ਭਾਰਤ-ਅਮਰੀਕਾ ਵਪਾਰ ਸਮਝੌਤੇ ਦੇ ਵਿਰੋਧ ‘ਚ ਕਿਸਾਨ ਜਥੇਬੰਦੀਆਂ ਦਾ ਦੇਸ਼-ਪੱਧਰੀ ਐਕਸ਼ਨ, 15 ਜੁਲਾਈ ਨੂੰ ਮੋਟਰਸਾਈਕਲ ਮਾਰਚ ਦਾ ਐਲਾਨ
ਅੰਮ੍ਰਿਤਸਰ: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਆਗੂ ਸਰਵਣ ਸਿੰਘ ਪੰਧੇਰ ਨੇ ਭਾਰਤ-ਅਮਰੀਕਾ ਪ੍ਰਸਤਾਵਿਤ ਵਪਾਰ ਸਮਝੌਤੇ ਦੇ ਵਿਰੋਧ ਵਿੱਚ 15 ਜੁਲਾਈ ਨੂੰ ਦੇਸ਼-ਪੱਧਰ ‘ਤੇ ਮੋਟਰਸਾਈਕਲ ਮਾਰਚ ਕੱਢਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਮਾਰਚ ‘ਦੇਸ਼ ਬਚਾਓ ਮੋਰਚੇ’ ਦੇ ਸੱਦੇ ‘ਤੇ ਕਰਵਾਏ ਜਾ ਰਹੇ ਹਨ, ਜਿਨ੍ਹਾਂ ਦਾ ਉਦੇਸ਼ ਕੇਂਦਰ ਸਰਕਾਰ ਤੱਕ ਕਿਸਾਨਾਂ, ਮਜ਼ਦੂਰਾਂ, ਛੋਟੇ ਵਪਾਰੀਆਂ ਅਤੇ ਆਮ ਲੋਕਾਂ ਦੀ ਚਿੰਤਾ ਪਹੁੰਚਾਉਣਾ ਹੈ।
ਪੰਜਾਬ ਸਮੇਤ ਕਈ ਸੂਬਿਆਂ ਵਿੱਚ ਹੋਣਗੇ ਮਾਰਚ
ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਪੰਜਾਬ ਦੇ 23 ਜ਼ਿਲ੍ਹਿਆਂ ਵਿੱਚ ਵੱਡੇ ਪੱਧਰ ‘ਤੇ ਮੋਟਰਸਾਈਕਲ ਮਾਰਚ ਕੱਢੇ ਜਾਣਗੇ। ਇਨ੍ਹਾਂ ਵਿੱਚ ਕਿਸਾਨ ਮਜ਼ਦੂਰ ਮੋਰਚਾ, ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ), ਆਜ਼ਾਦ ਕਿਸਾਨ ਮੋਰਚਾ ਅਤੇ ਹੋਰ ਕਈ ਕਿਸਾਨ ਜਥੇਬੰਦੀਆਂ ਹਿੱਸਾ ਲੈਣਗੀਆਂ। ਉਨ੍ਹਾਂ ਦੱਸਿਆ ਕਿ ਹਰਿਆਣਾ ਵਿੱਚ ਵੀ ਬੀਕੇਯੂ ਸ਼ਹੀਦ ਭਗਤ ਸਿੰਘ, ਬੀਕੇਯੂ ਚੜੂਨੀ ਅਤੇ ਹੋਰ ਕਿਸਾਨ ਸੰਗਠਨ ਇਸ ਮੁਹਿੰਮ ਵਿੱਚ ਸ਼ਾਮਲ ਹੋਣਗੇ। ਇਸ ਤੋਂ ਇਲਾਵਾ ਰਾਜਸਥਾਨ, ਹਿਮਾਚਲ ਪ੍ਰਦੇਸ਼, ਉੱਤਰ ਪ੍ਰਦੇਸ਼, ਉੱਤਰਾਖੰਡ, ਮੱਧ ਪ੍ਰਦੇਸ਼, ਓਡੀਸ਼ਾ, ਦਿੱਲੀ ਅਤੇ ਮਹਾਰਾਸ਼ਟਰ ਸਮੇਤ ਕਈ ਸੂਬਿਆਂ ਵਿੱਚ ਵੀ ਰੋਸ ਮਾਰਚ ਅਤੇ ਪ੍ਰਦਰਸ਼ਨ ਕੀਤੇ ਜਾਣਗੇ।

ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਭਾਰਤ ਖੇਤੀਬਾੜੀ ਉਤਪਾਦਨ ਦੇ ਮਾਮਲੇ ਵਿੱਚ ਆਤਮਨਿਰਭਰ ਹੈ ਅਤੇ ਦੇਸ਼ ਵਿੱਚ ਅਨਾਜ, ਦਾਲਾਂ, ਫਲ, ਸਬਜ਼ੀਆਂ, ਤੇਲ ਬੀਜ ਅਤੇ ਹੋਰ ਜ਼ਰੂਰੀ ਖੇਤੀ ਉਤਪਾਦਾਂ ਦਾ ਵੱਡੇ ਪੱਧਰ ‘ਤੇ ਉਤਪਾਦਨ ਹੁੰਦਾ ਹੈ। ਉਨ੍ਹਾਂ ਦਾ ਦਾਅਵਾ ਹੈ ਕਿ ਜੇ ਭਾਰਤ-ਅਮਰੀਕਾ ਵਪਾਰ ਸਮਝੌਤਾ ਲਾਗੂ ਹੁੰਦਾ ਹੈ ਅਤੇ ਅਮਰੀਕੀ ਖੇਤੀ ਉਤਪਾਦ ਘੱਟ ਜਾਂ ਜ਼ੀਰੋ ਸ਼ੁਲਕ ‘ਤੇ ਭਾਰਤੀ ਮਾਰਕੀਟ ਵਿੱਚ ਆਉਂਦੇ ਹਨ, ਤਾਂ ਇਸ ਦਾ ਸਭ ਤੋਂ ਵੱਧ ਅਸਰ ਛੋਟੇ ਅਤੇ ਦਰਮਿਆਨੇ ਕਿਸਾਨਾਂ ‘ਤੇ ਪਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਅਮਰੀਕਾ ਵਿੱਚ ਕਿਸਾਨਾਂ ਨੂੰ ਵੱਡੇ ਪੱਧਰ ‘ਤੇ ਸਰਕਾਰੀ ਸਬਸਿਡੀ ਮਿਲਦੀ ਹੈ, ਜਦਕਿ ਭਾਰਤ ਦੇ ਜ਼ਿਆਦਾਤਰ ਕਿਸਾਨ ਛੋਟੀਆਂ ਜੋਤਾਂ ‘ਤੇ ਖੇਤੀ ਕਰਦੇ ਹਨ। ਅਜਿਹੇ ਵਿੱਚ ਵਿਦੇਸ਼ੀ ਉਤਪਾਦਾਂ ਨਾਲ ਮੁਕਾਬਲਾ ਕਰਨਾ ਉਨ੍ਹਾਂ ਲਈ ਮੁਸ਼ਕਲ ਹੋ ਸਕਦਾ ਹੈ। ‘ਦੇਸ਼ ਬਚਾਓ ਮੋਰਚੇ’ ਨੇ ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ, ਵਪਾਰੀਆਂ ਅਤੇ ਆਮ ਲੋਕਾਂ ਨੂੰ 15 ਜੁਲਾਈ ਨੂੰ ਹੋਣ ਵਾਲੇ ਮੋਟਰਸਾਈਕਲ ਮਾਰਚਾਂ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਜਥੇਬੰਦੀਆਂ ਦਾ ਕਹਿਣਾ ਹੈ ਕਿ ਇਹ ਅੰਦੋਲਨ ਦੇਸ਼ ਦੀ ਖੇਤੀਬਾੜੀ, ਡੇਅਰੀ ਸੈਕਟਰ, ਰੋਜ਼ਗਾਰ ਅਤੇ ਆਰਥਿਕ ਖ਼ੁਦਮੁਖ਼ਤਿਆਰੀ ਦੀ ਰੱਖਿਆ ਲਈ ਕੀਤਾ ਜਾ ਰਿਹਾ ਹੈ।