ਭਾਖੜਾ ਡੈਮ ਨੂੰ ਲੈ ਕੇ ਫੈਲ ਰਹੀਆਂ ਅਫ਼ਵਾਹਾਂ ‘ਤੇ ਸਰਕਾਰ ਦਾ ਵੱਡਾ ਬਿਆਨ, ਲੋਕਾਂ ਨੂੰ ਨਾ ਘਬਰਾਉਣ ਦੀ ਅਪੀਲ
ਚੰਡੀਗੜ੍ਹ: ਭਾਖੜਾ ਡੈਮ ਦੀ ਸੁਰੱਖਿਆ ਨੂੰ ਲੈ ਕੇ ਸੋਸ਼ਲ ਮੀਡੀਆ ਅਤੇ ਕੁਝ ਰਿਪੋਰਟਾਂ ਵਿੱਚ ਚੱਲ ਰਹੀਆਂ ਚਰਚਾਵਾਂ ਦਰਮਿਆਨ ਪੰਜਾਬ ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਡੈਮ ਪੂਰੀ ਤਰ੍ਹਾਂ ਸੁਰੱਖਿਅਤ ਹੈ। ਜਲ ਸਰੋਤ, ਖਣਨ ਅਤੇ ਭੂ-ਵਿਗਿਆਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀਆਂ ਅਫ਼ਵਾਹਾਂ ‘ਤੇ ਵਿਸ਼ਵਾਸ ਕਰਨ ਦੀ ਲੋੜ ਨਹੀਂ, ਕਿਉਂਕਿ ਡੈਮ ਦੀ ਨਿਯਮਿਤ ਤੌਰ ‘ਤੇ ਨਿਗਰਾਨੀ ਕੀਤੀ ਜਾਂਦੀ ਹੈ।
ਇੰਜੀਨੀਅਰਿੰਗ ਡਿਜ਼ਾਈਨ ਦਾ ਹਿੱਸਾ ਹੈ ਮਾਮੂਲੀ ਹਿਲਜੁਲ
ਵਿਧਾਨ ਸਭਾ ਵਿੱਚ ਬੋਲਦਿਆਂ ਮੰਤਰੀ ਨੇ ਦੱਸਿਆ ਕਿ ਪਾਣੀ ਦੇ ਦਬਾਅ ਕਾਰਨ ਡੈਮ ਵਿੱਚ ਹੋਣ ਵਾਲੀ ਮਾਮੂਲੀ ਹਿਲਜੁਲ ਇੱਕ ਆਮ ਇੰਜੀਨੀਅਰਿੰਗ ਪ੍ਰਕਿਰਿਆ ਹੈ। ਉਨ੍ਹਾਂ ਕਿਹਾ ਕਿ ਪਾਣੀ ਦਾ ਦਬਾਅ ਵਧਣ ਨਾਲ ਡੈਮ ਵਿੱਚ ਥੋੜ੍ਹਾ ਜਿਹਾ ਝੁਕਾਅ ਆਉਣਾ ਕੁਦਰਤੀ ਹੈ ਅਤੇ ਦਬਾਅ ਘਟਣ ‘ਤੇ ਇਹ ਮੁੜ ਆਪਣੀ ਆਮ ਸਥਿਤੀ ਵਿੱਚ ਆ ਜਾਂਦਾ ਹੈ।

ਉਨ੍ਹਾਂ ਜਾਣਕਾਰੀ ਦਿੱਤੀ ਕਿ 1995 ਤੋਂ 2025 ਤੱਕ ਅਜਿਹੀਆਂ ਘਟਨਾਵਾਂ ਕਈ ਵਾਰ ਦਰਜ ਹੋਈਆਂ ਹਨ, ਪਰ ਹਰ ਵਾਰ ਡੈਮ ਪੂਰੀ ਤਰ੍ਹਾਂ ਸੁਰੱਖਿਅਤ ਰਿਹਾ ਅਤੇ ਕਿਸੇ ਵੀ ਤਰ੍ਹਾਂ ਦਾ ਢਾਂਚਾਗਤ ਨੁਕਸਾਨ ਸਾਹਮਣੇ ਨਹੀਂ ਆਇਆ। ਮੰਤਰੀ ਨੇ ਸਪੱਸ਼ਟ ਕੀਤਾ ਕਿ ਡੈਮ ਵਿੱਚ ਇਕੱਠੀ ਹੋ ਰਹੀ ਸਿਲਟ ਕਾਰਨ ਜਲ ਭੰਡਾਰਨ ਸਮਰੱਥਾ ਵਿੱਚ ਕੁਝ ਕਮੀ ਆਈ ਹੈ, ਪਰ ਇਸ ਨਾਲ ਡੈਮ ਦੀ ਮਜ਼ਬੂਤੀ ਜਾਂ ਸੁਰੱਖਿਆ ‘ਤੇ ਕੋਈ ਅਸਰ ਨਹੀਂ ਪਿਆ। ਉਨ੍ਹਾਂ ਕਿਹਾ ਕਿ ਡੀ-ਸਿਲਟਿੰਗ ਦੀ ਜ਼ਿੰਮੇਵਾਰੀ ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀਬੀਐਮਬੀ) ਅਤੇ ਕੇਂਦਰ ਸਰਕਾਰ ਦੀ ਹੈ ਅਤੇ ਪੰਜਾਬ ਸਰਕਾਰ ਇਸ ਮਾਮਲੇ ਨੂੰ ਲਗਾਤਾਰ ਉਠਾ ਰਹੀ ਹੈ। ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਸੂਬੇ ਵਿੱਚ ਖਣਨ ਪ੍ਰਬੰਧਨ ਨੂੰ ਪਾਰਦਰਸ਼ੀ ਬਣਾਉਣ ਲਈ ਕਈ ਕਦਮ ਚੁੱਕੇ ਗਏ ਹਨ। ਉਨ੍ਹਾਂ ਦੇ ਅਨੁਸਾਰ ਖਣਨ ਤੋਂ ਹੋਣ ਵਾਲੀ ਸਰਕਾਰੀ ਆਮਦਨ ਵਿੱਚ ਰਿਕਾਰਡ ਵਾਧਾ ਹੋਇਆ ਹੈ ਅਤੇ ਕੇਂਦਰ ਸਰਕਾਰ ਵੱਲੋਂ ਵੀ ਪੰਜਾਬ ਦੇ ਸੁਧਾਰਾਂ ਨੂੰ ਮਾਨਤਾ ਮਿਲੀ ਹੈ। ਉਨ੍ਹਾਂ ਕਿਹਾ ਕਿ ਗੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਸ਼ਿਕਾਇਤ ਮਿਲਣ ‘ਤੇ ਤੁਰੰਤ ਜਾਂਚ ਅਤੇ ਐਫਆਈਆਰ ਦਰਜ ਕਰਨ ਦੀ ਪ੍ਰਕਿਰਿਆ ਅਮਲ ਵਿੱਚ ਲਿਆਂਦੀ ਜਾਂਦੀ ਹੈ।
ਪੋਟਾਸ਼, ਸੋਨਾ ਅਤੇ ਤੇਲ ਦੀ ਖੋਜ ‘ਤੇ ਸਰਕਾਰ ਦਾ ਜ਼ੋਰ
ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਪੋਟਾਸ਼, ਸੋਨੇ ਅਤੇ ਹਾਈਡ੍ਰੋਕਾਰਬਨ (ਤੇਲ) ਦੀਆਂ ਸੰਭਾਵਨਾਵਾਂ ਨੂੰ ਲੈ ਕੇ ਵਿਗਿਆਨਕ ਪੱਧਰ ‘ਤੇ ਖੋਜ ਜਾਰੀ ਹੈ। ਕੇਂਦਰੀ ਏਜੰਸੀਆਂ ਦੇ ਸਹਿਯੋਗ ਨਾਲ ਵੱਖ-ਵੱਖ ਥਾਵਾਂ ‘ਤੇ ਸਰਵੇ ਅਤੇ ਡਰਿੱਲਿੰਗ ਕੀਤੀ ਜਾ ਰਹੀ ਹੈ, ਜਿਸ ਨਾਲ ਭਵਿੱਖ ਵਿੱਚ ਸੂਬੇ ਦੀ ਆਰਥਿਕਤਾ ਨੂੰ ਨਵੀਂ ਦਿਸ਼ਾ ਮਿਲਣ ਦੀ ਉਮੀਦ ਹੈ।
ਲੋਕਾਂ ਲਈ ਅਪੀਲ
ਪੰਜਾਬ ਸਰਕਾਰ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਭਾਖੜਾ ਡੈਮ ਸਬੰਧੀ ਕਿਸੇ ਵੀ ਅਪ੍ਰਮਾਣਿਤ ਜਾਂ ਭਰਮਕ ਜਾਣਕਾਰੀ ‘ਤੇ ਵਿਸ਼ਵਾਸ ਨਾ ਕੀਤਾ ਜਾਵੇ। ਸਰਕਾਰ ਦਾ ਕਹਿਣਾ ਹੈ ਕਿ ਡੈਮ ਦੀ ਸੁਰੱਖਿਆ ਨਾਲ ਸੰਬੰਧਿਤ ਸਾਰੇ ਮਾਪਦੰਡਾਂ ਦੀ ਨਿਯਮਿਤ ਜਾਂਚ ਕੀਤੀ ਜਾਂਦੀ ਹੈ ਅਤੇ ਮੌਜੂਦਾ ਸਮੇਂ ਵਿੱਚ ਕਿਸੇ ਵੀ ਤਰ੍ਹਾਂ ਦਾ ਖ਼ਤਰਾ ਨਹੀਂ ਹੈ।