ਜੈਕਾਰਿਆਂ ਦੀ ਗੂੰਜ ’ਚ ਅਨੰਦਪੁਰ ਸਾਹਿਬ ਵੱਲ ਰਵਾਨਾ ਮੀਰੀ-ਪੀਰੀ ਖਾਲਸਾ ਮਾਰਚ
ਜੈਕਾਰਿਆਂ ਦੀ ਗੂੰਜ ’ਚ ਅਨੰਦਪੁਰ ਸਾਹਿਬ ਵੱਲ ਰਵਾਨਾ ਮੀਰੀ-ਪੀਰੀ ਖਾਲਸਾ ਮਾਰਚ
ਰੋਪੜ: ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਮੀਰੀ ਪੀਰੀ ਖਾਲਸਾ ਮਾਰਚ ਆਪਣੇ ਅਗਲੇ ਪੜਾਅ ਵੱਲ ਵਧ ਗਿਆ ਹੈ। ਗੁਰਦੁਆਰਾ ਸ੍ਰੀ ਭੱਠਾ ਸਾਹਿਬ, ਰੋਪੜ ਵਿਖੇ ਰਾਤ ਦੇ ਵਿਸ਼ਰਾਮ ਤੋਂ ਬਾਅਦ ਮਾਰਚ ਅੱਜ ਸਵੇਰੇ ਜੈਕਾਰਿਆਂ ਦੀ ਗੂੰਜ ਅਤੇ ਖਾਲਸਾਈ ਜਾਹੋ-ਜਲਾਲ ਨਾਲ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਲਈ ਰਵਾਨਾ ਹੋਇਆ।
ਮਾਰਚ ਦੀ ਰਵਾਨਗੀ ਮੌਕੇ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਵਿਖੇ ਵੱਡੀ ਗਿਣਤੀ ਵਿੱਚ ਸੰਗਤਾਂ ਇਕੱਠੀਆਂ ਹੋਈਆਂ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਸਮੇਤ ਕਈ ਪ੍ਰਮੁੱਖ ਸ਼ਖ਼ਸੀਅਤਾਂ ਨੇ ਹਾਜ਼ਰੀ ਭਰੀ।ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਦੀਵਾਨ ਸਜਾਇਆ ਗਿਆ। ਇਸ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਕੇਵਲ ਸਿੰਘ ਨੇ ਸੰਗਤਾਂ ਨਾਲ ਗੁਰ-ਇਤਿਹਾਸ ਦੀ ਸਾਂਝ ਪਾਈ ਅਤੇ ਗੁਰਮਤਿ ਅਨੁਸਾਰ ਜੀਵਨ ਬਤੀਤ ਕਰਨ ਲਈ ਪ੍ਰੇਰਿਤ ਕੀਤਾ। ਅਰਦਾਸ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਨੂੰ ਪਾਲਕੀ ਸਾਹਿਬ ਵਿੱਚ ਸ਼ੁਸ਼ੋਭਿਤ ਕਰਨ ਦੀ ਸੇਵਾ ਡਾ. ਦਲਜੀਤ ਸਿੰਘ ਚੀਮਾ ਵੱਲੋਂ ਨਿਭਾਈ ਗਈ।ਇਸ ਮੌਕੇ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ਼ੁਰੂ ਹੋਇਆ ਮੀਰੀ ਪੀਰੀ ਖਾਲਸਾ ਮਾਰਚ ਹੁਣ ਤੱਕ ਸੈਂਕੜੇ ਪਿੰਡਾਂ ਵਿੱਚੋਂ ਲੰਘ ਚੁੱਕਾ ਹੈ। ਉਨ੍ਹਾਂ ਕਿਹਾ ਕਿ ਮਾਰਚ ਦਾ ਮੁੱਖ ਉਦੇਸ਼ ਸਿੱਖ ਸਿਧਾਂਤਾਂ, ਗੁਰਮਤਿ ਅਤੇ ਪੰਥਕ ਪ੍ਰੰਪਰਾਵਾਂ ਦਾ ਸੰਦੇਸ਼ ਸੰਗਤਾਂ ਤੱਕ ਪਹੁੰਚਾਉਣਾ ਹੈ।

ਉਨ੍ਹਾਂ ਕਿਹਾ ਕਿ ਮਾਰਚ ਦੌਰਾਨ ਪਿੰਡਾਂ ਵਿੱਚ ਲੋਕਾਂ ਨਾਲ ਮੁਲਾਕਾਤ ਕਰਨ ਦਾ ਮੌਕਾ ਮਿਲਿਆ ਅਤੇ ਇਸ ਦੌਰਾਨ ਪੰਜਾਬ ਦੀਆਂ ਕਈ ਸਮਾਜਿਕ ਸਮੱਸਿਆਵਾਂ ਬਾਰੇ ਵੀ ਜਾਣਕਾਰੀ ਮਿਲੀ। ਖਾਸ ਤੌਰ ’ਤੇ ਨੌਜਵਾਨਾਂ ਵਿੱਚ ਨਸ਼ਿਆਂ ਦੀ ਸਮੱਸਿਆ ’ਤੇ ਚਿੰਤਾ ਪ੍ਰਗਟ ਕਰਦਿਆਂ ਉਨ੍ਹਾਂ ਕਿਹਾ ਕਿ ਕਈ ਪਿੰਡਾਂ ਵਿੱਚ ਨੌਜਵਾਨ ਨਸ਼ਿਆਂ ਦੀ ਲਪੇਟ ਵਿੱਚ ਆ ਚੁੱਕੇ ਹਨ।

ਜਥੇਦਾਰ ਨੇ ਕਿਹਾ ਕਿ ਮੀਰੀ ਪੀਰੀ ਖਾਲਸਾ ਮਾਰਚ ਦੌਰਾਨ ਕਈ ਨੌਜਵਾਨਾਂ ਨੇ ਸਿੱਖੀ ਸਰੂਪ ਵਿੱਚ ਮੁੜ ਆਉਣ ਅਤੇ ਨਸ਼ਿਆਂ ਤੋਂ ਦੂਰ ਰਹਿਣ ਦਾ ਪ੍ਰਣ ਲਿਆ ਹੈ। ਉਨ੍ਹਾਂ ਇਸ ਨੂੰ ਮਾਰਚ ਦੀ ਇੱਕ ਵੱਡੀ ਉਪਲਬਧੀ ਦੱਸਿਆ। ਉਨ੍ਹਾਂ ਕਿਹਾ ਕਿ ਖਾਲਸਾ ਮਾਰਚ ਦਾ ਮਕਸਦ ਧਾਰਮਿਕ ਜਾਗਰੂਕਤਾ ਦੇ ਨਾਲ-ਨਾਲ ਸਮਾਜਿਕ ਬੁਰਾਈਆਂ ਖ਼ਿਲਾਫ਼ ਲੋਕਾਂ ਨੂੰ ਜਾਗਰੂਕ ਕਰਨਾ ਵੀ ਹੈ।ਉਨ੍ਹਾਂ ਸਿੱਖ ਸੰਗਤਾਂ ਨੂੰ ਗੁਰੂ ਦੇ ਸਿਧਾਂਤਾਂ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਪ੍ਰਤੀ ਸਮਰਪਿਤ ਰਹਿਣ ਦਾ ਸੱਦਾ ਦਿੱਤਾ। ਨਾਲ ਹੀ ਮਾਰਚ ਦੌਰਾਨ ਪਿੰਡ-ਪਿੰਡ ਮਿਲ ਰਹੇ ਸੰਗਤ ਦੇ ਭਰਵੇਂ ਸਵਾਗਤ ਅਤੇ ਸਹਿਯੋਗ ਲਈ ਧੰਨਵਾਦ ਕੀਤਾ।ਇਸ ਦੌਰਾਨ ਨੇਪਾਲ ਵਿੱਚ ਆਏ ਤਾਜ਼ਾ ਹੜ੍ਹਾਂ ਦਾ ਵੀ ਜ਼ਿਕਰ ਕੀਤਾ ਗਿਆ। ਦੱਸਿਆ ਗਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਕਾਰਜ ਕੀਤੇ ਜਾ ਰਹੇ ਹਨ ਅਤੇ ਮੈਂਬਰਾਂ ਦਾ ਇੱਕ ਵਫ਼ਦ ਨੇਪਾਲ ਭੇਜਿਆ ਗਿਆ ਹੈ, ਜੋ ਉਥੇ ਲੋਕਾਂ ਦੀ ਸਹਾਇਤਾ ਕਰ ਰਿਹਾ ਹੈ।ਮੀਰੀ ਪੀਰੀ ਖਾਲਸਾ ਮਾਰਚ ਦੇ ਵੱਖ-ਵੱਖ ਪੜਾਵਾਂ ’ਤੇ ਸੰਗਤਾਂ ਵੱਲੋਂ ਭਰਵਾਂ ਸਵਾਗਤ ਕੀਤਾ ਜਾ ਰਿਹਾ ਹੈ। ਮਾਰਚ ਦੇ ਨਾਲ ਚੱਲ ਰਹੀ ਗੁਰੂ ਸਾਹਿਬਾਨ ਦੇ ਇਤਿਹਾਸਕ ਸ਼ਸਤਰਾਂ ਵਾਲੀ ਬੱਸ ਵੀ ਸੰਗਤਾਂ ਲਈ ਖਿੱਚ ਦਾ ਕੇਂਦਰ ਬਣੀ ਹੋਈ ਹੈ। ਲੋਕ ਵੱਡੀ ਗਿਣਤੀ ਵਿੱਚ ਇਸ ਦੇ ਦਰਸ਼ਨ ਕਰ ਰਹੇ ਹਨ।ਹੁਣ ਮੀਰੀ ਪੀਰੀ ਖਾਲਸਾ ਮਾਰਚ ਆਪਣੇ ਅਗਲੇ ਪੜਾਅ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਵੱਲ ਵਧ ਰਿਹਾ ਹੈ। ਮਾਰਚ ਦੇ ਰਸਤੇ ਵਿੱਚ ਸੰਗਤਾਂ ਵੱਲੋਂ ਜੈਕਾਰਿਆਂ ਨਾਲ ਸਵਾਗਤ ਕੀਤਾ ਜਾ ਰਿਹਾ ਹੈ ਅਤੇ ਧਾਰਮਿਕ ਉਤਸ਼ਾਹ ਦਾ ਮਾਹੌਲ ਬਣਿਆ ਹੋਇਆ ਹੈ।





