ਕਾਂਗਰਸ ‘ਚ ਕਲੇਸ਼ ਦੀਆਂ ਚਰਚਾਵਾਂ ਦਰਮਿਆਨ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ- ‘ਕਿਸੇ ਨਾਲ ਕੋਈ ਨਾਰਾਜ਼ਗੀ ਨਹੀਂ’
ਚੰਡੀਗੜ੍ਹ/ਅੰਮ੍ਰਿਤਸਰ: ਪੰਜਾਬ ਕਾਂਗਰਸ ਵਿੱਚ ਸੰਗਠਨਾਤਮਕ ਨਿਯੁਕਤੀਆਂ ਨੂੰ ਲੈ ਕੇ ਚੱਲ ਰਹੀਆਂ ਚਰਚਾਵਾਂ ਅਤੇ ਕਥਿਤ ਅੰਦਰੂਨੀ ਮਤਭੇਦਾਂ ਦੇ ਦਰਮਿਆਨ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਿੱਚ ਏਕਤਾ ਦਾ ਸੰਦੇਸ਼ ਦਿੱਤਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਉਨ੍ਹਾਂ ਦੀ ਕਿਸੇ ਵੀ ਆਗੂ ਨਾਲ ਕੋਈ ਨਿੱਜੀ ਨਾਰਾਜ਼ਗੀ ਨਹੀਂ ਹੈ ਅਤੇ ਪਾਰਟੀ ਦੇ ਸਾਰੇ ਆਗੂ ਇੱਕ ਪਰਿਵਾਰ ਦਾ ਹਿੱਸਾ ਹਨ।ਰਾਜਾ ਵੜਿੰਗ ਨੇ ਕਿਹਾ ਕਿ ਕਾਂਗਰਸ ਇੱਕ ਲੋਕਤੰਤਰੀ ਪਾਰਟੀ ਹੈ, ਜਿੱਥੇ ਹਰ ਆਗੂ ਨੂੰ ਆਪਣੇ ਵਿਚਾਰ ਪ੍ਰਗਟ ਕਰਨ ਦੀ ਪੂਰੀ ਆਜ਼ਾਦੀ ਹੈ। ਉਨ੍ਹਾਂ ਕਿਹਾ ਕਿ ਕੁਝ ਆਗੂਆਂ ਦੇ ਮਿਲਣ ਜਾਂ ਵਿਚਾਰ-ਵਟਾਂਦਰੇ ਨੂੰ ਕਿਸੇ ਤਰ੍ਹਾਂ ਦੇ ਵਿਵਾਦ ਵਜੋਂ ਨਹੀਂ ਦੇਖਣਾ ਚਾਹੀਦਾ, ਕਿਉਂਕਿ ਇਹ ਪਾਰਟੀ ਦੀ ਅੰਦਰੂਨੀ ਲੋਕਤੰਤਰੀ ਪ੍ਰਕਿਰਿਆ ਦਾ ਹਿੱਸਾ ਹੈ।

ਰੰਧਾਵਾ ਨਾਲ ਰਿਸ਼ਤਿਆਂ ‘ਤੇ ਦਿੱਤੀ ਸਫ਼ਾਈ
ਸੁਖਜਿੰਦਰ ਸਿੰਘ ਰੰਧਾਵਾ ਨਾਲ ਸੰਬੰਧਾਂ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਰਾਜਾ ਵੜਿੰਗ ਨੇ ਕਿਹਾ ਕਿ ਰੰਧਾਵਾ ਉਨ੍ਹਾਂ ਲਈ ਵੱਡੇ ਭਰਾ ਵਰਗੇ ਹਨ ਅਤੇ ਦੋਵਾਂ ਦੇ ਰਿਸ਼ਤੇ ਕਰੀਬ 30 ਸਾਲ ਪੁਰਾਣੇ ਹਨ। ਉਨ੍ਹਾਂ ਕਿਹਾ ਕਿ ਜੇਕਰ ਕੋਈ ਗਿਲਾ-ਸ਼ਿਕਵਾ ਹੈ ਤਾਂ ਉਹ ਗੱਲਬਾਤ ਰਾਹੀਂ ਦੂਰ ਕਰ ਲਿਆ ਜਾਵੇਗਾ। ਉਨ੍ਹਾਂ ਇਹ ਵੀ ਸੰਭਾਵਨਾ ਜਤਾਈ ਕਿ ਕੁਝ ਗਲਤਫ਼ਹਿਮੀਆਂ ਜਾਂ ਅਫ਼ਵਾਹਾਂ ਕਾਰਨ ਅਜਿਹਾ ਮਾਹੌਲ ਬਣਿਆ ਹੋ ਸਕਦਾ ਹੈ।ਰਾਜਾ ਵੜਿੰਗ ਨੇ ਕਿਹਾ ਕਿ ਉਨ੍ਹਾਂ ਦੀ ਪਹਿਲੀ ਤਰਜੀਹ ਪੰਜਾਬ ਕਾਂਗਰਸ ਨੂੰ ਹੋਰ ਮਜ਼ਬੂਤ ਕਰਨਾ ਹੈ। ਉਨ੍ਹਾਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਹਰ ਸੀਨੀਅਰ ਆਗੂ, ਵਰਕਰ ਅਤੇ ਜ਼ਮੀਨੀ ਲੀਡਰ ਨੂੰ ਨਾਲ ਲੈ ਕੇ ਸੰਗਠਨ ਨੂੰ ਮਜ਼ਬੂਤ ਕੀਤਾ ਜਾਵੇਗਾ। ਵੜਿੰਗ ਨੇ ਕਿਹਾ ਕਿ ਕਾਂਗਰਸ ਵਿੱਚ ਸਾਰੇ ਸੰਗਠਨਾਤਮਕ ਫ਼ੈਸਲੇ ਹਾਈਕਮਾਂਡ ਕਰਦੀ ਹੈ ਅਤੇ ਹਰ ਆਗੂ ਦਾ ਫ਼ਰਜ਼ ਹੈ ਕਿ ਉਹ ਪਾਰਟੀ ਦੇ ਫ਼ੈਸਲਿਆਂ ਦਾ ਸਤਿਕਾਰ ਕਰੇ। ਉਨ੍ਹਾਂ ਭਰੋਸਾ ਦਿੱਤਾ ਕਿ ਪਾਰਟੀ ਦੇ ਅੰਦਰਲੇ ਮਤਭੇਦ ਆਪਸੀ ਗੱਲਬਾਤ ਰਾਹੀਂ ਸੁਲਝਾਏ ਜਾਣਗੇ ਅਤੇ ਕਿਸੇ ਨੂੰ ਵੀ ਇਸ ਦਾ ਸਿਆਸੀ ਲਾਭ ਨਹੀਂ ਲੈਣ ਦਿੱਤਾ ਜਾਵੇਗਾ।
ਭੂਪੇਸ਼ ਬਘੇਲ ਨੇ ਵੀ ਦਿੱਤਾ ਏਕਤਾ ਦਾ ਸੰਦੇਸ਼
ਪੰਜਾਬ ਕਾਂਗਰਸ ਦੇ ਇੰਚਾਰਜ ਭੂਪੇਸ਼ ਬਘੇਲ ਨੇ ਕਿਹਾ ਕਿ ਉਹ ਲਗਾਤਾਰ ਸੀਨੀਅਰ ਆਗੂਆਂ ਅਤੇ ਵਰਕਰਾਂ ਨਾਲ ਮੁਲਾਕਾਤ ਕਰ ਰਹੇ ਹਨ ਅਤੇ ਇਹ ਪ੍ਰਕਿਰਿਆ ਅੱਗੇ ਵੀ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਵਿੱਚ ਹਰ ਆਗੂ ਨੂੰ ਆਪਣੀ ਗੱਲ ਰੱਖਣ ਦੀ ਆਜ਼ਾਦੀ ਹੈ ਅਤੇ ਪਾਰਟੀ ਵਿਚਾਰ-ਵਟਾਂਦਰੇ ਦੀ ਪਰੰਪਰਾ ‘ਤੇ ਵਿਸ਼ਵਾਸ ਕਰਦੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਵਿੱਚ ਕਾਂਗਰਸ ਇਕਜੁੱਟ ਹੈ ਅਤੇ ਆਉਣ ਵਾਲੀਆਂ ਚੋਣਾਂ ਲਈ ਪੂਰੀ ਤਿਆਰੀ ਕਰ ਰਹੀ ਹੈ।

ਗੁਰਜੀਤ ਔਜਲਾ ਨੇ ਸਰਕਾਰ ‘ਤੇ ਚੁੱਕੇ ਸਵਾਲ
ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਵੀ ਕਿਹਾ ਕਿ ਪੰਜਾਬ ਕਾਂਗਰਸ ਪੂਰੀ ਤਰ੍ਹਾਂ ਇਕਜੁੱਟ ਹੈ ਅਤੇ 2027 ਦੀਆਂ ਚੋਣਾਂ ਲਈ ਰਣਨੀਤੀ ਤਿਆਰ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਬੇਰੁਜ਼ਗਾਰੀ, ਨਸ਼ਾ, ਕਾਨੂੰਨ-ਵਿਵਸਥਾ ਅਤੇ ਵਿਕਾਸ ਵਰਗੇ ਲੋਕਾਂ ਨਾਲ ਜੁੜੇ ਮੁੱਦਿਆਂ ਨੂੰ ਲੈ ਕੇ ਚੋਣ ਮੈਦਾਨ ਵਿੱਚ ਉਤਰੇਗੀ।

ਇਸ ਦੌਰਾਨ ਔਜਲਾ ਨੇ ਭਗਵੰਤ ਮਾਨ ਸਰਕਾਰ ‘ਤੇ ਵੀ ਨਿਸ਼ਾਨਾ ਸਾਧਦਿਆਂ ਦੋਸ਼ ਲਗਾਇਆ ਕਿ ਪੰਜਾਬ ਵਿੱਚ ਕਾਨੂੰਨ-ਵਿਵਸਥਾ ਦੀ ਸਥਿਤੀ ਚਿੰਤਾਜਨਕ ਬਣਦੀ ਜਾ ਰਹੀ ਹੈ। ਉਨ੍ਹਾਂ ਨਗਰ ਕੌਂਸਲਾਂ ਦੇ ਗਠਨ, ਨਸ਼ੇ, ਗੈਂਗਸਟਰਵਾਦ ਅਤੇ ਸਰਹੱਦੀ ਇਲਾਕਿਆਂ ਦੀ ਸੁਰੱਖਿਆ ਨੂੰ ਲੈ ਕੇ ਵੀ ਸਰਕਾਰ ਨੂੰ ਘੇਰਿਆ ਅਤੇ ਨਿਰਪੱਖ ਕਾਰਵਾਈ ਦੀ ਮੰਗ ਕੀਤੀ।