Gulzar Singh ਖੁਦਕੁਸ਼ੀ ਮਾਮਲਾ: NHRC ਵੱਲੋਂ ਪੰਜਾਬ ਦੇ ਮੁੱਖ ਸਕੱਤਰ ਤੇ DGP ਨੂੰ ਨੋਟਿਸ ਜਾਰੀ
ਚੰਡੀਗੜ੍ਹ: ਪੰਜਾਬ ਦੇ ਸੰਗਰੂਰ ਜ਼ਿਲ੍ਹੇ ਵਿੱਚ ਇੱਕ ਬਜ਼ੁਰਗ ਵਪਾਰੀ ਗੁਲਜ਼ਾਰ ਸਿੰਘ ਵੱਲੋਂ ਜ਼ਹਿਰ ਖਾ ਕੇ ਖੁਦਕੁਸ਼ੀ ਕਰਨ ਦੇ ਮਾਮਲੇ ਵਿੱਚ ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਸਖ਼ਤ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਕਮਿਸ਼ਨ ਨੇ ਪੰਜਾਬ ਦੇ ਮੁੱਖ ਸਕੱਤਰ ਅਤੇ ਡੀਜੀਪੀ ਨੂੰ ਅਧਿਕਾਰਤ ਨੋਟਿਸ ਜਾਰੀ ਕਰਕੇ 15 ਦਿਨਾਂ ਦੇ ਅੰਦਰ ਰਿਪੋਰਟ ਤਲਬ ਕੀਤੀ ਹੈ।15 ਦਿਨਾਂ ਵਿੱਚ ਮੰਗੀ ਰਿਪੋਰਟ
ਇਸ ਮਾਮਲੇ ਵਿੱਚ ਕਮਿਸ਼ਨ ਦੇ ਮੈਂਬਰ ਪ੍ਰਿਅੰਕ ਕਾਨੂੰਗੋ ਨੇ ਕਿਹਾ “ਪੰਜਾਬ ਦੇ ਐਸਸੀ ਕਮਿਸ਼ਨ ਦੇ ਸਾਬਕਾ ਪ੍ਰਧਾਨ ਰਾਜੇਸ਼ ਬਾਗਾ ਤੋਂ ਇੱਕ ਸ਼ਿਕਾਇਤ ਪ੍ਰਾਪਤ ਹੋਈ ਹੈ ਕਿ ਸੰਗਰੂਰ ਜ਼ਿਲ੍ਹੇ ਵਿੱਚ ਵਿੱਤ ਮੰਤਰੀ ਹਰਪਾਲ ਚੀਮਾ ਦੇ ਸਾਹਮਣੇ ਇੱਕ ਜਨਤਕ ਪ੍ਰੋਗਰਾਮ ਵਿੱਚ ਇੱਕ ਬਜ਼ੁਰਗ ਵਿਅਕਤੀ ਨੇ ਨਸ਼ਿਆਂ ‘ਤੇ ਰੋਕ ਲਗਾਉਣ ਦਾ ਮੁੱਦਾ ਚੁੱਕਿਆ ਸੀ। ਉਹ ਆਪਣੇ ਕਿਸੇ ਨਜ਼ਦੀਕੀ ਦੀ ਨਸ਼ੇ ਦੀ ਆਦਤ ਕਾਰਨ ਪਰੇਸ਼ਾਨ ਸੀ। ਜਦੋਂ ਉਸਨੇ ਇਹ ਸਵਾਲ ਪੁੱਛਿਆ ਤਾਂ ਮੰਤਰੀ ਨਾਰਾਜ਼ ਹੋ ਗਏ। ਸ਼ਿਕਾਇਤਕਰਤਾ ਦੇ ਮੁਤਾਬਕ, ਇਸ ਤੋਂ ਬਾਅਦ ਪੁਲਿਸ ਅਤੇ ਆਮ ਆਦਮੀ ਪਾਰਟੀ ਵੱਲੋਂ ਬਜ਼ੁਰਗ ਵਪਾਰੀ ਨੂੰ ਇੰਨਾ ਪ੍ਰਤਾੜਿਤ ਕੀਤਾ ਗਿਆ ਕਿ ਉਸਨੇ ਜ਼ਹਿਰ ਖਾ ਕੇ ਆਤਮਹੱਤਿਆ ਕਰ ਲਈ…! ਅਸੀਂ ਇਸ ਮਾਮਲੇ ਦਾ ਖ਼ੁਦ ਸੰਗਿਆਨ ਲੈ ਲਿਆ ਹੈ ਅਤੇ ਕਾਰਵਾਈ ਕਰ ਰਹੇ ਹਾਂ। ਅਸੀਂ ਮੁੱਖ ਸਕੱਤਰ ਅਤੇ ਡੀਜੀਪੀ ਨੂੰ ਨੋਟਿਸ ਭੇਜ ਰਹੇ ਹਾਂ ਅਤੇ ਉਨ੍ਹਾਂ ਨੂੰ 15 ਦਿਨਾਂ ਵਿੱਚ ਰਿਪੋਰਟ ਭੇਜਣ ਲਈ ਕਿਹਾ ਹੈ।”
ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਬਜ਼ੁਰਗ ਦੀ ਪਛਾਣ ਗੁਲਜ਼ਾਰ ਸਿੰਘ ਵਜੋਂ ਹੋਈ ਹੈ, ਜੋ ਪੇਸ਼ੇ ਤੋਂ ਇੱਕ ਵਪਾਰੀ ਸਨ। ਸੰਗਰੂਰ ਦੇ ਦਿੜ੍ਹਬਾ ਵਿਖੇ ਆਪ ਸਰਕਾਰ ਦੇ ਇੱਕ ਸਰਕਾਰੀ ਪ੍ਰੋਗਰਾਮ ਦੌਰਾਨ ਉਨ੍ਹਾਂ ਨੇ ਇਲਾਕੇ ਵਿੱਚ ਫੈਲੇ ਨਸ਼ਿਆਂ ਦੇ ਕੋਹੜ ਨੂੰ ਰੋਕਣ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਸਵਾਲ ਕੀਤਾ ਸੀ। ਪਰ ਇਸ ਸਵਾਲ ਤੋਂ ਬਾਅਦ ਉਨ੍ਹਾਂ ਨੂੰ ਕਥਿਤ ਤੌਰ ‘ਤੇ ਸਿਆਸੀ ਅਤੇ ਪ੍ਰਸ਼ਾਸਨਿਕ ਤਸ਼ੱਦਦ ਦਾ ਸਾਹਮਣਾ ਕਰਨਾ ਪਿਆ, ਜਿਸ ਤੋਂ ਦੁਖੀ ਹੋ ਕੇ ਉਨ੍ਹਾਂ ਨੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।