PM ਮੋਦੀ ਦੇ ਪੰਜਾਬ ਦੌਰੇ ਤੋਂ ਪਹਿਲਾਂ ਕਿਸਾਨਾਂ ਦਾ ਵਿਰੋਧ: ਅੰਮ੍ਰਿਤਸਰ ‘ਚ ਪੁਤਲਾ ਸਾੜ ਕੇ ਕੇਂਦਰ ਦੀਆਂ ਨੀਤੀਆਂ ਖ਼ਿਲਾਫ਼ ਪ੍ਰਦਰਸ਼ਨ
ਅੰਮ੍ਰਿਤਸਰ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਤੋਂ ਪਹਿਲਾਂ ਅੰਮ੍ਰਿਤਸਰ ਵਿੱਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਕੇਂਦਰ ਸਰਕਾਰ ਦੀਆਂ ਨੀਤੀਆਂ ਦੇ ਵਿਰੋਧ ਵਿੱਚ ਪ੍ਰਦਰਸ਼ਨ ਕੀਤਾ ਗਿਆ। ਗੋਲਡਨ ਗੇਟ ਨੇੜੇ ਇਕੱਠੇ ਹੋਏ ਕਿਸਾਨਾਂ ਨੇ ਪੁਤਲਾ ਸਾੜ ਕੇ ਆਪਣਾ ਰੋਸ ਪ੍ਰਗਟਾਇਆ ਅਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।ਪ੍ਰਦਰਸ਼ਨ ਦੌਰਾਨ ਕਿਸਾਨ ਆਗੂਆਂ ਨੇ ਦੋਸ਼ ਲਗਾਇਆ ਕਿ ਭਾਰਤ ਅਤੇ ਅਮਰੀਕਾ ਵਿਚਕਾਰ ਹੋਣ ਵਾਲੇ ਸੰਭਾਵਿਤ ਵਪਾਰਕ ਸਮਝੌਤੇ ਦਾ ਸਭ ਤੋਂ ਵੱਧ ਨੁਕਸਾਨ ਦੇਸ਼ ਦੇ ਕਿਸਾਨਾਂ ਅਤੇ ਖੇਤੀਬਾੜੀ ਖੇਤਰ ਨੂੰ ਹੋ ਸਕਦਾ ਹੈ। ਉਨ੍ਹਾਂ ਮੰਗ ਕੀਤੀ ਕਿ ਕੇਂਦਰ ਸਰਕਾਰ ਇਸ ਸਬੰਧੀ ਆਪਣਾ ਰੁਖ ਸਪੱਸ਼ਟ ਕਰੇ ਅਤੇ ਦੱਸੇ ਕਿ ਅਜਿਹੇ ਸਮਝੌਤਿਆਂ ਨਾਲ ਕਿਸਾਨਾਂ ਨੂੰ ਕੀ ਲਾਭ ਮਿਲੇਗਾ।

ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਕਲੇਰ ਨੇ ਦਾਅਵਾ ਕੀਤਾ ਕਿ ਜਲੰਧਰ ਵਿੱਚ ਕਿਸਾਨ ਆਗੂ ਸਲਵਿੰਦਰ ਸਿੰਘ ਨੂੰ ਪ੍ਰਦਰਸ਼ਨਾਂ ਤੋਂ ਪਹਿਲਾਂ ਘਰ ਵਿੱਚ ਹੀ ਨਜ਼ਰਬੰਦ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਜੇਕਰ ਨਜ਼ਰਬੰਦ ਕੀਤੇ ਗਏ ਕਿਸਾਨ ਆਗੂਆਂ ਨੂੰ ਤੁਰੰਤ ਰਿਹਾਅ ਨਾ ਕੀਤਾ ਗਿਆ ਤਾਂ ਜਥੇਬੰਦੀ ਆਪਣਾ ਸੰਘਰਸ਼ ਹੋਰ ਤੇਜ਼ ਕਰੇਗੀ। ਕਿਸਾਨ ਆਗੂਆਂ ਨੇ ਕਿਹਾ ਕਿ ਦੇਸ਼ ਦੇ ਕਿਸਾਨ ਲੰਬੇ ਸਮੇਂ ਤੋਂ ਘੱਟੋ-ਘੱਟ ਸਮਰਥਨ ਮੁੱਲ (MSP) ਨੂੰ ਕਾਨੂੰਨੀ ਗਾਰੰਟੀ ਦੇਣ ਦੀ ਮੰਗ ਕਰ ਰਹੇ ਹਨ, ਪਰ ਕੇਂਦਰ ਸਰਕਾਰ ਇਸ ਵੱਲ ਧਿਆਨ ਨਹੀਂ ਦੇ ਰਹੀ। ਉਨ੍ਹਾਂ ਦਾ ਦੋਸ਼ ਸੀ ਕਿ ਖੇਤੀ ਨਾਲ ਜੁੜੇ ਮੁੱਦਿਆਂ ਦੀ ਬਜਾਏ ਕਾਰਪੋਰੇਟ ਹਿੱਤਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ।
ਪੰਜਾਬ ਸਰਕਾਰ ‘ਤੇ ਵੀ ਕੀਤੀ ਆਲੋਚਨਾ
ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਨੂੰ ਵੀ ਨਿਸ਼ਾਨੇ ‘ਤੇ ਲੈਂਦਿਆਂ ਕਿਹਾ ਕਿ ਸੂਬਾ ਸਰਕਾਰ ਨੂੰ ਕਿਸਾਨਾਂ ਦੇ ਮੁੱਦਿਆਂ ‘ਤੇ ਹੋਰ ਮਜ਼ਬੂਤ ਰੁਖ ਅਪਣਾਉਣਾ ਚਾਹੀਦਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਲੈਂਡ ਪੂਲਿੰਗ ਨੀਤੀ ਕਿਸਾਨਾਂ ਦੇ ਹਿੱਤਾਂ ਦੇ ਵਿਰੁੱਧ ਹੈ ਅਤੇ ਇਸ ਨੂੰ ਵਾਪਸ ਲਿਆ ਜਾਣਾ ਚਾਹੀਦਾ ਹੈ।

ਸੰਘਰਸ਼ ਜਾਰੀ ਰੱਖਣ ਦਾ ਐਲਾਨ
ਕਿਸਾਨ ਜਥੇਬੰਦੀ ਨੇ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ‘ਤੇ ਗੌਰ ਨਾ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਵਿਰੋਧ ਪ੍ਰਦਰਸ਼ਨਾਂ ਨੂੰ ਹੋਰ ਵਿਸਥਾਰ ਦਿੱਤਾ ਜਾਵੇਗਾ। ਉਨ੍ਹਾਂ ਇਹ ਵੀ ਦੁਹਰਾਇਆ ਕਿ ਖੇਤੀਬਾੜੀ ਅਤੇ ਜ਼ਮੀਨਾਂ ਨਾਲ ਜੁੜੇ ਮੁੱਦਿਆਂ ‘ਤੇ ਕਿਸਾਨ ਪਿੱਛੇ ਹਟਣ ਵਾਲੇ ਨਹੀਂ ਹਨ ਅਤੇ ਆਪਣੀਆਂ ਮੰਗਾਂ ਲਈ ਸੰਘਰਸ਼ ਜਾਰੀ ਰੱਖਣਗੇ।