ਮੀਰੀ-ਪੀਰੀ ਖਾਲਸਾ ਮਾਰਚ ਦੌਰਾਨ ਜਥੇਦਾਰ ਗੜਗੱਜ ਦਾ ਸਖ਼ਤ ਸੰਦੇਸ਼, ਨਸ਼ੇ ਖ਼ਿਲਾਫ਼ ਜ਼ੀਰੋ ਟੋਲਰੈਂਸ ਤੇ ਪੰਥਕ ਮਾਮਲਿਆਂ ‘ਚ ਦਖ਼ਲ ਨਾ ਕਰਨ ਦੀ ਚੇਤਾਵਨੀ
ਬਠਿੰਡਾ: ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਮੀਰੀ-ਪੀਰੀ ਖਾਲਸਾ ਮਾਰਚ ਮੰਗਲਵਾਰ ਨੂੰ ਬਠਿੰਡਾ ਦੇ ਇਤਿਹਾਸਕ ਗੁਰਦੁਆਰਾ ਹਾਜੀ ਰਤਨ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ ਹੋਇਆ। ਇਹ ਮਾਰਚ ਸ਼ਾਮ ਵੇਲੇ ਸਿੱਖ ਕੌਮ ਦੇ ਚੌਥੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸਮਾਪਤ ਹੋਇਆ।

ਮਾਰਚ ਰਵਾਨਾ ਹੋਣ ਤੋਂ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅਰਦਾਸ ਕੀਤੀ ਅਤੇ ਪੰਜਾਬ ਵਿੱਚ ਵੱਧ ਰਹੇ ਨਸ਼ੇ ‘ਤੇ ਗੰਭੀਰ ਚਿੰਤਾ ਪ੍ਰਗਟਾਈ। ਜਥੇਦਾਰ ਗੜਗੱਜ ਨੇ ਕਿਹਾ ਕਿ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਉਨ੍ਹਾਂ ਨੂੰ ਗੁਰੂ ਨਾਲ ਜੋੜਨਾ ਸਭ ਤੋਂ ਜ਼ਰੂਰੀ ਹੈ। ਉਨ੍ਹਾਂ ਅਪੀਲ ਕੀਤੀ ਕਿ ਨਸ਼ੇ ਖ਼ਿਲਾਫ਼ ਜ਼ੀਰੋ ਟੋਲਰੈਂਸ ਦੀ ਨੀਤੀ ਅਪਣਾਈ ਜਾਵੇ ਅਤੇ ਨਸ਼ੇ ਦੇ ਕਾਰੋਬਾਰ ਨਾਲ ਜੁੜੇ ਲੋਕਾਂ ਦਾ ਸਮਾਜਿਕ ਬਾਈਕਾਟ ਕੀਤਾ ਜਾਵੇ।
ਇਸ ਮੌਕੇ ਉਨ੍ਹਾਂ ਨੇ ਪੰਥਕ ਮਾਮਲਿਆਂ ਵਿੱਚ ਦਖ਼ਲਅੰਦਾਜ਼ੀ ਕਰਨ ਵਾਲਿਆਂ ਨੂੰ ਵੀ ਸਖ਼ਤ ਸੰਦੇਸ਼ ਦਿੰਦਿਆਂ ਕਿਹਾ ਕਿ ਪੰਥਕ ਕਾਰਜਾਂ ਵਿੱਚ ਦਖ਼ਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਗੁਸਤਾਖ਼ੀ ਕਰਨ ਵਾਲਿਆਂ ਖ਼ਿਲਾਫ਼ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ। ਵਿਧਾਨ ਸਭਾ ਵਿੱਚ ਉੱਠੇ ਸਵਾਲਾਂ ਦੇ ਸੰਦਰਭ ਵਿੱਚ ਜਥੇਦਾਰ ਨੇ ਕਿਹਾ ਕਿ ਜਦ ਤੱਕ ਸੰਬੰਧਤ ਕਾਨੂੰਨ ਵਿੱਚ ਸੋਧ ਨਹੀਂ ਹੁੰਦੀ, ਉਦੋਂ ਤੱਕ ਸਿੱਖ ਪੰਥ ਉਸ ਨੂੰ ਸਵੀਕਾਰ ਨਹੀਂ ਕਰੇਗਾ। ਉਨ੍ਹਾਂ ਇਹ ਵੀ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ਅਤੇ ਸਰਵਉੱਚਤਾ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾ ਸਕਦਾ।
ਬਲਦੇਵ ਸਿੰਘ ਵਡਾਲਾ ਨੇ ਚੁੱਕੇ ਸਵਾਲ
ਦੂਜੇ ਪਾਸੇ, ਅੰਮ੍ਰਿਤਸਰ ਵਿੱਚ ਸਿੱਖ ਆਗੂ ਬਲਦੇਵ ਸਿੰਘ ਵਡਾਲਾ ਨੇ ਮੀਰੀ-ਪੀਰੀ ਖਾਲਸਾ ਮਾਰਚ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ‘ਤੇ ਸਵਾਲ ਖੜ੍ਹੇ ਕੀਤੇ। ਉਨ੍ਹਾਂ ਕਿਹਾ ਕਿ ਸੰਗਤ ਨੂੰ ਕਿਸੇ ਵੀ ਮੁਹਿੰਮ ਨੂੰ ਸਿਰਫ਼ ਨਾਅਰਿਆਂ ਦੇ ਆਧਾਰ ‘ਤੇ ਨਹੀਂ, ਸਗੋਂ ਉਸਦੇ ਉਦੇਸ਼ ਅਤੇ ਪਿਛੋਕੜ ਨੂੰ ਸਮਝ ਕੇ ਦੇਖਣਾ ਚਾਹੀਦਾ ਹੈ।

ਵਡਾਲਾ ਨੇ ਬੇਅਦਬੀ ਮਾਮਲਿਆਂ, ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਦੀ ਚੋਰੀ ਅਤੇ ਹੋਰ ਪੰਥਕ ਮੁੱਦਿਆਂ ‘ਤੇ ਵੀ ਅਕਾਲੀ ਦਲ ਦੀ ਲੀਡਰਸ਼ਿਪ ਤੋਂ ਜਵਾਬ ਮੰਗਦਿਆਂ ਕਿਹਾ ਕਿ ਸੰਗਤ ਨੂੰ ਪੰਥਕ ਹਿੱਤਾਂ ਦੀ ਰੱਖਿਆ ਲਈ ਜਾਗਰੂਕ ਰਹਿਣ ਦੀ ਲੋੜ ਹੈ।