ਪੰਥਕ ਏਕਤਾ ਲਈ ਇੱਕ ਮੰਚ ‘ਤੇ ਆਉਣ ਦਾ ਸੱਦਾ, ਸ਼ਹੀਦ ਪਰਿਵਾਰਾਂ ਨੂੰ ਸਿਆਸਤ ਵਿੱਚ ਬਣਦਾ ਹੱਕ ਦੇਣ ਦੀ ਵਕਾਲਤ
ਸ੍ਰੀ ਫਤਿਹਗੜ੍ਹ ਸਾਹਿਬ: ਪਿੰਡ ਪੰਜੋਲੀ ਕਲਾਂ ਵਿਖੇ ਸਥਿਤ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਯਾਦਗਾਰੀ ਹਾਲ ਵਿੱਚ ਕਰਵਾਏ ਗਏ ਪੰਥਕ ਏਕਤਾ ਸਮਾਗਮ ਦੌਰਾਨ ਵੱਖ-ਵੱਖ ਪੰਥਕ, ਸਮਾਜਿਕ ਅਤੇ ਧਾਰਮਿਕ ਜਥੇਬੰਦੀਆਂ ਦੇ ਆਗੂ ਇੱਕ ਮੰਚ ‘ਤੇ ਇਕੱਠੇ ਹੋਏ। ਸਮਾਗਮ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸੀਨੀਅਰ ਪੰਥਕ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਅਤੇ ਹੋਰ ਕਈ ਧਾਰਮਿਕ ਤੇ ਸਿਆਸੀ ਸ਼ਖਸੀਅਤਾਂ ਨੇ ਸ਼ਿਰਕਤ ਕੀਤੀ। ਸਮਾਗਮ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਮੌਜੂਦਾ ਸਮੇਂ ਵਿੱਚ ਸਿੱਖ ਪੰਥ ਨੂੰ ਨਿੱਜੀ ਅਤੇ ਸਿਆਸੀ ਹਿਤਾਂ ਤੋਂ ਉੱਪਰ ਉੱਠ ਕੇ ਸਾਂਝੇ ਮਕਸਦ ਲਈ ਇਕੱਠੇ ਹੋਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਪੰਥਕ ਤਾਕਤਾਂ ਨੂੰ ਇੱਕ ਮੰਚ ‘ਤੇ ਲਿਆ ਕੇ ਹੀ ਕੌਮ ਅਤੇ ਪੰਜਾਬ ਨਾਲ ਜੁੜੇ ਮੁੱਦਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਉਠਾਇਆ ਜਾ ਸਕਦਾ ਹੈ।

ਸ਼ਹੀਦ ਪਰਿਵਾਰਾਂ ਨੂੰ ਮਿਲੇ ਸਿਆਸੀ ਨੁਮਾਇੰਦਗੀ
ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਜਿਨ੍ਹਾਂ ਪਰਿਵਾਰਾਂ ਨੇ ਕੌਮ ਲਈ ਕੁਰਬਾਨੀਆਂ ਦਿੱਤੀਆਂ ਹਨ ਅਤੇ ਬੰਦੀ ਸਿੰਘਾਂ ਦੇ ਪਰਿਵਾਰਾਂ ਨੂੰ ਸਿਆਸੀ ਪ੍ਰਕਿਰਿਆ ਵਿੱਚ ਯੋਗ ਸਥਾਨ ਮਿਲਣਾ ਚਾਹੀਦਾ ਹੈ। ਉਨ੍ਹਾਂ ਸੁਝਾਅ ਦਿੱਤਾ ਕਿ ਜੇਕਰ ਪੰਥਕ ਆਧਾਰ ‘ਤੇ ਚੋਣਾਂ ਲੜੀਆਂ ਜਾਂਦੀਆਂ ਹਨ ਤਾਂ ਟਿਕਟਾਂ ਦੀ ਵੰਡ ਦੌਰਾਨ ਸ਼ਹੀਦ ਪਰਿਵਾਰਾਂ ਅਤੇ ਬੰਦੀ ਸਿੰਘਾਂ ਲਈ ਵੱਡਾ ਹਿੱਸਾ ਰਾਖਵਾਂ ਕੀਤਾ ਜਾਣਾ ਚਾਹੀਦਾ ਹੈ, ਤਾਂ ਜੋ ਉਨ੍ਹਾਂ ਦੀ ਨੁਮਾਇੰਦਗੀ ਯਕੀਨੀ ਬਣ ਸਕੇ। ਉਨ੍ਹਾਂ ਕਿਹਾ ਕਿ ਜੇ ਅਜਿਹੇ ਪਰਿਵਾਰਾਂ ਨੂੰ ਅਣਡਿੱਠਾ ਕੀਤਾ ਜਾਂਦਾ ਹੈ ਤਾਂ ਇਹ ਉਨ੍ਹਾਂ ਦੀਆਂ ਕੁਰਬਾਨੀਆਂ ਨਾਲ ਇਨਸਾਫ਼ ਨਹੀਂ ਹੋਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਪੰਥਕ ਧੜਿਆਂ ਦੀ ਏਕਤਾ ਲਈ ਉਹ ਹਰ ਵੇਲੇ ਤਿਆਰ ਹਨ ਅਤੇ ਜੇ ਹੋਰ ਸਿਆਸੀ ਧਿਰਾਂ ਵੀ ਇਸ ਪ੍ਰਕਿਰਿਆ ਦਾ ਹਿੱਸਾ ਬਣਨਾ ਚਾਹੁਣ ਤਾਂ ਉਨ੍ਹਾਂ ਦਾ ਸਵਾਗਤ ਹੈ, ਬਸ਼ਰਤੇ ਕੌਮ ਲਈ ਯੋਗਦਾਨ ਪਾਉਣ ਵਾਲੇ ਪਰਿਵਾਰਾਂ ਨੂੰ ਬਣਦਾ ਸਨਮਾਨ ਅਤੇ ਨੁਮਾਇੰਦਗੀ ਦਿੱਤੀ ਜਾਵੇ।
ਭਾਈ ਜਸਵੰਤ ਸਿੰਘ ਖਾਲੜਾ ਮਾਮਲੇ ‘ਤੇ ਪ੍ਰਤੀਕਿਰਿਆ
ਭਾਈ ਜਸਵੰਤ ਸਿੰਘ ਖਾਲੜਾ ਮਾਮਲੇ ਨਾਲ ਸਬੰਧਤ ਦੋਸ਼ੀਆਂ ਨੂੰ ਮਿਲ ਰਹੀਆਂ ਕਥਿਤ ਸਹੂਲਤਾਂ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਗਿਆਨੀ ਹਰਪ੍ਰੀਤ ਸਿੰਘ ਨੇ ਟਿੱਪਣੀ ਕਰਦਿਆਂ ਕਿਹਾ ਕਿ “ਸ਼ਾਇਦ ਉਹ ਸਰਕਾਰਾਂ ਦੇ ਜਵਾਈ ਹੋਣ।” ਉਨ੍ਹਾਂ ਦੀ ਇਸ ਟਿੱਪਣੀ ਤੋਂ ਬਾਅਦ ਸਮਾਗਮ ਵਿੱਚ ਮੌਜੂਦ ਲੋਕਾਂ ਵਿਚਾਲੇ ਇਸ ਮੁੱਦੇ ਨੂੰ ਲੈ ਕੇ ਚਰਚਾ ਛਿੜ ਗਈ।
ਭਵਿੱਖ ਵਿੱਚ ਵੀ ਹੋਣਗੇ ਪੰਥਕ ਇਕੱਠ
ਸਮਾਗਮ ਦੌਰਾਨ ਹਾਜ਼ਰ ਵੱਖ-ਵੱਖ ਆਗੂਆਂ ਨੇ ਵੀ ਪੰਥਕ ਏਕਤਾ ਨੂੰ ਹੋਰ ਮਜ਼ਬੂਤ ਬਣਾਉਣ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਕੌਮ ਨਾਲ ਸਬੰਧਤ ਮੁੱਦਿਆਂ ‘ਤੇ ਸਾਂਝੀ ਰਣਨੀਤੀ ਬਣਾਉਣ ਅਤੇ ਸੰਗਠਿਤ ਢੰਗ ਨਾਲ ਕੰਮ ਕਰਨ ਲਈ ਭਵਿੱਖ ਵਿੱਚ ਵੀ ਅਜਿਹੇ ਸਮਾਗਮ ਕਰਵਾਏ ਜਾਣਗੇ। ਸਮਾਗਮ ਵਿੱਚ ਇਹ ਵੀ ਰਾਏ ਸਾਹਮਣੇ ਆਈ ਕਿ ਪੰਥਕ ਤਾਕਤਾਂ ਵਿਚਾਲੇ ਆਪਸੀ ਤਾਲਮੇਲ ਅਤੇ ਏਕਤਾ ਨਾਲ ਹੀ ਸਮਾਜਿਕ, ਧਾਰਮਿਕ ਅਤੇ ਕੌਮੀ ਮੁੱਦਿਆਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਅੱਗੇ ਵਧਾਇਆ ਜਾ ਸਕਦਾ ਹੈ।