ਪੰਜਾਬ ਦੇ 9 ਜ਼ਿਲ੍ਹਿਆਂ ‘ਚ ਮੀਂਹ ਦਾ ਯੈਲੋ ਅਲਰਟ, ਤੇਜ਼ ਹਵਾਵਾਂ ਅਤੇ ਗਰਜ-ਚਮਕ ਦੀ ਚੇਤਾਵਨੀ
ਚੰਡੀਗੜ੍ਹ: ਪੰਜਾਬ ਵਿੱਚ ਇੱਕ ਵਾਰ ਫਿਰ ਮੌਸਮ ਨੇ ਕਰਵਟ ਲਈ ਹੈ। ਭਾਰਤੀ ਮੌਸਮ ਵਿਭਾਗ (IMD) ਨੇ ਅੱਜ ਸੂਬੇ ਦੇ 9 ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕਰਦਿਆਂ ਮੀਂਹ, ਤੇਜ਼ ਹਵਾਵਾਂ ਅਤੇ ਗਰਜ-ਚਮਕ ਦੀ ਸੰਭਾਵਨਾ ਜਤਾਈ ਹੈ। ਮੌਸਮ ਵਿਭਾਗ ਮੁਤਾਬਕ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ), ਰੂਪਨਗਰ, ਐਸ.ਏ.ਐਸ. ਨਗਰ (ਮੋਹਾਲੀ), ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ ਅਤੇ ਬਠਿੰਡਾ ਵਿੱਚ ਮੀਂਹ ਦੇ ਨਾਲ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਅਤੇ ਅਸਮਾਨੀ ਬਿਜਲੀ ਚਮਕਣ ਦੀ ਸੰਭਾਵਨਾ ਹੈ।

ਇਸ ਤੋਂ ਇਲਾਵਾ ਪਟਿਆਲਾ ਅਤੇ ਮੋਹਾਲੀ ਲਈ ਵੀ ਭਾਰੀ ਮੀਂਹ ਅਤੇ ਗਰਜ-ਚਮਕ ਨੂੰ ਲੈ ਕੇ ਵਿਸ਼ੇਸ਼ ਚੇਤਾਵਨੀ ਜਾਰੀ ਕੀਤੀ ਗਈ ਹੈ। ਹਾਲਾਂਕਿ, ਮੌਸਮ ਵਿਭਾਗ ਨੇ ਫਿਲਹਾਲ ਅਗਲੇ ਕੁਝ ਦਿਨਾਂ ਲਈ ਕਿਸੇ ਵੱਡੇ ਮੀਂਹ ਜਾਂ ਭਾਰੀ ਵਰਖਾ ਦਾ ਅਲਰਟ ਜਾਰੀ ਨਹੀਂ ਕੀਤਾ।
ਤਾਪਮਾਨ ਵਿੱਚ ਹਲਕਾ ਵਾਧਾ
ਮੌਸਮ ਵਿਭਾਗ ਦੇ ਅੰਕੜਿਆਂ ਅਨੁਸਾਰ ਸੂਬੇ ਦੇ ਘੱਟੋ-ਘੱਟ ਤਾਪਮਾਨ ਵਿੱਚ 0.3 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ, ਜੋ ਆਮ ਨਾਲੋਂ ਲਗਭਗ 2 ਡਿਗਰੀ ਸੈਲਸੀਅਸ ਵੱਧ ਹੈ। ਸਭ ਤੋਂ ਘੱਟ ਤਾਪਮਾਨ 25.4 ਡਿਗਰੀ ਸੈਲਸੀਅਸ ਨੰਗਲ ਨੇੜੇ ਥੀਣ ਡੈਮ ਵਿਖੇ ਦਰਜ ਕੀਤਾ ਗਿਆ।
ਦਿੱਲੀ-ਐਨਸੀਆਰ ਵਿੱਚ ਵੀ ਯੈਲੋ ਅਲਰਟ
ਦੂਜੇ ਪਾਸੇ ਦਿੱਲੀ-ਐਨਸੀਆਰ ਵਿੱਚ ਵੀ ਮੌਸਮ ਸੁਹਾਵਣਾ ਹੋ ਗਿਆ ਹੈ। ਮੌਸਮ ਵਿਭਾਗ ਨੇ ਇਲਾਕੇ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਜਤਾਉਂਦਿਆਂ ਯੈਲੋ ਅਲਰਟ ਜਾਰੀ ਕੀਤਾ ਹੈ। ਮੀਂਹ ਕਾਰਨ ਲੋਕਾਂ ਨੂੰ ਗਰਮੀ ਅਤੇ ਉਮਸ ਤੋਂ ਰਾਹਤ ਮਿਲਣ ਦੀ ਉਮੀਦ ਹੈ। ਦਿੱਲੀ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 31 ਤੋਂ 33 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ, ਜਦਕਿ ਬੁੱਧਵਾਰ ਨੂੰ ਵੀ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਪ੍ਰਗਟਾਈ ਗਈ ਹੈ।