ਪਾਲ ਸਮਾਓ ਦੇ ਬਿਆਨ ‘ਤੇ ਛਿੜਿਆ ਵਿਵਾਦ, ਮਾਫ਼ੀ ਮੰਗਣ ਮਗਰੋਂ ਵੀ ਜਥੇਬੰਦੀਆਂ ਨੇ ਕੀਤੀ ਕਾਰਵਾਈ ਦੀ ਮੰਗ
ਮਾਨਸਾ: ਤੀਆਂ ਦੇ ਇੱਕ ਸਮਾਗਮ ਦੌਰਾਨ ਗਿੱਧਾ ਕੋਚ ਪਾਲ ਸਿੰਘ ਸਮਾਓ ਵੱਲੋਂ ਦਿੱਤੇ ਗਏ ਬਿਆਨ ਨੂੰ ਲੈ ਕੇ ਸੂਬੇ ਵਿੱਚ ਵਿਵਾਦ ਖੜ੍ਹਾ ਹੋ ਗਿਆ ਹੈ। ਇਸ ਮਾਮਲੇ ‘ਤੇ ਕਈ ਸਿੱਖ ਜਥੇਬੰਦੀਆਂ ਨੇ ਇਤਰਾਜ਼ ਜਤਾਉਂਦਿਆਂ ਇਸ ਨੂੰ ਧਾਰਮਿਕ ਭਾਵਨਾਵਾਂ ਨਾਲ ਜੁੜਿਆ ਮਸਲਾ ਦੱਸਿਆ ਹੈ ਅਤੇ ਪੁਲਿਸ ਕੋਲ ਸ਼ਿਕਾਇਤ ਦੇ ਕੇ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ। ਮਾਨਸਾ ਵਿੱਚ ਸਿੱਖ ਜਥੇਬੰਦੀਆਂ ਦੇ ਨੁਮਾਇੰਦੇ ਐੱਸਐੱਸਪੀ ਦਫ਼ਤਰ ਪਹੁੰਚੇ, ਜਿੱਥੇ ਉਨ੍ਹਾਂ ਨੇ ਮੰਗ ਪੱਤਰ ਸੌਂਪਦਿਆਂ ਕਿਹਾ ਕਿ ਸਮਾਗਮ ਦੌਰਾਨ ਕੀਤੀ ਗਈ ਟਿੱਪਣੀ ਕਾਰਨ ਸਿੱਖ ਸੰਗਤ ਵਿੱਚ ਨਾਰਾਜ਼ਗੀ ਹੈ। ਉਨ੍ਹਾਂ ਦਾ ਕਹਿਣਾ ਸੀ ਕਿ ਧਾਰਮਿਕ ਸ਼ਖ਼ਸੀਅਤਾਂ ਨਾਲ ਸੰਬੰਧਿਤ ਤੁਲਨਾਵਾਂ ਕਰਦੇ ਸਮੇਂ ਵਿਸ਼ੇਸ਼ ਸਾਵਧਾਨੀ ਵਰਤਣੀ ਚਾਹੀਦੀ ਹੈ। ਜਥੇਬੰਦੀਆਂ ਨੇ ਕਿਹਾ ਕਿ ਜੇਕਰ ਮਾਮਲੇ ਵਿੱਚ ਯੋਗ ਕਾਰਵਾਈ ਨਾ ਕੀਤੀ ਗਈ ਤਾਂ ਉਹ ਅਗਲੇ ਦਿਨਾਂ ਵਿੱਚ ਸੰਘਰਸ਼ ਦਾ ਰਾਹ ਅਪਣਾਉਣ ਬਾਰੇ ਵਿਚਾਰ ਕਰਨਗੇ।

ਪਾਲ ਸਮਾਓ ਨੇ ਜਨਤਕ ਤੌਰ ‘ਤੇ ਮੰਗੀ ਮਾਫ਼ੀ
ਵਿਵਾਦ ਵਧਣ ਤੋਂ ਬਾਅਦ ਪਾਲ ਸਿੰਘ ਸਮਾਓ ਨੇ ਸੋਸ਼ਲ ਮੀਡੀਆ ਰਾਹੀਂ ਇੱਕ ਵੀਡੀਓ ਜਾਰੀ ਕਰਕੇ ਆਪਣੇ ਬਿਆਨ ‘ਤੇ ਖੇਦ ਪ੍ਰਗਟਾਇਆ। ਉਨ੍ਹਾਂ ਕਿਹਾ ਕਿ ਸਮਾਗਮ ਦੌਰਾਨ ਉਹ ਭਾਵੁਕ ਹੋ ਗਏ ਸਨ ਅਤੇ ਉਸੇ ਭਾਵਨਾ ਵਿੱਚ ਉਨ੍ਹਾਂ ਤੋਂ ਅਜਿਹੇ ਸ਼ਬਦ ਨਿਕਲ ਗਏ, ਜੋ ਨਹੀਂ ਬੋਲਣੇ ਚਾਹੀਦੇ ਸਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਕਿਸੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਕੋਈ ਇਰਾਦਾ ਨਹੀਂ ਸੀ ਅਤੇ ਉਹ ਪੂਰੀ ਸਿੱਖ ਕੌਮ ਅਤੇ ਪੰਜਾਬੀਆਂ ਤੋਂ ਹੱਥ ਜੋੜ ਕੇ ਮਾਫ਼ੀ ਮੰਗਦੇ ਹਨ। ਭਾਵੇਂ ਪਾਲ ਸਮਾਓ ਨੇ ਆਪਣੀ ਗਲਤੀ ਸਵੀਕਾਰ ਕਰਦਿਆਂ ਮੁਆਫ਼ੀ ਮੰਗ ਲਈ ਹੈ, ਪਰ ਵਿਰੋਧ ਕਰ ਰਹੀਆਂ ਜਥੇਬੰਦੀਆਂ ਦਾ ਕਹਿਣਾ ਹੈ ਕਿ ਸਿਰਫ਼ ਮਾਫ਼ੀ ਨਾਲ ਮਾਮਲਾ ਖ਼ਤਮ ਨਹੀਂ ਹੁੰਦਾ। ਉਨ੍ਹਾਂ ਨੇ ਮੰਗ ਕੀਤੀ ਹੈ ਕਿ ਮਾਮਲੇ ਦੀ ਜਾਂਚ ਕਰਕੇ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇ ਤਾਂ ਜੋ ਭਵਿੱਖ ਵਿੱਚ ਅਜਿਹੇ ਵਿਵਾਦ ਦੁਬਾਰਾ ਪੈਦਾ ਨਾ ਹੋਣ। ਇਸ ਘਟਨਾ ਤੋਂ ਬਾਅਦ ਸੋਸ਼ਲ ਮੀਡੀਆ ‘ਤੇ ਵੀ ਵੱਖ-ਵੱਖ ਪ੍ਰਤੀਕਿਰਿਆਵਾਂ ਸਾਹਮਣੇ ਆ ਰਹੀਆਂ ਹਨ। ਇੱਕ ਪਾਸੇ ਕੁਝ ਲੋਕ ਪਾਲ ਸਮਾਓ ਦੀ ਮਾਫ਼ੀ ਨੂੰ ਸਵੀਕਾਰ ਕਰਨ ਦੀ ਗੱਲ ਕਰ ਰਹੇ ਹਨ, ਜਦਕਿ ਦੂਜੇ ਪਾਸੇ ਕਈ ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਮਾਮਲੇ ਵਿੱਚ ਸਖ਼ਤ ਕਾਰਵਾਈ ਦੀ ਮੰਗ ‘ਤੇ ਅਡਿੱਗ ਹਨ। ਹੁਣ ਸਭ ਦੀ ਨਜ਼ਰ ਪੁਲਿਸ ਵੱਲੋਂ ਕੀਤੇ ਜਾਣ ਵਾਲੇ ਅਗਲੇ ਕਦਮਾਂ ‘ਤੇ ਟਿਕੀ ਹੋਈ ਹੈ।