ਅੰਮ੍ਰਿਤਸਰ ‘ਚ ਪੁਲਿਸ ਤੇ ਮੁਲਜ਼ਮ ਵਿਚਾਲੇ ਮੁਕਾਬਲਾ, ਜਵਾਬੀ ਫਾਇਰਿੰਗ ‘ਚ ਗੋਲੀ ਲੱਗਣ ਤੋਂ ਬਾਅਦ ਕਾਬੂ
ਅੰਮ੍ਰਿਤਸਰ: ਜੰਡਿਆਲਾ ਗੁਰੂ ਦੇ ਸ਼ੇਖੂਪੁਰਾ ਇਲਾਕੇ ਵਿੱਚ ਹੋਈ ਫਾਇਰਿੰਗ ਦੀ ਘਟਨਾ ਤੋਂ ਬਾਅਦ ਅੰਮ੍ਰਿਤਸਰ ਪੁਲਿਸ ਨੇ 36 ਘੰਟਿਆਂ ਦੇ ਅੰਦਰ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਗ੍ਰਿਫ਼ਤਾਰੀ ਦੌਰਾਨ ਪੁਲਿਸ ਅਤੇ ਮੁਲਜ਼ਮ ਵਿਚਾਲੇ ਫਾਇਰਿੰਗ ਵੀ ਹੋਈ, ਜਿਸ ਵਿੱਚ ਮੁਲਜ਼ਮ ਜ਼ਖ਼ਮੀ ਹੋ ਗਿਆ। ਉਸ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਡੀਐਸਪੀ ਬਲਜੀਤ ਸਿੰਘ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ ‘ਤੇ ਐਸਐਚਓ ਹਰਪਾਲ ਸਿੰਘ ਦੀ ਅਗਵਾਈ ਹੇਠ ਜਾਣੀਆਂ ਦੇ ਮੋੜ ਨੇੜੇ ਨਾਕਾਬੰਦੀ ਕੀਤੀ ਗਈ ਸੀ। ਇਸ ਦੌਰਾਨ ਮੋਟਰਸਾਈਕਲ ‘ਤੇ ਆ ਰਹੇ ਲਵਪ੍ਰੀਤ ਸਿੰਘ ਪੁੱਤਰ ਮੰਗਲ ਸਿੰਘ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ, ਪਰ ਉਸ ਨੇ ਰੁਕਣ ਦੀ ਬਜਾਏ ਪੁਲਿਸ ਪਾਰਟੀ ‘ਤੇ ਗੋਲੀਬਾਰੀ ਕਰ ਦਿੱਤੀ। ਪੁਲਿਸ ਵੱਲੋਂ ਕੀਤੀ ਗਈ ਜਵਾਬੀ ਫਾਇਰਿੰਗ ਦੌਰਾਨ ਇੱਕ ਗੋਲੀ ਮੁਲਜ਼ਮ ਦੀ ਖੱਬੀ ਲੱਤ ਵਿੱਚ ਲੱਗੀ। ਜ਼ਖ਼ਮੀ ਹਾਲਤ ਵਿੱਚ ਉਸ ਨੂੰ ਤੁਰੰਤ ਹਸਪਤਾਲ ਭੇਜਿਆ ਗਿਆ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ।

ਪੁਲਿਸ ਨੇ ਮੁਲਜ਼ਮ ਦੇ ਕਬਜ਼ੇ ਵਿੱਚੋਂ 30 ਬੋਰ ਦਾ ਮੈਗਜ਼ੀਨ ਵਾਲਾ ਪਿਸਤੌਲ, ਤਿੰਨ ਜ਼ਿੰਦਾ ਕਾਰਤੂਸ ਅਤੇ ਇੱਕ ਮੋਟਰਸਾਈਕਲ ਬਰਾਮਦ ਕੀਤਾ ਹੈ। ਪੁਲਿਸ ਰਿਕਾਰਡ ਅਨੁਸਾਰ ਉਸ ਖ਼ਿਲਾਫ਼ ਪਹਿਲਾਂ ਹੀ ਅੱਠ ਅਪਰਾਧਿਕ ਮਾਮਲੇ ਦਰਜ ਹਨ।ਡੀਐਸਪੀ ਮੁਤਾਬਕ ਜਿਸ ਘਰ ‘ਤੇ ਫਾਇਰਿੰਗ ਕੀਤੀ ਗਈ ਸੀ, ਉਹ ਬਲਜੀਤ ਸਿੰਘ ਉਰਫ਼ ਬੁੱਲੀ ਦਾ ਘਰ ਹੈ, ਜੋ ਇਸ ਵੇਲੇ ਅੰਮ੍ਰਿਤਸਰ ਜੇਲ੍ਹ ਵਿੱਚ ਬੰਦ ਹੈ। ਪੁਲਿਸ ਦੀ ਮੁੱਢਲੀ ਜਾਂਚ ਅਨੁਸਾਰ ਜੇਲ੍ਹ ਅੰਦਰ ਲਵਪ੍ਰੀਤ ਸਿੰਘ ਅਤੇ ਸਾਜਨ ਉਰਫ਼ ਕਾਨਾ ਵਿਚਾਲੇ ਹੋਈ ਝੜਪ ਤੋਂ ਬਾਅਦ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ। ਦੋਸ਼ ਹੈ ਕਿ ਸਾਜਨ ਉਰਫ਼ ਕਾਨਾ ਨੇ ਆਪਣੇ ਸਾਥੀਆਂ ਰਾਹੀਂ ਬਲਜੀਤ ਸਿੰਘ ਬੁੱਲੀ ਦੇ ਘਰ ‘ਤੇ ਫਾਇਰਿੰਗ ਕਰਵਾਈ ਸੀ, ਜਿਸ ਤੋਂ ਬਾਅਦ ਪੁਲਿਸ ਨੇ ਜਾਂਚ ਤੇਜ਼ ਕਰਦਿਆਂ ਮੁਲਜ਼ਮ ਦੀ ਭਾਲ ਸ਼ੁਰੂ ਕੀਤੀ। ਪੁਲਿਸ ਨੇ ਦੱਸਿਆ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਇਹ ਵੀ ਪਤਾ ਲਗਾਇਆ ਜਾ ਰਿਹਾ ਹੈ ਕਿ ਇਸ ਘਟਨਾ ਵਿੱਚ ਹੋਰ ਕੌਣ-ਕੌਣ ਸ਼ਾਮਲ ਸੀ। ਫ਼ਰਾਰ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਵੀ ਛਾਪੇਮਾਰੀ ਜਾਰੀ ਹੈ।