌਸਮ ਖ਼ਰਾਬ ਰਹਿ ਸਕਦਾ ਹੈ।

ਤਾਪਮਾਨ ‘ਚ ਹਲਕਾ ਵਾਧਾ, ਫ਼ਰੀਦਕੋਟ ਸਭ ਤੋਂ ਗਰਮ
ਮੌਸਮ ਵਿਭਾਗ ਮੁਤਾਬਕ ਸੂਬੇ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 0.6 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ, ਹਾਲਾਂਕਿ ਇਹ ਆਮ ਨਾਲੋਂ 2.5 ਡਿਗਰੀ ਸੈਲਸੀਅਸ ਘੱਟ ਹੈ। ਫ਼ਰੀਦਕੋਟ ਵਿੱਚ ਸਭ ਤੋਂ ਵੱਧ 42.4 ਡਿਗਰੀ ਸੈਲਸੀਅਸ ਤਾਪਮਾਨ ਰਿਕਾਰਡ ਕੀਤਾ ਗਿਆ। ਉੱਧਰ, ਘੱਟੋ-ਘੱਟ ਤਾਪਮਾਨ ਵਿੱਚ 0.1 ਡਿਗਰੀ ਸੈਲਸੀਅਸ ਦਾ ਮਾਮੂਲੀ ਵਾਧਾ ਹੋਇਆ ਹੈ ਅਤੇ ਇਹ ਲਗਭਗ ਆਮ ਪੱਧਰ ਦੇ ਨੇੜੇ ਰਿਹਾ। ਸੂਬੇ ਦਾ ਘੱਟੋ-ਘੱਟ ਤਾਪਮਾਨ ਕਰੀਬ 25 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਇਨ੍ਹਾਂ ਜ਼ਿਲ੍ਹਿਆਂ ਲਈ ਮੀਂਹ ਦਾ ਅਲਰਟ
ਮੌਸਮ ਵਿਭਾਗ ਨੇ ਅੱਜ ਪੰਜਾਬ ਦੇ 11 ਜ਼ਿਲ੍ਹਿਆਂ ਵਿੱਚ ਮੀਂਹ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਐਸ.ਏ.ਐਸ. ਨਗਰ (ਮੋਹਾਲੀ) ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਗੁਰਦਾਸਪੁਰ, ਕਪੂਰਥਲਾ, ਜਲੰਧਰ, ਲੁਧਿਆਣਾ, ਫ਼ਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਜਤਾਈ ਗਈ ਹੈ। ਬਾਕੀ ਜ਼ਿਲ੍ਹਿਆਂ ਵਿੱਚ ਵੀ ਕਿਤੇ-ਕਿਤੇ ਬੂੰਦਾਬਾਂਦੀ ਹੋ ਸਕਦੀ ਹੈ।

11 ਤੋਂ 13 ਜੁਲਾਈ ਤੱਕ ਕਿਵੇਂ ਰਹੇਗਾ ਮੌਸਮ?
ਮੌਸਮ ਵਿਭਾਗ ਅਨੁਸਾਰ 11 ਅਤੇ 12 ਜੁਲਾਈ ਨੂੰ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦਾ ਦੌਰ ਜਾਰੀ ਰਹੇਗਾ। 13 ਜੁਲਾਈ ਨੂੰ ਵੀ ਸੂਬੇ ਦੇ ਕੁਝ ਇਲਾਕਿਆਂ ਵਿੱਚ ਬੱਦਲ ਛਾਏ ਰਹਿਣ ਅਤੇ ਛਿੱਟੇ ਪੈਣ ਦੀ ਸੰਭਾਵਨਾ ਹੈ। ਇਸ ਦੌਰਾਨ ਲੋਕਾਂ ਨੂੰ ਮੌਸਮ ਨਾਲ ਜੁੜੀਆਂ ਤਾਜ਼ਾ ਜਾਣਕਾਰੀਆਂ ‘ਤੇ ਨਜ਼ਰ ਰੱਖਣ ਅਤੇ ਲੋੜ ਪੈਣ ‘ਤੇ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਗਈ ਹੈ।