ਪੰਜਾਬ ਤੋਂ ਬੱਸਾਂ ਅਤੇ ਵਾਹਨਾਂ ਦੇ ਕਾਫਲੇ ਰਵਾਨਾ, ਮਹਾਪੰਚਾਇਤ ‘ਚ ਦੇਸ਼ ਭਰ ਦੀਆਂ ਸੈਂਕੜੇ ਕਿਸਾਨ ਜਥੇਬੰਦੀਆਂ ਦੀ ਸ਼ਮੂਲੀਅਤ
ਅੰਮ੍ਰਿਤਸਰ/ਪਟਿਆਲਾ, 21 ਜੁਲਾਈ: ਭਾਰਤ-ਅਮਰੀਕਾ ਵਿਚਾਲੇ ਹੋਣ ਜਾ ਰਹੇ ਵਪਾਰਕ ਸਮਝੌਤੇ (ਟਰੇਡ ਡੀਲ) ਦੇ ਵਿਰੋਧ ਵਿੱਚ ਕਿਸਾਨ ਜਥੇਬੰਦੀਆਂ ਨੇ ਸੰਘਰਸ਼ ਨੂੰ ਨਵਾਂ ਰੂਪ ਦੇ ਦਿੱਤਾ ਹੈ। ਦਿੱਲੀ ਦੇ ਕਿਸਾਨ ਘਾਟ ਵਿਖੇ ਅੱਜ ਹੋ ਰਹੀ ਮਹਾਪੰਚਾਇਤ ਲਈ ਪੰਜਾਬ ਸਮੇਤ ਦੇਸ਼ ਦੇ ਵੱਖ-ਵੱਖ ਸੂਬਿਆਂ ਤੋਂ ਹਜ਼ਾਰਾਂ ਕਿਸਾਨ ਰਵਾਨਾ ਹੋਏ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਇਹ ਅੰਦੋਲਨ “ਦੇਸ਼ ਬਚਾਓ ਮੋਰਚਾ” ਦੇ ਸੱਦੇ ‘ਤੇ ਕੀਤਾ ਜਾ ਰਿਹਾ ਹੈ। ਅੰਮ੍ਰਿਤਸਰ ਅਤੇ ਗੁਰਦਾਸਪੁਰ ਜ਼ਿਲ੍ਹਿਆਂ ਦੇ ਕਿਸਾਨ ਬਿਆਸ ਵਿਖੇ ਇਕੱਠੇ ਹੋਏ, ਜਿੱਥੋਂ ਉਹ ਬੱਸਾਂ, ਕਾਰਾਂ ਅਤੇ ਹੋਰ ਵਾਹਨਾਂ ਦੇ ਕਾਫਲਿਆਂ ਰਾਹੀਂ ਦਿੱਲੀ ਲਈ ਰਵਾਨਾ ਹੋਏ। ਇਸ ਦੌਰਾਨ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ ਗਈ।ਕਿਸਾਨ ਆਗੂਆਂ ਦਾ ਦੋਸ਼ ਹੈ ਕਿ ਭਾਰਤ-ਅਮਰੀਕਾ ਟਰੇਡ ਡੀਲ ਨਾਲ ਦੇਸ਼ ਦੀ ਖੇਤੀਬਾੜੀ, ਛੋਟੇ ਕਿਸਾਨਾਂ, ਮਜ਼ਦੂਰਾਂ ਅਤੇ ਛੋਟੇ ਵਪਾਰੀਆਂ ਦੇ ਹਿੱਤ ਪ੍ਰਭਾਵਿਤ ਹੋ ਸਕਦੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਅਮਰੀਕਾ ਵਿੱਚ ਕਿਸਾਨਾਂ ਨੂੰ ਵੱਡੀ ਸਬਸਿਡੀ ਮਿਲਦੀ ਹੈ, ਜਦਕਿ ਭਾਰਤ ਦੇ ਛੋਟੇ ਕਿਸਾਨ ਅਜਿਹੇ ਮੁਕਾਬਲੇ ਲਈ ਤਿਆਰ ਨਹੀਂ ਹਨ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਨੂੰ ਕਥਿਤ ਤੌਰ ‘ਤੇ ਹਿਰਾਸਤ ਵਿੱਚ ਲਏ ਜਾਣ ਦਾ ਵਿਰੋਧ ਕਰਦਿਆਂ ਕਿਹਾ ਕਿ ਕਿਸੇ ਵੀ ਕਿਸਾਨ ਨਾਲ ਧੱਕੇਸ਼ਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਸਰਕਾਰ ਨੂੰ ਲੋਕਤੰਤਰੀ ਹੱਕਾਂ ਦਾ ਸਤਿਕਾਰ ਕਰਨ ਦੀ ਅਪੀਲ ਕੀਤੀ।

ਉੱਧਰ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਆਗੂ ਜਰਮਨਜੀਤ ਸਿੰਘ ਬੰਡਾਲਾ ਨੇ ਦਾਅਵਾ ਕੀਤਾ ਕਿ ਮਹਾਪੰਚਾਇਤ ਵਿੱਚ ਕਰੀਬ 550 ਜਥੇਬੰਦੀਆਂ ਸ਼ਮੂਲੀਅਤ ਕਰਨਗੀਆਂ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਕਿਸਾਨਾਂ ਦੀਆਂ ਚਿੰਤਾਵਾਂ ਨੂੰ ਨਜ਼ਰਅੰਦਾਜ਼ ਕੀਤਾ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਦੂਜੇ ਪਾਸੇ, ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵੱਲੋਂ ਪਟਿਆਲਾ ਵਿੱਚ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ ਗਿਆ। ਯੂਨੀਅਨ ਨੇ ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਨੀਤੀ, ਨਕਲੀ ਡੀਏਪੀ ਖਾਦ ਦੇ ਮਾਮਲੇ, ਲੰਬਿਤ ਖੇਤੀਬਾੜੀ ਮੋਟਰ ਕੁਨੈਕਸ਼ਨ ਅਤੇ ਸਥਾਨਕ ਨੌਜਵਾਨਾਂ ਨੂੰ ਰੁਜ਼ਗਾਰ ਵਿੱਚ ਤਰਜੀਹ ਦੇਣ ਸਮੇਤ ਕਈ ਮੰਗਾਂ ਉਠਾਈਆਂ । ਕਿਸਾਨ ਜਥੇਬੰਦੀਆਂ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਦਾ ਅੰਦੋਲਨ ਸ਼ਾਂਤਮਈ ਰਹੇਗਾ, ਪਰ ਜੇਕਰ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ‘ਤੇ ਗੌਰ ਨਾ ਕੀਤਾ ਤਾਂ ਸੰਘਰਸ਼ ਨੂੰ ਹੋਰ ਵਿਆਪਕ ਕੀਤਾ ਜਾਵੇਗਾ।