ਸਿੱਖਿਆ ਮੰਤਰੀ ਦੇ ਅਸਤੀਫ਼ੇ ਤੱਕ ਜਾਰੀ ਰਹੇਗਾ ਧਰਨਾ: CJP ਸੰਸਥਾਪਕ ਅਭਿਜੀਤ ਦੀਪਕੇ ਦਾ ਐਲਾਨ
ਨਵੀਂ ਦਿੱਲੀ: ਕਾਕਰੋਚ ਜਨਤਾ ਪਾਰਟੀ (CJP) ਦੇ ਸੰਸਥਾਪਕ ਅਭਿਜੀਤ ਦੀਪਕੇ ਨੇ ਚੱਲ ਰਹੇ ਧਰਨੇ-ਪ੍ਰਦਰਸ਼ਨ ਨੂੰ ਲੈ ਕੇ ਆਪਣਾ ਸਪੱਸ਼ਟ ਰੁਖ਼ ਪੇਸ਼ ਕਰਦਿਆਂ ਕਿਹਾ ਹੈ ਕਿ ਜਦੋਂ ਤੱਕ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਅਸਤੀਫ਼ਾ ਨਹੀਂ ਦਿੰਦੇ, ਉਦੋਂ ਤੱਕ ਉਨ੍ਹਾਂ ਦਾ ਅੰਦੋਲਨ ਜਾਰੀ ਰਹੇਗਾ। ਉਨ੍ਹਾਂ ਇਹ ਗੱਲ ਇੱਕ ਪ੍ਰੈਸ ਕਾਨਫਰੰਸ ਦੌਰਾਨ ਕਹੀ।
ਅੰਦੋਲਨ ਵਾਪਸ ਲੈਣ ਤੋਂ ਕੀਤਾ ਇਨਕਾਰ
ਅਭਿਜੀਤ ਦੀਪਕੇ ਨੇ ਕਿਹਾ ਕਿ 20 ਜੁਲਾਈ ਨੂੰ ਸੰਸਦ ਮਾਰਚ ਦੌਰਾਨ ਵਿਦਿਆਰਥੀਆਂ ‘ਤੇ ਹੋਈ ਪੁਲਿਸ ਕਾਰਵਾਈ ਤੋਂ ਬਾਅਦ ਉਨ੍ਹਾਂ ਦੀ ਇਹ ਮੰਗ ਹੋਰ ਮਜ਼ਬੂਤ ਹੋ ਗਈ ਹੈ। ਉਨ੍ਹਾਂ ਦਾਅਵਾ ਕੀਤਾ ਕਿ ਕਈ ਵਿਦਿਆਰਥੀ ਜ਼ਖ਼ਮੀ ਹੋਏ ਅਤੇ ਇਸ ਪੂਰੇ ਮਾਮਲੇ ਵਿੱਚ ਜਵਾਬਦੇਹੀ ਤੈਅ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਧਰਨਾ ਕਿਸੇ ਵੀ ਹਾਲਤ ਵਿੱਚ ਉਦੋਂ ਤੱਕ ਖ਼ਤਮ ਨਹੀਂ ਕੀਤਾ ਜਾਵੇਗਾ, ਜਦੋਂ ਤੱਕ ਸਿੱਖਿਆ ਮੰਤਰੀ ਅਸਤੀਫ਼ਾ ਨਹੀਂ ਦਿੰਦੇ। ਸੀਜੇਪੀ ਦੇ ਬੁਲਾਰੇ ਆਸ਼ੂਤੋਸ਼ ਰੰਕਾ ਨੇ ਦਾਅਵਾ ਕੀਤਾ ਕਿ ਪਾਰਟੀ ਨੇ ਦੇਸ਼-ਵਿਆਪੀ ਅੰਦੋਲਨ ਦਾ ਸੱਦਾ ਦਿੱਤਾ ਹੈ ਅਤੇ ਇਸ ਨੂੰ ਵੱਖ-ਵੱਖ ਸੂਬਿਆਂ ਅਤੇ ਜ਼ਿਲ੍ਹਿਆਂ ਵਿੱਚ ਸਮਰਥਨ ਮਿਲ ਰਿਹਾ ਹੈ। ਉਨ੍ਹਾਂ ਦੇ ਅਨੁਸਾਰ ਅੰਦੋਲਨ 150 ਤੋਂ ਵੱਧ ਜ਼ਿਲ੍ਹਿਆਂ ਤੱਕ ਪਹੁੰਚ ਚੁੱਕਾ ਹੈ ਅਤੇ ਸਮਰਥਕਾਂ ਨੂੰ ਸ਼ਾਂਤੀਪੂਰਵਕ ਵਿਰੋਧ ਜਾਰੀ ਰੱਖਣ ਲਈ ਕਿਹਾ ਗਿਆ ਹੈ। ਦੀਪਕੇ ਨੇ ਕਿਹਾ ਕਿ ਸੋਨਮ ਵਾਂਗਚੁਕ ਵੱਲੋਂ ਭੁੱਖ ਹੜਤਾਲ ਖ਼ਤਮ ਕਰਨਾ ਇੱਕ ਸਕਾਰਾਤਮਕ ਕਦਮ ਹੈ, ਪਰ ਇਸ ਨਾਲ ਅੰਦੋਲਨ ਦੀਆਂ ਮੰਗਾਂ ਵਿੱਚ ਕੋਈ ਤਬਦੀਲੀ ਨਹੀਂ ਆਉਂਦੀ। ਉਨ੍ਹਾਂ ਕਿਹਾ ਕਿ ਧਰਨਾ ਉਦੋਂ ਤੱਕ ਜਾਰੀ ਰਹੇਗਾ, ਜਦੋਂ ਤੱਕ ਮੁੱਖ ਮੰਗਾਂ ‘ਤੇ ਸਰਕਾਰ ਵੱਲੋਂ ਠੋਸ ਫ਼ੈਸਲਾ ਨਹੀਂ ਲਿਆ ਜਾਂਦਾ।
ਸਰਕਾਰ ਨਾਲ ਗੱਲਬਾਤ ਵੀ ਜਾਰੀ
ਸੀਜੇਪੀ ਆਗੂਆਂ ਮੁਤਾਬਕ ਸਰਕਾਰ ਅਤੇ ਪਾਰਟੀ ਦੇ ਪ੍ਰਤੀਨਿਧੀਆਂ ਵਿਚਕਾਰ ਕਾਂਸਟੀਟਿਊਸ਼ਨ ਕਲੱਬ ਆਫ਼ ਇੰਡੀਆ ਵਿੱਚ ਗੱਲਬਾਤ ਦਾ ਦੌਰ ਸ਼ੁਰੂ ਹੋਇਆ ਹੈ। ਉਨ੍ਹਾਂ ਕਿਹਾ ਕਿ ਚਰਚਾ ਦੌਰਾਨ ਅੰਦੋਲਨ ਨਾਲ ਜੁੜੀਆਂ ਮੰਗਾਂ ‘ਤੇ ਵਿਚਾਰ ਕੀਤਾ ਜਾਵੇਗਾ। ਹਾਲਾਂਕਿ, ਪਾਰਟੀ ਨੇ ਸਪੱਸ਼ਟ ਕੀਤਾ ਹੈ ਕਿ ਗੱਲਬਾਤ ਦੇ ਬਾਵਜੂਦ ਪ੍ਰਦਰਸ਼ਨ ਫਿਲਹਾਲ ਜਾਰੀ ਰਹੇਗਾ। ਪ੍ਰੈਸ ਕਾਨਫਰੰਸ ਵਿੱਚ ਸੀਜੇਪੀ ਦੇ ਮੁੱਖ ਬੁਲਾਰੇ ਸੌਰਭ ਦਾਸ, ਬੁਲਾਰੇ ਆਸ਼ੂਤੋਸ਼ ਰੰਕਾ ਅਤੇ ਹੋਰ ਆਗੂ ਵੀ ਮੌਜੂਦ ਸਨ। ਇਸ ਦੌਰਾਨ ਸਮਰਥਕਾਂ ਨੇ ਵੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਦੀ ਮੰਗ ਨੂੰ ਦੁਹਰਾਇਆ।