ਜਸਵੀਰ ਸਿੰਘ ਗੜ੍ਹੀ ਦਾ SC ਕਮਿਸ਼ਨ ਦੇ ਚੇਅਰਮੈਨ ਅਹੁਦੇ ਤੋਂ ਅਸਤੀਫ਼ਾ, AAP ਨੇ ਚਮਕੌਰ ਸਾਹਿਬ ਦੀ ਸੌਂਪੀ ਜ਼ਿੰਮੇਵਾਰੀ
ਆਮ ਆਦਮੀ ਪਾਰਟੀ ਵੱਲੋਂ ਸ੍ਰੀ ਚਮਕੌਰ ਸਾਹਿਬ ਦਾ ਹਲਕਾ ਇੰਚਾਰਜ ਬਣਾਏ ਜਾਣ ਤੋਂ ਬਾਅਦ ਜਸਵੀਰ ਸਿੰਘ ਗੜ੍ਹੀ ਨੇ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਗੜ੍ਹੀ ਨੇ ਚੰਡੀਗੜ੍ਹ ਵਿੱਚ ਖੁਦ ਇਸ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਉਨ੍ਹਾਂ ਨੇ 26 ਅਗਸਤ ਦੀ ਸ਼ਾਮ ਨੂੰ ਹੀ ਅਸਤੀਫ਼ਾ ਦੇ ਦਿੱਤਾ ਸੀ।ਇਸ ਤੋਂ ਅਗਲੇ ਦਿਨ, 27 ਅਗਸਤ ਨੂੰ ਆਮ ਆਦਮੀ ਪਾਰਟੀ ਨੇ ਉਨ੍ਹਾਂ ਨੂੰ ਸ੍ਰੀ ਚਮਕੌਰ ਸਾਹਿਬ ਵਿਧਾਨ ਸਭਾ ਹਲਕੇ ਦਾ ਇੰਚਾਰਜ ਨਿਯੁਕਤ ਕਰ ਦਿੱਤਾ। ਇਹ ਹਲਕਾ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਸਿਆਸੀ ਗੜ੍ਹ ਮੰਨਿਆ ਜਾਂਦਾ ਹੈ।

ਗੜ੍ਹੀ ਨੇ ਕਿਹਾ ਕਿ ਪਾਰਟੀ ਨੇ ਉਨ੍ਹਾਂ ਨੂੰ ਚਮਕੌਰ ਸਾਹਿਬ ਵਿੱਚ ਸੰਗਠਨ ਨੂੰ ਮਜ਼ਬੂਤ ਕਰਨ ਅਤੇ ਵੱਖ-ਵੱਖ ਵਰਗਾਂ ਦੇ ਲੋਕਾਂ ਨੂੰ ਆਮ ਆਦਮੀ ਪਾਰਟੀ ਨਾਲ ਜੋੜਨ ਦੀ ਜ਼ਿੰਮੇਵਾਰੀ ਸੌਂਪੀ ਹੈ। ਉਨ੍ਹਾਂ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਧੰਨਵਾਦ ਵੀ ਕੀਤਾ।ਉਨ੍ਹਾਂ ਕਿਹਾ ਕਿ ਉਹ ਪਾਰਟੀ ਦੇ ਇੱਕ ਸਿਪਾਹੀ ਵਜੋਂ ਕੰਮ ਕਰਦੇ ਹਨ ਅਤੇ ਪਾਰਟੀ ਵੱਲੋਂ ਜਿਹੜੀ ਵੀ ਡਿਊਟੀ ਦਿੱਤੀ ਜਾਵੇਗੀ, ਉਸ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ।ਗੜ੍ਹੀ ਦੀ ਚਮਕੌਰ ਸਾਹਿਬ ਵਿੱਚ ਨਿਯੁਕਤੀ ਤੋਂ ਬਾਅਦ ਸਿਆਸੀ ਚਰਚਾਵਾਂ ਵੀ ਤੇਜ਼ ਹੋ ਗਈਆਂ ਹਨ। ਸਿਆਸੀ ਮਾਹਿਰਾਂ ਵੱਲੋਂ ਕਿਆਸ ਲਗਾਏ ਜਾ ਰਹੇ ਹਨ ਕਿ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਉਨ੍ਹਾਂ ਨੂੰ ਇਸ ਹਲਕੇ ਤੋਂ ਉਮੀਦਵਾਰ ਵੀ ਬਣਾ ਸਕਦੀ ਹੈ। ਹਾਲਾਂਕਿ, ਇਸ ਬਾਰੇ ਪਾਰਟੀ ਵੱਲੋਂ ਅਜੇ ਕੋਈ ਅਧਿਕਾਰਤ ਐਲਾਨ ਨਹੀਂ ਕੀਤਾ ਗਿਆ।