ਹਰੀਕੇ ਅਰਦਾਸ ਸਮਾਗਮ ਤੋਂ ਪਹਿਲਾਂ ਬੀਬੀ ਪਰਮਜੀਤ ਕੌਰ ਖਾਲੜਾ ਦੀ ਅਪੀਲ, ਲਾਪਤਾ ਲੋਕਾਂ ਅਤੇ ਲਾਵਾਰਿਸ ਲਾਸ਼ਾਂ ਦੀ ਸੱਚਾਈ ਸਾਹਮਣੇ ਲਿਆਉਣ ਦੀ ਕੀਤੀ ਮੰਗ
ਚੰਡੀਗੜ੍ਹ: ਹਰੀਕੇ ਪੱਤਣ ਵਿਖੇ 14 ਜੁਲਾਈ ਨੂੰ ਹੋਣ ਵਾਲੇ ਅਰਦਾਸ ਸਮਾਗਮ ਤੋਂ ਪਹਿਲਾਂ ਬੀਬੀ ਪਰਮਜੀਤ ਕੌਰ ਖਾਲੜਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੂੰ ਸੰਬੋਧਨ ਕਰਦਿਆਂ ਕਈ ਮੰਗਾਂ ਰੱਖੀਆਂ ਹਨ। ਉਨ੍ਹਾਂ ਕਿਹਾ ਕਿ ਇਹ ਸਮਾਗਮ ਸਿਰਫ਼ ਸ਼ਰਧਾਂਜਲੀ ਦਾ ਮੌਕਾ ਨਹੀਂ, ਸਗੋਂ ਸੱਚ, ਇਨਸਾਫ਼ ਅਤੇ ਮਨੁੱਖੀ ਅਧਿਕਾਰਾਂ ਨਾਲ ਜੁੜੇ ਮੁੱਦਿਆਂ ਨੂੰ ਉਜਾਗਰ ਕਰਨ ਦਾ ਵੀ ਇੱਕ ਮਹੱਤਵਪੂਰਨ ਮੌਕਾ ਹੈ। ਫੇਸਬੁੱਕ ‘ਤੇ ਜਾਰੀ ਆਪਣੇ ਸੰਦੇਸ਼ ਵਿੱਚ ਬੀਬੀ ਪਰਮਜੀਤ ਕੌਰ ਖਾਲੜਾ ਨੇ ਪੰਜਾਬ, ਸਮੁੱਚੇ ਸਿੱਖ ਪੰਥ ਅਤੇ ਦੁਨੀਆ ਭਰ ਦੇ ਮਨੁੱਖੀ ਅਧਿਕਾਰਾਂ ਵਿੱਚ ਵਿਸ਼ਵਾਸ ਰੱਖਣ ਵਾਲੇ ਲੋਕਾਂ ਨੂੰ ਹਰੀਕੇ ਪੱਤਣ ਵਿਖੇ ਹੋਣ ਵਾਲੇ ਅਰਦਾਸ ਸਮਾਗਮ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜੂਨ 1984 ਦੇ ਸ੍ਰੀ ਦਰਬਾਰ ਸਾਹਿਬ ‘ਤੇ ਫੌਜੀ ਕਾਰਵਾਈ, ਨਵੰਬਰ 1984 ਦੇ ਸਿੱਖ ਵਿਰੋਧੀ ਦੰਗਿਆਂ ਅਤੇ ਉਸ ਤੋਂ ਬਾਅਦ ਦੇ ਸਾਲਾਂ ਦੌਰਾਨ ਲਾਪਤਾ ਹੋਏ ਲੋਕਾਂ, ਲਾਵਾਰਿਸ ਲਾਸ਼ਾਂ ਅਤੇ ਕਥਿਤ ਝੂਠੇ ਪੁਲਿਸ ਮੁਕਾਬਲਿਆਂ ਨਾਲ ਜੁੜੇ ਮਾਮਲੇ ਅੱਜ ਵੀ ਇਨਸਾਫ਼ ਦੀ ਉਡੀਕ ਕਰ ਰਹੇ ਹਨ।

ਆਪਣੇ ਬਿਆਨ ਵਿੱਚ ਉਨ੍ਹਾਂ ਵੱਖ-ਵੱਖ ਸਮਿਆਂ ਦੌਰਾਨ ਸੱਤਾ ਵਿੱਚ ਰਹੀਆਂ ਸਰਕਾਰਾਂ ਦੀ ਆਲੋਚਨਾ ਕਰਦਿਆਂ ਦੋਸ਼ ਲਗਾਇਆ ਕਿ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਲਈ ਲੋੜੀਂਦੇ ਕਦਮ ਨਹੀਂ ਚੁੱਕੇ ਗਏ। ਉਨ੍ਹਾਂ ਇਹ ਵੀ ਕਿਹਾ ਕਿ ਜਿਨ੍ਹਾਂ ਅਧਿਕਾਰੀਆਂ ਜਾਂ ਵਿਅਕਤੀਆਂ ‘ਤੇ ਗੰਭੀਰ ਦੋਸ਼ ਲੱਗੇ, ਉਨ੍ਹਾਂ ਖ਼ਿਲਾਫ਼ ਪ੍ਰਭਾਵਸ਼ਾਲੀ ਕਾਰਵਾਈ ਹੋਣੀ ਚਾਹੀਦੀ ਸੀ।

ਬੀਬੀ ਪਰਮਜੀਤ ਕੌਰ ਖਾਲੜਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਅਪੀਲ ਕੀਤੀ ਕਿ ਪੰਜਾਬ ਵਿੱਚ 1980 ਅਤੇ 1990 ਦੇ ਦਹਾਕਿਆਂ ਦੌਰਾਨ ਲਾਪਤਾ ਹੋਏ ਲੋਕਾਂ, ਲਾਵਾਰਿਸ ਲਾਸ਼ਾਂ ਅਤੇ ਕਥਿਤ ਝੂਠੇ ਪੁਲਿਸ ਮੁਕਾਬਲਿਆਂ ਨਾਲ ਸਬੰਧਤ ਮਾਮਲਿਆਂ ਦੀ ਜਾਂਚ ਲਈ ਇੱਕ ਸੁਤੰਤਰ ਲੋਕ ਕਮਿਸ਼ਨ ਬਣਾਇਆ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਮੰਗ ਕੀਤੀ ਕਿ ਅਣਪਛਾਤੀਆਂ ਲਾਸ਼ਾਂ ਨਾਲ ਸਬੰਧਤ ਇਤਿਹਾਸਕ ਰਿਕਾਰਡ ਨੂੰ ਸੰਭਾਲਣ ਲਈ ਉਚਿਤ ਕਦਮ ਚੁੱਕੇ ਜਾਣ ਅਤੇ ਪੀੜਤ ਪਰਿਵਾਰਾਂ ਦੀ ਹਰ ਸੰਭਵ ਮਾਲੀ ਤੇ ਕਾਨੂੰਨੀ ਮਦਦ ਕੀਤੀ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਕੋਈ ਵੀ ਰਾਜਨੀਤਿਕ ਪਾਰਟੀ ਜਾਂ ਵਿਅਕਤੀ ਕਾਨੂੰਨ ਅਤੇ ਜਵਾਬਦੇਹੀ ਤੋਂ ਉੱਪਰ ਨਹੀਂ ਹੋਣਾ ਚਾਹੀਦਾ। ਜਿਨ੍ਹਾਂ ਲੋਕਾਂ ‘ਤੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਜਾਂ ਨਿਰਦੋਸ਼ ਲੋਕਾਂ ਦੇ ਕਤਲ ਵਰਗੇ ਗੰਭੀਰ ਦੋਸ਼ ਹਨ, ਉਨ੍ਹਾਂ ਮਾਮਲਿਆਂ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ ਅਤੇ ਸੱਚ ਸਾਹਮਣੇ ਲਿਆਉਣ ਲਈ ਸੰਵਿਧਾਨਕ ਅਤੇ ਕਾਨੂੰਨੀ ਪ੍ਰਕਿਰਿਆ ਅਪਣਾਈ ਜਾਣੀ ਚਾਹੀਦੀ ਹੈ। ਬੀਬੀ ਪਰਮਜੀਤ ਕੌਰ ਖਾਲੜਾ ਨੇ ਅੰਤ ਵਿੱਚ ਅਪੀਲ ਕੀਤੀ ਕਿ ਇਸ ਸੰਵੇਦਨਸ਼ੀਲ ਇਤਿਹਾਸਕ ਮੁੱਦੇ ਨੂੰ ਕਿਸੇ ਵੀ ਤਰ੍ਹਾਂ ਦੀ ਰਾਜਨੀਤਿਕ ਲਾਭ ਲਈ ਨਾ ਵਰਤਿਆ ਜਾਵੇ, ਸਗੋਂ ਸੱਚ, ਇਨਸਾਫ਼ ਅਤੇ ਜਵਾਬਦੇਹੀ ਨੂੰ ਯਕੀਨੀ ਬਣਾਉਣ ਲਈ ਸਾਂਝੇ ਯਤਨ ਕੀਤੇ ਜਾਣ। ਉਨ੍ਹਾਂ ਕਿਹਾ ਕਿ ਪੀੜਤਾਂ ਅਤੇ ਸਰਦਾਰ ਜਸਵੰਤ ਸਿੰਘ ਖਾਲੜਾ ਦੀ ਯਾਦ ਨੂੰ ਸੱਚੀ ਸ਼ਰਧਾਂਜਲੀ ਤਦੋਂ ਹੀ ਹੋਵੇਗੀ ਜਦੋਂ ਇਨਸਾਫ਼ ਅਤੇ ਸੱਚ ਦੀ ਦਿਸ਼ਾ ਵਿੱਚ ਠੋਸ ਕਦਮ ਚੁੱਕੇ ਜਾਣਗੇ।