ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ‘ਤੇ ਸੁਨਾਮ ਪਹੁੰਚੇ CM ਮਾਨ, ਕਿਹਾ- ਉਨ੍ਹਾਂ ਦੀ ਕੁਰਬਾਨੀ ਹਰ ਪੀੜ੍ਹੀ ਲਈ ਪ੍ਰੇਰਨਾ
ਸੰਗਰੂਰ (ਸੁਨਾਮ): ਸ਼ਹੀਦ ਊਧਮ ਸਿੰਘ ਦੇ 87ਵੇਂ ਸ਼ਹੀਦੀ ਦਿਹਾੜੇ ਮੌਕੇ ਸੁਨਾਮ ਵਿਖੇ ਕਰਵਾਏ ਗਏ ਰਾਜ ਪੱਧਰੀ ਸਮਾਗਮ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਿਰਕਤ ਕਰਦਿਆਂ ਮਹਾਨ ਇਨਕਲਾਬੀ ਨੂੰ ਭਾਵਪੂਰਤ ਸ਼ਰਧਾਂਜਲੀ ਭੇਟ ਕੀਤੀ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਦੀ ਬੇਮਿਸਾਲ ਦੇਸ਼ਭਗਤੀ, ਦਲੇਰੀ ਅਤੇ ਕੁਰਬਾਨੀ ਹਮੇਸ਼ਾ ਦੇਸ਼ ਵਾਸੀਆਂ, ਖ਼ਾਸ ਕਰਕੇ ਨੌਜਵਾਨ ਪੀੜ੍ਹੀ ਲਈ ਪ੍ਰੇਰਨਾ ਦਾ ਸਰੋਤ ਬਣੀ ਰਹੇਗੀ। ਮੁੱਖ ਮੰਤਰੀ ਨੇ ਯਾਦਗਾਰ ‘ਤੇ ਫੁੱਲ ਮਾਲਾ ਭੇਟ ਕਰਕੇ ਮਹਾਨ ਸ਼ਹੀਦ ਨੂੰ ਨਮਨ ਕੀਤਾ ਅਤੇ ਕਿਹਾ ਕਿ ਪੰਜਾਬ ਸਰਕਾਰ ਆਜ਼ਾਦੀ ਦੇ ਮਹਾਨ ਸੂਰਬੀਰਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਵਚਨਬੱਧ ਹੈ।
“ਦੇਸ਼ ਹਮੇਸ਼ਾ ਸ਼ਹੀਦ ਊਧਮ ਸਿੰਘ ਦਾ ਰਿਣੀ ਰਹੇਗਾ”
ਸਮਾਗਮ ਨੂੰ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਨੇ ਆਪਣਾ ਪੂਰਾ ਜੀਵਨ ਦੇਸ਼ ਦੀ ਆਜ਼ਾਦੀ ਲਈ ਸਮਰਪਿਤ ਕੀਤਾ। ਉਨ੍ਹਾਂ ਦੀ ਕੁਰਬਾਨੀ ਸਿਰਫ਼ ਇਤਿਹਾਸ ਦਾ ਹਿੱਸਾ ਨਹੀਂ, ਸਗੋਂ ਹਰ ਭਾਰਤੀ ਲਈ ਹਿੰਮਤ, ਦੇਸ਼ਭਗਤੀ ਅਤੇ ਇਨਸਾਫ਼ ਦੀ ਮਿਸਾਲ ਹੈ।
ਉਨ੍ਹਾਂ ਕਿਹਾ ਕਿ ਦੇਸ਼ ਦੇ ਅਣਗਿਣਤ ਆਜ਼ਾਦੀ ਸੈਨਾਨੀਆਂ ਨੇ ਆਪਣੀਆਂ ਜਾਨਾਂ ਨਿਛਾਵਰ ਕਰਕੇ ਅਜਿਹਾ ਭਾਰਤ ਬਣਾਉਣ ਦਾ ਸੁਪਨਾ ਦੇਖਿਆ ਸੀ, ਜਿੱਥੇ ਹਰ ਵਰਗ ਨੂੰ ਬਰਾਬਰੀ ਅਤੇ ਸਨਮਾਨ ਮਿਲੇ।
ਐਕਸ ‘ਤੇ ਵੀ ਦਿੱਤੀ ਸ਼ਰਧਾਂਜਲੀ
ਮੁੱਖ ਮੰਤਰੀ ਨੇ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ ਵੀ ਸ਼ਹੀਦ ਊਧਮ ਸਿੰਘ ਨੂੰ ਯਾਦ ਕਰਦਿਆਂ ਲਿਖਿਆ ਕਿ ਜਲ੍ਹਿਆਂਵਾਲਾ ਬਾਗ਼ ਕਤਲੇਆਮ ਦਾ ਬਦਲਾ ਲੈਣ ਵਾਲੇ ਮਹਾਨ ਇਨਕਲਾਬੀ ਨੂੰ ਕੋਟਿ-ਕੋਟਿ ਪ੍ਰਣਾਮ। ਉਨ੍ਹਾਂ ਕਿਹਾ ਕਿ ਦੇਸ਼ ਦੀ ਆਨ, ਬਾਨ ਅਤੇ ਸ਼ਾਨ ਲਈ ਦਿੱਤੀ ਉਨ੍ਹਾਂ ਦੀ ਅਦੁੱਤੀ ਕੁਰਬਾਨੀ ਹਮੇਸ਼ਾ ਪ੍ਰੇਰਨਾ ਦਾ ਸਰੋਤ ਰਹੇਗੀ।

ਜਲ੍ਹਿਆਂਵਾਲਾ ਬਾਗ਼ ਦੇ ਸ਼ਹੀਦਾਂ ਲਈ ਇਨਸਾਫ਼ ਦੀ ਲੜਾਈ
ਭਗਵੰਤ ਮਾਨ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਨੇ 1919 ਦੇ ਜਲ੍ਹਿਆਂਵਾਲਾ ਬਾਗ਼ ਕਤਲੇਆਮ ਨੂੰ ਕਦੇ ਨਹੀਂ ਭੁਲਾਇਆ। ਸਾਲਾਂ ਤੱਕ ਇਨਸਾਫ਼ ਲਈ ਉਡੀਕ ਕਰਨ ਤੋਂ ਬਾਅਦ ਉਨ੍ਹਾਂ ਨੇ ਲੰਡਨ ਦੇ ਕੈਕਸਟਨ ਹਾਲ ਵਿੱਚ ਪੰਜਾਬ ਦੇ ਤਤਕਾਲੀ ਲੈਫਟੀਨੈਂਟ ਗਵਰਨਰ ਮਾਈਕਲ ਓ’ਡਵਾਇਰ ਨੂੰ ਮਾਰ ਕੇ ਬੇਗੁਨਾਹ ਸ਼ਹੀਦਾਂ ਦਾ ਬਦਲਾ ਲਿਆ ਅਤੇ ਦੁਨੀਆ ਨੂੰ ਦੱਸ ਦਿੱਤਾ ਕਿ ਜ਼ੁਲਮ ਦਾ ਹਿਸਾਬ ਜ਼ਰੂਰ ਹੁੰਦਾ ਹੈ।
ਨੌਜਵਾਨਾਂ ਲਈ ਪ੍ਰੇਰਨਾ ਦਾ ਪ੍ਰਤੀਕ
ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਦੀ ਬੇਮਿਸਾਲ ਦਲੇਰੀ ਅਤੇ ਦੇਸ਼ ਪ੍ਰਤੀ ਸਮਰਪਣ ਅੱਜ ਵੀ ਨੌਜਵਾਨਾਂ ਨੂੰ ਦੇਸ਼ ਸੇਵਾ ਅਤੇ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣ ਲਈ ਪ੍ਰੇਰਿਤ ਕਰਦਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਹਮੇਸ਼ਾ ਇਸ ਮਹਾਨ ਸ਼ਹੀਦ ਦਾ ਰਿਣੀ ਰਹੇਗਾ, ਜਿਸ ਨੇ ਮਾਤ ਭੂਮੀ ਦੀ ਆਜ਼ਾਦੀ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ।
ਕਈ ਆਗੂ ਰਹੇ ਮੌਜੂਦ
ਇਸ ਰਾਜ ਪੱਧਰੀ ਸਮਾਗਮ ਵਿੱਚ ਆਮ ਆਦਮੀ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ, ਕੈਬਨਿਟ ਮੰਤਰੀ ਅਮਨ ਅਰੋੜਾ, ਹੋਰ ਮੰਤਰੀਆਂ, ਵਿਧਾਇਕਾਂ ਅਤੇ ਵੱਡੀ ਗਿਣਤੀ ਵਿੱਚ ਲੋਕਾਂ ਨੇ ਸ਼ਿਰਕਤ ਕਰਦਿਆਂ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ।