ਤਰਨ ਤਾਰਨ ‘ਚ ਨਸ਼ਾ ਤਸਕਰੀ ਮਾਮਲੇ ‘ਚ ਸਬ-ਇੰਸਪੈਕਟਰ ਗ੍ਰਿਫ਼ਤਾਰ, 300 ਗ੍ਰਾਮ ਹੈਰੋਇਨ ਤੇ ₹1.27 ਲੱਖ ਡਰੱਗ ਮਨੀ ਬਰਾਮਦ
ਤਰਨ ਤਾਰਨ: ਪੰਜਾਬ ਸਰਕਾਰ ਦੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਤਰਨ ਤਾਰਨ ਪੁਲਿਸ ਨੇ ਨਸ਼ਾ ਤਸਕਰੀ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਖਾਲੜਾ ਥਾਣੇ ਵਿੱਚ ਤਾਇਨਾਤ ਇੱਕ ਸਬ-ਇੰਸਪੈਕਟਰ ਅਤੇ ਉਸ ਦੀ ਮਹਿਲਾ ਸਾਥਣ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਦੋਵਾਂ ਦੇ ਕਬਜ਼ੇ ਵਿੱਚੋਂ 300 ਗ੍ਰਾਮ ਹੈਰੋਇਨ, 1.27 ਲੱਖ ਰੁਪਏ ਦੀ ਕਥਿਤ ਡਰੱਗ ਮਨੀ ਅਤੇ ਇੱਕ ਕਾਰ ਬਰਾਮਦ ਕੀਤੀ ਹੈ। ਐਸਐਸਪੀ ਤਰਨ ਤਾਰਨ ਸੁਰੇਂਦਰ ਲਾਂਬਾ ਨੇ ਦੱਸਿਆ ਕਿ ਗ੍ਰਿਫ਼ਤਾਰ ਪੁਲਿਸ ਮੁਲਾਜ਼ਮ ਦੀ ਪਛਾਣ ਸਬ-ਇੰਸਪੈਕਟਰ ਸਾਹਿਬ ਸਿੰਘ, ਵਾਸੀ ਮੱਜੂਪੁਰ (ਜ਼ਿਲ੍ਹਾ ਤਰਨ ਤਾਰਨ) ਵਜੋਂ ਹੋਈ ਹੈ, ਜੋ ਥਾਣਾ ਖਾਲੜਾ ਵਿੱਚ ਜਾਂਚ ਅਧਿਕਾਰੀ (ਆਈਓ) ਵਜੋਂ ਤਾਇਨਾਤ ਸੀ। ਉਸ ਦੀ ਮਹਿਲਾ ਸਾਥਣ ਦੀ ਪਛਾਣ ਕਿੰਦਰ ਕੌਰ ਵਜੋਂ ਹੋਈ ਹੈ, ਜੋ ਇਸ ਵੇਲੇ ਬਾਬਾ ਜੱਲਣ ਕਲੋਨੀ, ਝਬਾਲ ਦੀ ਰਹਿਣ ਵਾਲੀ ਹੈ।

ਪੁਲਿਸ ਮੁਤਾਬਕ ਭਰੋਸੇਯੋਗ ਸੂਚਨਾ ਦੇ ਆਧਾਰ ‘ਤੇ ਥਾਣਾ ਝਬਾਲ ਦੀ ਪੁਲਿਸ ਨੇ ਬਾਬਾ ਜੱਲਣ ਕਲੋਨੀ ਨੇੜੇ ਨਾਕਾਬੰਦੀ ਕਰਕੇ ਇੱਕ ਚਿੱਟੇ ਰੰਗ ਦੀ ਹੁੰਡਈ ਆਈ-20 ਕਾਰ ਨੂੰ ਰੋਕਿਆ। ਤਲਾਸ਼ੀ ਦੌਰਾਨ ਸਬ-ਇੰਸਪੈਕਟਰ ਸਾਹਿਬ ਸਿੰਘ ਦੀ ਪੈਂਟ ਦੀ ਜੇਬ ਵਿੱਚੋਂ 300 ਗ੍ਰਾਮ ਹੈਰੋਇਨ ਬਰਾਮਦ ਹੋਈ, ਜਦਕਿ ਕਿੰਦਰ ਕੌਰ ਦੇ ਪਰਸ ਵਿੱਚੋਂ 1 ਲੱਖ 27 ਹਜ਼ਾਰ ਰੁਪਏ ਦੀ ਕਥਿਤ ਡਰੱਗ ਮਨੀ ਮਿਲੀ। ਪੁਲਿਸ ਨੇ ਦੋਵਾਂ ਮੁਲਜ਼ਮਾਂ ਨੂੰ ਮੌਕੇ ਤੋਂ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਵਰਤੀ ਜਾ ਰਹੀ ਹੁੰਡਈ ਆਈ-20 ਕਾਰ ਵੀ ਜ਼ਬਤ ਕਰ ਲਈ ਹੈ। ਇਹ ਪੂਰੀ ਕਾਰਵਾਈ ਡੀਐਸਪੀ ਦੀ ਮੌਜੂਦਗੀ ਵਿੱਚ ਕੀਤੀ ਗਈ। ਐਸਐਸਪੀ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਮੁਲਜ਼ਮਾਂ ਦੇ ਨਸ਼ਾ ਤਸਕਰੀ ਨਾਲ ਜੁੜੇ ਅੱਗੇ ਅਤੇ ਪਿੱਛੇ ਦੇ ਸਬੰਧਾਂ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਹੈਰੋਇਨ ਦੀ ਸਪਲਾਈ ਕਿੱਥੋਂ ਆਈ ਅਤੇ ਇਸ ਨੈੱਟਵਰਕ ਨਾਲ ਹੋਰ ਕੌਣ-ਕੌਣ ਜੁੜਿਆ ਹੋਇਆ ਹੈ।ਇਸ ਮਾਮਲੇ ਸਬੰਧੀ ਥਾਣਾ ਝਬਾਲ ਵਿੱਚ ਐਫਆਈਆਰ ਨੰਬਰ 117/26 ਤਹਿਤ ਐਨਡੀਪੀਐਸ ਐਕਟ ਦੀਆਂ ਧਾਰਾਵਾਂ 21-ਸੀ, 27-ਏ ਅਤੇ 29 ਅਧੀਨ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਨੇ ਦੱਸਿਆ ਕਿ ਦੋਵਾਂ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਜਾਂਚ ਦੇ ਆਧਾਰ ‘ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਨਸ਼ਾ ਤਸਕਰੀ ਵਿੱਚ ਕਿਸੇ ਵੀ ਵਿਅਕਤੀ ਦੀ ਸ਼ਮੂਲੀਅਤ ਬਰਦਾਸ਼ਤ ਨਹੀਂ ਕੀਤੀ ਜਾਵੇਗੀ, ਭਾਵੇਂ ਉਹ ਪੁਲਿਸ ਵਿਭਾਗ ਨਾਲ ਹੀ ਕਿਉਂ ਨਾ ਸੰਬੰਧਿਤ ਹੋਵੇ।