ਭਾਰਤ-ਅਮਰੀਕਾ ਪ੍ਰਸਤਾਵਿਤ ਟ੍ਰੇਡ ਡੀਲ ਦੇ ਵਿਰੋਧ ਵਿੱਚ ਪੰਜਾਬ ਭਰ ਦੇ ਟੋਲ ਪਲਾਜ਼ੇ 3 ਘੰਟੇ ਰਹੇ ਮੁਫ਼ਤ, ਕਿਸਾਨਾਂ ਨੇ ਸੰਘਰਸ਼ ਤੇਜ਼ ਕਰਨ ਦੀ ਦਿੱਤੀ ਚੇਤਾਵਨੀ
ਚੰਡੀਗੜ੍ਹ: ਸੰਯੁਕਤ ਕਿਸਾਨ ਮੋਰਚੇ (ਐੱਸ.ਕੇ.ਐੱਮ.) ਦੇ ਸੱਦੇ ‘ਤੇ ਬੁੱਧਵਾਰ ਨੂੰ ਪੰਜਾਬ ਦੇ ਕਈ ਟੋਲ ਪਲਾਜ਼ਿਆਂ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਆਮ ਲੋਕਾਂ ਲਈ ਮੁਫ਼ਤ ਕਰ ਦਿੱਤਾ ਗਿਆ। ਇਸ ਦੌਰਾਨ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂ ਅਤੇ ਵਰਕਰ ਟੋਲ ਪਲਾਜ਼ਿਆਂ ‘ਤੇ ਇਕੱਠੇ ਹੋਏ ਅਤੇ ਵਾਹਨਾਂ ਨੂੰ ਬਿਨਾਂ ਟੋਲ ਟੈਕਸ ਅਦਾ ਕੀਤੇ ਲੰਘਣ ਦਿੱਤਾ ਗਿਆ। ਪਟਿਆਲਾ, ਲੁਧਿਆਣਾ, ਮੋਗਾ, ਅੰਮ੍ਰਿਤਸਰ ਸਮੇਤ ਕਈ ਜ਼ਿਲ੍ਹਿਆਂ ਵਿੱਚ ਪ੍ਰਦਰਸ਼ਨ ਕਰਦੇ ਹੋਏ ਕਿਸਾਨਾਂ ਨੇ ਭਾਰਤ-ਅਮਰੀਕਾ ਪ੍ਰਸਤਾਵਿਤ ਵਪਾਰਕ ਸਮਝੌਤੇ (ਟ੍ਰੇਡ ਡੀਲ) ਦਾ ਵਿਰੋਧ ਕੀਤਾ ਅਤੇ ਕੇਂਦਰ ਸਰਕਾਰ ਤੋਂ ਇਸ ‘ਤੇ ਮੁੜ ਵਿਚਾਰ ਕਰਨ ਦੀ ਮੰਗ ਕੀਤੀ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਜੇਕਰ ਪ੍ਰਸਤਾਵਿਤ ਟ੍ਰੇਡ ਡੀਲ ਲਾਗੂ ਹੁੰਦੀ ਹੈ ਤਾਂ ਵਿਦੇਸ਼ੀ ਖੇਤੀ ਅਤੇ ਡੇਅਰੀ ਉਤਪਾਦਾਂ ਦੀ ਆਮਦ ਵਧ ਸਕਦੀ ਹੈ, ਜਿਸ ਨਾਲ ਭਾਰਤੀ ਕਿਸਾਨਾਂ, ਡੇਅਰੀ ਕਾਰੋਬਾਰ ਅਤੇ ਛੋਟੇ ਵਪਾਰੀਆਂ ਨੂੰ ਆਰਥਿਕ ਨੁਕਸਾਨ ਪਹੁੰਚਣ ਦਾ ਖ਼ਤਰਾ ਹੈ। ਉਨ੍ਹਾਂ ਦਾ ਦਾਅਵਾ ਹੈ ਕਿ ਇਸ ਨਾਲ ਦੇਸੀ ਉਤਪਾਦਾਂ ਨੂੰ ਮੁਕਾਬਲੇ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਪਟਿਆਲਾ ਵਿੱਚ ਧਰੇੜੀ ਜੱਟਾਂ ਟੋਲ ‘ਤੇ ਪ੍ਰਦਰਸ਼ਨ
ਪਟਿਆਲਾ-ਚੰਡੀਗੜ੍ਹ ਹਾਈਵੇ ਸਥਿਤ ਧਰੇੜੀ ਜੱਟਾਂ ਟੋਲ ਪਲਾਜ਼ਾ ‘ਤੇ ਵੀ ਵੱਡੀ ਗਿਣਤੀ ਵਿੱਚ ਕਿਸਾਨ ਇਕੱਠੇ ਹੋਏ। ਨਿਰਧਾਰਤ ਸਮੇਂ ਦੌਰਾਨ ਟੋਲ ਪਲਾਜ਼ਾ ਮੁਫ਼ਤ ਰੱਖਿਆ ਗਿਆ ਅਤੇ ਕੇਂਦਰ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ।

ਲੁਧਿਆਣਾ ਵਿੱਚ ਵੀ ਹੋਇਆ ਵਿਰੋਧ ਪ੍ਰਦਰਸ਼ਨ
ਲਾਡੋਵਾਲ ਟੋਲ ਪਲਾਜ਼ਾ ‘ਤੇ ਇਕੱਠੇ ਹੋਏ ਕਿਸਾਨ ਆਗੂਆਂ ਨੇ ਦਾਅਵਾ ਕੀਤਾ ਕਿ ਪ੍ਰਸਤਾਵਿਤ ਟ੍ਰੇਡ ਡੀਲ ਨਾਲ ਭਾਰਤੀ ਖੇਤੀ ਅਤੇ ਡੇਅਰੀ ਖੇਤਰ ਪ੍ਰਭਾਵਿਤ ਹੋ ਸਕਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਵਿਦੇਸ਼ੀ ਉਤਪਾਦ ਵੱਡੇ ਪੱਧਰ ‘ਤੇ ਭਾਰਤੀ ਬਾਜ਼ਾਰ ਵਿੱਚ ਦਾਖ਼ਲ ਹੁੰਦੇ ਹਨ ਤਾਂ ਸਥਾਨਕ ਉਤਪਾਦਕਾਂ ਲਈ ਮੁਕਾਬਲਾ ਹੋਰ ਮੁਸ਼ਕਲ ਹੋ ਸਕਦਾ ਹੈ।

ਮੋਗਾ ਵਿੱਚ ਦੋ ਟੋਲ ਪਲਾਜ਼ੇ ਰਹੇ ਟੋਲ-ਫ੍ਰੀ
ਮੋਗਾ ਵਿੱਚ ਦਾਰਾਪੁਰ ਅਤੇ ਕਾਵਾਂਕੇ ਪੱਤਣ ਟੋਲ ਪਲਾਜ਼ਿਆਂ ਨੂੰ ਤਿੰਨ ਘੰਟਿਆਂ ਲਈ ਟੋਲ-ਮੁਕਤ ਕੀਤਾ ਗਿਆ। ਪ੍ਰਦਰਸ਼ਨ ਦੌਰਾਨ ਕਿਸਾਨ ਆਗੂਆਂ ਨੇ ਕਿਹਾ ਕਿ ਜੇਕਰ ਟ੍ਰੇਡ ਡੀਲ ਵਿੱਚ ਕਿਸਾਨਾਂ ਦੇ ਹਿੱਤਾਂ ਦੀ ਰੱਖਿਆ ਲਈ ਉਚਿਤ ਪ੍ਰਬੰਧ ਨਾ ਕੀਤੇ ਗਏ ਤਾਂ ਛੋਟੇ ਅਤੇ ਦਰਮਿਆਨੇ ਕਿਸਾਨਾਂ ਨੂੰ ਵੱਡੀਆਂ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਕਿਸਾਨ ਆਗੂਆਂ ਨੇ ਇਹ ਵੀ ਦੱਸਿਆ ਕਿ ਉਨ੍ਹਾਂ ਨੂੰ ਮਿਲੀ ਜਾਣਕਾਰੀ ਮੁਤਾਬਕ 23 ਜੁਲਾਈ ਨੂੰ ਅਮਰੀਕਾ ਦਾ ਇੱਕ ਵਫ਼ਦ ਭਾਰਤ ਆ ਸਕਦਾ ਹੈ, ਜਿੱਥੇ ਵਪਾਰਕ ਸਮਝੌਤੇ ਨੂੰ ਲੈ ਕੇ ਹੋਰ ਗੱਲਬਾਤ ਹੋਣ ਦੀ ਸੰਭਾਵਨਾ ਹੈ।

24 ਜੁਲਾਈ ਨੂੰ ਚੰਡੀਗੜ੍ਹ ਵਿੱਚ ਹੋਵੇਗੀ ਅਹਿਮ ਮੀਟਿੰਗ
ਸੰਯੁਕਤ ਕਿਸਾਨ ਮੋਰਚੇ ਨੇ ਐਲਾਨ ਕੀਤਾ ਹੈ ਕਿ 24 ਜੁਲਾਈ ਨੂੰ ਚੰਡੀਗੜ੍ਹ ਵਿੱਚ ਕਿਸਾਨ ਆਗੂਆਂ ਦੀ ਅਹਿਮ ਮੀਟਿੰਗ ਹੋਵੇਗੀ। ਇਸ ਵਿੱਚ ਭਵਿੱਖੀ ਸੰਘਰਸ਼ ਦੀ ਰਣਨੀਤੀ ਅਤੇ ਅਗਲੇ ਪ੍ਰੋਗਰਾਮਾਂ ਬਾਰੇ ਫ਼ੈਸਲਾ ਲਿਆ ਜਾਵੇਗਾ।
ਅੰਮ੍ਰਿਤਸਰ ਵਿੱਚ ਕੱਥੂਨੰਗਲ ਟੋਲ ‘ਤੇ ਧਰਨਾ
ਅੰਮ੍ਰਿਤਸਰ ਦੇ ਕੱਥੂਨੰਗਲ ਟੋਲ ਪਲਾਜ਼ਾ ‘ਤੇ ਵੀ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਹੋਰ ਜਥੇਬੰਦੀਆਂ ਨੇ ਤਿੰਨ ਘੰਟਿਆਂ ਲਈ ਟੋਲ ਮੁਫ਼ਤ ਕਰਵਾਇਆ। ਕਿਸਾਨ ਆਗੂਆਂ ਨੇ ਕਿਹਾ ਕਿ ਉਨ੍ਹਾਂ ਦਾ ਵਿਰੋਧ ਭਾਰਤ-ਅਮਰੀਕਾ ਪ੍ਰਸਤਾਵਿਤ ਵਪਾਰਕ ਸਮਝੌਤੇ ਅਤੇ ਖੇਤੀਬਾੜੀ ਖੇਤਰ ਨਾਲ ਜੁੜੀਆਂ ਨੀਤੀਆਂ ਨੂੰ ਲੈ ਕੇ ਹੈ। ਉਨ੍ਹਾਂ ਦਾ ਦਾਅਵਾ ਹੈ ਕਿ ਜੇਕਰ ਵਿਦੇਸ਼ੀ ਉਤਪਾਦਾਂ ਨੂੰ ਵੱਡੇ ਪੱਧਰ ‘ਤੇ ਟੈਕਸ ਛੋਟ ਮਿਲਦੀ ਹੈ ਤਾਂ ਦੇਸੀ ਕਿਸਾਨਾਂ ਅਤੇ ਛੋਟੇ ਉਦਯੋਗਾਂ ‘ਤੇ ਇਸ ਦਾ ਅਸਰ ਪੈ ਸਕਦਾ ਹੈ।

ਅੱਗੇ ਵੀ ਸੰਘਰਸ਼ ਜਾਰੀ ਰੱਖਣ ਦਾ ਐਲਾਨ
ਕਿਸਾਨ ਆਗੂਆਂ ਨੇ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਲਈ ਸਰਕਾਰ ਵੱਲੋਂ ਕੋਈ ਠੋਸ ਕਦਮ ਨਹੀਂ ਚੁੱਕਿਆ ਗਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਵਿਆਪਕ ਕੀਤਾ ਜਾਵੇਗਾ। ਉਨ੍ਹਾਂ ਮੁਤਾਬਕ ਅਗਲੀ ਰਣਨੀਤੀ ਦਾ ਐਲਾਨ 24 ਜੁਲਾਈ ਨੂੰ ਹੋਣ ਵਾਲੀ ਮੀਟਿੰਗ ਤੋਂ ਬਾਅਦ ਕੀਤਾ ਜਾਵੇਗਾ।