ਪ੍ਰਦਰਸ਼ਨ ਦੌਰਾਨ ਸਭ ਤੋਂ ਵੱਧ ਤਿੱਖਾ ਹਮਲਾ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ’ਤੇ ਕੀਤਾ ਗਿਆ। ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ, ‘ਇੱਕ ਖੁਦਕੁਸ਼ੀ ਮਾਮਲੇ ਵਿੱਚ ਮ੍ਰਿਤਕ ਵੱਲੋਂ ਆਪਣੇ ਆਖਰੀ ਬਿਆਨ ਵਿੱਚ ਹਰਪਾਲ ਚੀਮਾ ਦਾ ਨਾਮ ਲਏ ਜਾਣ ਦਾ ਦਾਅਵਾ ਕੀਤਾ ਜਾ ਰਿਹਾ ਹੈ। ਇਸ ਮਾਮਲੇ ਵਿੱਚ ਹਰਪਾਲ ਚੀਮਾ ਖ਼ਿਲਾਫ਼ ਐੱਫਆਈਆਰ ਦਰਜ ਕੀਤੀ ਜਾਵੇ ਅਤੇ ਉਨ੍ਹਾਂ ਤੋਂ ਅਸਤੀਫ਼ਾ ਲਿਆ ਜਾਵੇ। ਜਦੋਂ ਤੱਕ ਇਸ ਮਾਮਲੇ ਵਿੱਚ ਕਾਰਵਾਈ ਨਹੀਂ ਹੁੰਦੀ, ਕਾਂਗਰਸ ਆਪਣਾ ਸੰਘਰਸ਼ ਜਾਰੀ ਰੱਖੇਗੀ।’
‘ਕੀਤਾ ਜਾਵੇਗਾ ਘਿਰਾਓ’
ਰਾਜਾ ਵੜਿੰਗ ਨੇ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਮੰਗਾਂ ’ਤੇ ਕਾਰਵਾਈ ਨਾ ਹੋਈ ਤਾਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿੱਤ ਮੰਤਰੀ ਹਰਪਾਲ ਚੀਮਾ ਦਾ ਘਿਰਾਓ ਕੀਤਾ ਜਾਵੇਗਾ। ਕਾਂਗਰਸੀ ਆਗੂਆਂ ਨੇ ਪੰਜਾਬ ਵਿੱਚ ਨਸ਼ਿਆਂ ਦੇ ਮੁੱਦੇ ਨੂੰ ਵੀ ਪ੍ਰਮੁੱਖਤਾ ਨਾਲ ਚੁੱਕਿਆ। ਆਗੂਆਂ ਨੇ ਇਲਜ਼ਾਮ ਲਗਾਇਆ ਕਿ ਸੂਬੇ ਦੇ ਪਿੰਡਾਂ ਤੱਕ ਨਸ਼ਿਆਂ ਦਾ ਪ੍ਰਕੋਪ ਵਧ ਗਿਆ ਹੈ ਅਤੇ ਇਸ ਕਾਰਨ ਨੌਜਵਾਨ ਪੀੜ੍ਹੀ ਪ੍ਰਭਾਵਿਤ ਹੋ ਰਹੀ ਹੈ।
‘ਨਸ਼ਾ ਨਹੀਂ ਹੋਇਆ ਕੰਟਰੋਲ’
ਕਾਂਗਰਸ ਆਗੂ ਵਿਨੋਦ ਭਟਨਾਗਰ ਨੇ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕਦਿਆਂ ਕਿਹਾ ਕਿ, ‘ਸਰਕਾਰ ਨਸ਼ਾ ਤਸਕਰਾਂ ’ਤੇ ਪ੍ਰਭਾਵਸ਼ਾਲੀ ਢੰਗ ਨਾਲ ਕਾਬੂ ਪਾਉਣ ਵਿੱਚ ਅਸਫਲ ਰਹੀ ਹੈ। ਇਸੇ ਦੌਰਾਨ ਬਰਨਾਲਾ ਅਤੇ ਤਲਵੰਡੀ ਸਾਬੋ ਤੋਂ ਪਹੁੰਚੇ ਕਾਂਗਰਸੀ ਆਗੂਆਂ ਨੇ ਵੀ ਬੇਰੁਜ਼ਗਾਰੀ, ਕਾਨੂੰਨ ਵਿਵਸਥਾ ਅਤੇ ਸਰਕਾਰੀ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ਦੇ ਬਕਾਏ ਦਾ ਮੁੱਦਾ ਚੁੱਕਿਆ।’
ਸੈਕਟਰ-15 ਵਿੱਚ ਭਾਰੀ ਪੁਲਿਸ ਬੰਦੋਬਸਤ
ਪ੍ਰਦਰਸ਼ਨ ਨੂੰ ਦੇਖਦਿਆਂ ਚੰਡੀਗੜ੍ਹ ਪੁਲਿਸ ਵੱਲੋਂ ਸੈਕਟਰ-15 ਅਤੇ ਇਸ ਦੇ ਆਸ-ਪਾਸ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ। ਪੰਜਾਬ ਕਾਂਗਰਸ ਭਵਨ ਦੇ ਆਲੇ-ਦੁਆਲੇ ਬੈਰੀਕੇਡ ਲਗਾਏ ਗਏ ਅਤੇ ਵੱਡੀ ਗਿਣਤੀ ਵਿੱਚ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ। ਪ੍ਰਦਰਸ਼ਨਕਾਰੀਆਂ ਨੂੰ ਅੱਗੇ ਵਧਣ ਤੋਂ ਰੋਕਣ ਲਈ ਪਾਣੀ ਦੀਆਂ ਬੁਛਾੜਾਂ ਵਾਲੀਆਂ ਗੱਡੀਆਂ ਅਤੇ ਹੋਰ ਸੁਰੱਖਿਆ ਪ੍ਰਬੰਧ ਵੀ ਕੀਤੇ ਗਏ। ਇਸ ਦੌਰਾਨ ਕਾਂਗਰਸੀ ਵਰਕਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਕਾਂਗਰਸ ਨੇ ਇਸ ਪ੍ਰਦਰਸ਼ਨ ਰਾਹੀਂ ਸਪੱਸ਼ਟ ਕੀਤਾ ਕਿ ਉਹ ਪੰਜਾਬ ਸਰਕਾਰ ਖ਼ਿਲਾਫ਼ ਹੁਣ ਸੜਕਾਂ ’ਤੇ ਉਤਰ ਕੇ ਸੰਘਰਸ਼ ਤੇਜ਼ ਕਰਨ ਦੀ ਤਿਆਰੀ ਵਿੱਚ ਹੈ।