ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਕੇਂਦਰੀ ਸਿੱਖਿਆ ਮੰਤਰੀ ਦਾ ਅਹੁਦਾ, ਕਿਹਾ– “ਨਿਮਰਤਾ ਅਤੇ ਫਰਜ਼ ਦੀ ਭਾਵਨਾ ਨਾਲ ਨਿਭਾਵਾਂਗਾ ਜ਼ਿੰਮੇਵਾਰੀ”
ਨਵੀਂ ਦਿੱਲੀ: ਕੇਂਦਰ ਸਰਕਾਰ ਵਿੱਚ ਅਹਿਮ ਬਦਲਾਅ ਦੇ ਤਹਿਤ ਸੀਨੀਅਰ ਭਾਜਪਾ ਆਗੂ ਪ੍ਰਹਿਲਾਦ ਜੋਸ਼ੀ ਨੇ ਐਤਵਾਰ ਨੂੰ ਕੇਂਦਰੀ ਸਿੱਖਿਆ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ। ਇਸ ਤੋਂ ਪਹਿਲਾਂ ਸਾਬਕਾ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਉਨ੍ਹਾਂ ਨੂੰ ਸਿੱਖਿਆ ਮੰਤਰਾਲੇ ਦਾ ਵਾਧੂ ਚਾਰਜ ਸੌਂਪਿਆ ਗਿਆ ਸੀ। ਜੋਸ਼ੀ ਇਸ ਵੇਲੇ ਖਪਤਕਾਰ ਮਾਮਲੇ, ਖੁਰਾਕ ਅਤੇ ਜਨਤਕ ਵੰਡ ਮੰਤਰੀ ਦੀ ਜ਼ਿੰਮੇਵਾਰੀ ਵੀ ਨਿਭਾ ਰਹੇ ਹਨ।

ਅਹੁਦਾ ਸੰਭਾਲਣ ਮਗਰੋਂ ਪ੍ਰਹਿਲਾਦ ਜੋਸ਼ੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦਿੱਤੀ ਗਈ ਇਸ ਜ਼ਿੰਮੇਵਾਰੀ ਨੂੰ ਉਹ ਪੂਰੀ ਨਿਮਰਤਾ ਅਤੇ ਫਰਜ਼ ਦੀ ਭਾਵਨਾ ਨਾਲ ਸਵੀਕਾਰ ਕਰਦੇ ਹਨ। ਉਨ੍ਹਾਂ ਕਿਹਾ, “ਮੈਨੂੰ ਹੁਣੇ ਹੀ ਜਾਣਕਾਰੀ ਮਿਲੀ ਕਿ ਪ੍ਰਧਾਨ ਮੰਤਰੀ ਨੇ ਮੈਨੂੰ ਸਿੱਖਿਆ ਮੰਤਰਾਲੇ ਦੀ ਜ਼ਿੰਮੇਵਾਰੀ ਸੌਂਪੀ ਹੈ। ਮੈਂ ਇਸ ਭਰੋਸੇ ਲਈ ਉਨ੍ਹਾਂ ਦਾ ਧੰਨਵਾਦ ਕਰਦਾ ਹਾਂ ਅਤੇ ਪੂਰੀ ਇਮਾਨਦਾਰੀ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਦੀ ਕੋਸ਼ਿਸ਼ ਕਰਾਂਗਾ।”
ਧਰਮੇਂਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਮਿਲਿਆ ਵਾਧੂ ਚਾਰਜ
ਜ਼ਿਕਰਯੋਗ ਹੈ ਕਿ ਧਰਮੇਂਦਰ ਪ੍ਰਧਾਨ ਨੇ ਸ਼ਨੀਵਾਰ ਨੂੰ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਉਨ੍ਹਾਂ ਦਾ ਅਸਤੀਫ਼ਾ NEET ਪੇਪਰ ਲੀਕ ਮਾਮਲੇ ਨੂੰ ਲੈ ਕੇ ਉੱਠੇ ਵਿਵਾਦ ਅਤੇ ਵਿਦਿਆਰਥੀਆਂ ਦੇ ਦੇਸ਼-ਵਿਆਪੀ ਵਿਰੋਧ ਪ੍ਰਦਰਸ਼ਨਾਂ ਦੇ ਮੱਦੇਨਜ਼ਰ ਆਇਆ। ਆਪਣੇ ਅਸਤੀਫ਼ੇ ਦੌਰਾਨ ਧਰਮੇਂਦਰ ਪ੍ਰਧਾਨ ਨੇ ਕਿਹਾ ਸੀ ਕਿ ਇਹ ਮਾਮਲਾ ਉਨ੍ਹਾਂ ਲਈ ਸਿਰਫ਼ ਸਿਆਸੀ ਨਹੀਂ, ਸਗੋਂ ਨਿੱਜੀ ਪੱਧਰ ‘ਤੇ ਵੀ ਦੁੱਖਦਾਈ ਰਿਹਾ ਹੈ।
ਸਿੱਖਿਆ ਖੇਤਰ ਨੂੰ ਅੱਗੇ ਵਧਾਉਣ ਦਾ ਭਰੋਸਾ
ਪ੍ਰਹਿਲਾਦ ਜੋਸ਼ੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪਿਛਲੇ 12 ਸਾਲਾਂ ਦੌਰਾਨ ਦੇਸ਼ ਵਿੱਚ ਕਈ ਇਤਿਹਾਸਕ ਫ਼ੈਸਲੇ ਲਏ ਗਏ ਹਨ। ਉਨ੍ਹਾਂ ਨੇ ਧਰਮੇਂਦਰ ਪ੍ਰਧਾਨ ਦੇ ਕੰਮ ਦੀ ਵੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਰਾਸ਼ਟਰੀ ਸਿੱਖਿਆ ਨੀਤੀ (NEP) ਨੂੰ ਲਾਗੂ ਕਰਨ ਸਮੇਤ ਕਈ ਮਹੱਤਵਪੂਰਨ ਪਹਿਲਕਦਮੀਆਂ ਕੀਤੀਆਂ।

ਉਨ੍ਹਾਂ ਕਿਹਾ, “ਪ੍ਰਧਾਨ ਮੰਤਰੀ ਦੇ ਮਾਰਗਦਰਸ਼ਨ ਹੇਠ ਮੈਂ ਆਪਣੀ ਪੂਰੀ ਸਮਰੱਥਾ ਨਾਲ ਸਿੱਖਿਆ ਖੇਤਰ ਵਿੱਚ ਕੰਮ ਕਰਾਂਗਾ ਅਤੇ ਦੇਸ਼ ਦੇ ਵਿਦਿਆਰਥੀਆਂ ਦੇ ਹਿੱਤਾਂ ਨੂੰ ਪਹਿਲ ਦੇਵਾਂਗਾ।”
ਨੌਜਵਾਨਾਂ ਦੀਆਂ ਉਮੀਦਾਂ ‘ਤੇ ਖਰਾ ਉਤਰਣ ਦੀ ਚੁਣੌਤੀ
ਇਸ ਦੌਰਾਨ ‘ਕਾਕਰੋਚ ਜਨਤਾ ਪਾਰਟੀ’ ਦੇ ਮੁੱਖ ਬੁਲਾਰੇ ਸੌਰਵ ਦਾਸ ਨੇ ਕਿਹਾ ਕਿ ਨਵੇਂ ਸਿੱਖਿਆ ਮੰਤਰੀ ਨੂੰ ਇਹ ਸਮਝਣਾ ਹੋਵੇਗਾ ਕਿ ਦੇਸ਼ ਦਾ ਨੌਜਵਾਨ ਵਰਗ ਉਨ੍ਹਾਂ ਦੇ ਹਰ ਫ਼ੈਸਲੇ ‘ਤੇ ਨਜ਼ਰ ਰੱਖੇਗਾ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀਆਂ ਮੰਗਾਂ ਅਤੇ ਚਿੰਤਾਵਾਂ ਨੂੰ ਸਰਕਾਰ ਵੱਲੋਂ ਗੰਭੀਰਤਾ ਨਾਲ ਲਿਆ ਗਿਆ ਹੈ ਅਤੇ ਹੁਣ ਉਮੀਦ ਕੀਤੀ ਜਾਂਦੀ ਹੈ ਕਿ ਪੇਪਰ ਲੀਕ ਵਰਗੀਆਂ ਘਟਨਾਵਾਂ ਨੂੰ ਰੋਕਣ ਲਈ ਠੋਸ ਕਦਮ ਚੁੱਕੇ ਜਾਣਗੇ। ਸੌਰਵ ਦਾਸ ਨੇ ਇਹ ਵੀ ਦੱਸਿਆ ਕਿ ਸਰਕਾਰ ਨੇ ਇੱਕ ਮਹੀਨੇ ਦੇ ਅੰਦਰ ਵਿਦਿਆਰਥੀ ਪ੍ਰਤੀਨਿਧੀਆਂ ਨਾਲ ਮੀਟਿੰਗ ਕਰਨ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਮੀਟਿੰਗ ਦੌਰਾਨ ਨੌਜਵਾਨਾਂ ਵੱਲੋਂ ਪੇਸ਼ ਕੀਤੇ ਗਏ ਸੁਝਾਵਾਂ ਅਤੇ ਮੰਗਾਂ ‘ਤੇ ਚਰਚਾ ਕੀਤੀ ਜਾਵੇਗੀ ਅਤੇ ਸਰਕਾਰ ਦੀ ਅਗਲੀ ਕਾਰਵਾਈ ‘ਤੇ ਸਭ ਦੀ ਨਜ਼ਰ ਰਹੇਗੀ।