‘ਖੇਡਾਂ ਵਤਨ ਪੰਜਾਬ ਦੀਆਂ 2026’ ‘ਚ ਜਾਣੋ ਕਿਹੜੇ-ਕਿਹੜੇ ਖੇਡ ਮੁਕਾਬਲੇ?
‘ਖੇਡਾਂ ਵਤਨ ਪੰਜਾਬ ਦੀਆਂ 2026’ ‘ਚ ਜਾਣੋ ਕਿਹੜੇ-ਕਿਹੜੇ ਖੇਡ ਮੁਕਾਬਲੇ?
‘ਖੇਡਾਂ ਵਤਨ ਪੰਜਾਬ ਦੀਆਂ 2026’ ਸੱਭਿਆਚਾਰ ਨੂੰ ਹੁਲਾਰਾ ਦੇਣ ਲਈ ਕਰਵਾਈਆਂ ਜਾ ਰਹੀਆਂ ਹਨ, ਜਿਸ ਤਹਿਤ ਜ਼ਿਲ੍ਹੇ ’ਚ ਬਲਾਕ ਪੱਧਰੀ ਖੇਡ ਮੁਕਾਬਲੇ ਸ਼ੁਰੂ ਹੋਏ ਹਨ।
ਵੱਧ ਤੋਂ ਵੱਧ ਰਜਿਸਟ੍ਰੇਸ਼ਨ
ਖੇਡ ਸੰਗਠਨਾਂ, ਯੂਨੀਵਰਸਿਟੀਆਂ, ਕਾਲਜਾਂ, ਸਕੂਲਾਂ ਅਤੇ ਸਬੰਧਤ ਸਰਕਾਰੀ ਵਿਭਾਗਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਕੇ ‘ਖੇਡਾਂ ਵਤਨ ਪੰਜਾਬ ਦੀਆਂ 2026’ ਦੇ ਚੌਥੇ ਸੀਜ਼ਨ ਵਿੱਚ ਵੱਧ ਤੋਂ ਵੱਧ ਭਾਗੀਦਾਰੀ ਯਕੀਨੀ ਬਣਾਉਣ ਲਈ ਪੂਰਾ ਸਹਿਯੋਗ ਦੇਣ ਦੀ ਅਪੀਲ ਕੀਤੀ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਅਤੇ ਵਿਧਾਇਕਾਂ ਨੇ 14 ਸਾਲ ਤੋਂ ਲੈ ਕੇ 70 ਸਾਲ ਤੋਂ ਵੱਧ ਉਮਰ ਦੇ ਲੋਕਾਂ ਦੀ ਵੱਧ ਤੋਂ ਵੱਧ ਰਜਿਸਟ੍ਰੇਸ਼ਨ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਉਨ੍ਹਾਂ ਸਾਰੇ ਹਿੱਸੇਦਾਰਾਂ ਨੂੰ ਖੇਡ ਵਿਭਾਗ ਨਾਲ ਨਜ਼ਦੀਕੀ ਤਾਲਮੇਲ ਕਰਕੇ ਕੰਮ ਕਰਨ ਅਤੇ ਵਿਦਿਆਰਥੀਆਂ, ਖਿਡਾਰੀਆਂ, ਕਲੱਬਾਂ, ਟੀਮਾਂ ਅਤੇ ਹੋਰ ਯੋਗ ਭਾਗੀਦਾਰਾਂ ਨੂੰ ਖੇਡਾਂ ਵਿੱਚ ਹਿੱਸਾ ਲੈਣ ਲਈ ਪ੍ਰੇਰਿਤ ਕਰਨ ਦੇ ਨਿਰਦੇਸ਼ ਦਿੱਤੇ।

9 ਉਮਰ ਵਰਗਾਂ ਵਿੱਚ 38 ਖੇਡ ਵਿਸ਼ਿਆਂ ਵਿੱਚ ਕਰਵਾਏ ਜਾ ਰਹੇ ਮੁਕਾਬਲੇ
ਇਨ੍ਹਾਂ ਵਿੱਚ ਅੰਡਰ-14, ਅੰਡਰ-17, ਅੰਡਰ-21, 21–30, 31–40, 41–50, 51–60, 61–70 ਅਤੇ 70 ਸਾਲ ਤੋਂ ਵੱਧ ਉਮਰ ਵਰਗ ਸ਼ਾਮਲ ਹਨ। ਲੜਕਿਆਂ ਅਤੇ ਲੜਕੀਆਂ ਲਈ ਟੈਨਿਸ ਬਾਲ ਕ੍ਰਿਕਟ ਨੂੰ ਪ੍ਰਦਰਸ਼ਨੀ ਖੇਡ ਵਜੋਂ ਬਲਾਕ, ਜ਼ਿਲ੍ਹਾ ਅਤੇ ਰਾਜ ਪੱਧਰ ’ਤੇ ਕਰਵਾਇਆ ਜਾ ਰਿਹਾ ਹੈ, ਜਦਕਿ ਪੈਰਾ ਖੇਡਾਂ ਰਾਜ ਪੱਧਰ ’ਤੇ ਹੋਣਗੀਆਂ। ਜੇਤੂਆਂ ਨੂੰ ਗ੍ਰੇਡੇਸ਼ਨ ਸਰਟੀਫਿਕੇਟਾਂ ਦੇ ਨਾਲ 12 ਕਰੋੜ ਰੁਪਏ ਤੋਂ ਵੱਧ ਦੇ ਇਨਾਮ ਵੀ ਦਿੱਤੇ ਜਾਣਗੇ।ਡੀਸੀ ਅਤੇ ਵਿਧਾਇਕ ਨੇ ਦੱਸਿਆ ਕਿ ‘7 ਖੇਡਾਂ, ਅਥਲੈਟਿਕਸ, ਖੋ-ਖੋ, ਕਬੱਡੀ ਨੈਸ਼ਨਲ ਸਟਾਈਲ, ਕਬੱਡੀ ਸਰਕਲ ਸਟਾਈਲ, ਫੁੱਟਬਾਲ, ਵਾਲੀਬਾਲ ਸਮੈਸ਼ਿੰਗ ਅਤੇ ਵਾਲੀਬਾਲ ਸ਼ੂਟਿੰਗ,ਦੇ ਬਲਾਕ ਪੱਧਰੀ ਮੁਕਾਬਲੇ ਸ਼ੁਰੂ ਹੋ ਚੁੱਕੇ ਹਨ ਅਤੇ 15 ਸਤੰਬਰ ਤੱਕ ਜਾਰੀ ਰਹਿਣਗੇ। ਜ਼ਿਲ੍ਹਾ ਪੱਧਰੀ ਮੁਕਾਬਲੇ 20 ਤੋਂ 30 ਸਤੰਬਰ ਤੱਕ ਕਰਵਾਏ ਜਾਣਗੇ। ਇਨ੍ਹਾਂ ਵਿੱਚ ਬਲਾਕ ਪੱਧਰ ਦੇ ਜੇਤੂਆਂ ਤੋਂ ਇਲਾਵਾ 21 ਸਿੱਧੀ-ਪ੍ਰਵੇਸ਼ ਵਾਲੀਆਂ ਖੇਡਾਂ ਦੇ ਭਾਗੀਦਾਰ ਵੀ ਹਿੱਸਾ ਲੈਣਗੇ, ਜਿਸ ਨਾਲ ਜ਼ਿਲ੍ਹਾ ਪੱਧਰ ’ਤੇ ਕੁੱਲ 28 ਖੇਡਾਂ ਵਿੱਚ ਮੁਕਾਬਲੇ ਹੋਣਗੇ।’
ਵਿਧਾਇਕਾਂ ਨੇ ਦੱਸਿਆ ਕਿ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 5 ਸਤੰਬਰ ਨੂੰ ਬਠਿੰਡਾ ਵਿਖੇ ‘ਖੇਡਾਂ ਵਤਨ ਪੰਜਾਬ ਦੀਆਂ 2026’ ਦੇ ਚੌਥੇ ਸੀਜ਼ਨ ਦਾ ਉਦਘਾਟਨ ਕੀਤਾ ਗਿਆ ਸੀ ਅਤੇ ਇਸ ਦੀ ਸਮਾਪਤੀ 29 ਨਵੰਬਰ ਨੂੰ ਪਟਿਆਲਾ ਵਿਖੇ ਸ਼ਾਨਦਾਰ ਸਮਾਪਤੀ ਸਮਾਰੋਹ ਨਾਲ ਹੋਵੇਗੀ। ਪਿਛਲੇ ਸੀਜ਼ਨਾਂ ਵਿੱਚ 5 ਲੱਖ ਤੱਕ ਖਿਡਾਰੀਆਂ ਨੇ ਹਿੱਸਾ ਲਿਆ ਸੀ, ਜਦਕਿ ਇਸ ਵਾਰ 10 ਲੱਖ ਭਾਗੀਦਾਰਾਂ ਦਾ ਟੀਚਾ ਰੱਖਿਆ ਗਿਆ ਹੈ।
ਕਿਵੇਂ ਕਰੀਏ ਰਜਿਸਟ੍ਰੇਸ਼ਨ?
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ, ਉਨ੍ਹਾਂ ਨੇ ਖੁਦ ਵੀ ਬੈਡਮਿੰਟਨ ਲਈ ਰਜਿਸਟ੍ਰੇਸ਼ਨ ਕਰਵਾਈ ਹੈ ਅਤੇ ਲੋਕਾਂ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਰਜਿਸਟਰ ਕਰਨ ਦੀ ਅਪੀਲ ਕੀਤੀ। ਯੋਗ ਭਾਗੀਦਾਰ ਪੰਜਾਬ ਖੇਡ ਵਿਭਾਗ ਦੇ ਪੋਰਟਲ https://sports.punjab.gov.in ਲਿੰਕ ’ਤੇ ਜਾ ਕੇ ਆਨਲਾਈਨ ਸਵੈ-ਰਜਿਸਟ੍ਰੇਸ਼ਨ ਕਰ ਸਕਦੇ ਹਨ। ਇਸ ਤੋਂ ਇਲਾਵਾ ਪ੍ਰਚਾਰ ਸਮੱਗਰੀ ਅਤੇ ਪੋਸਟਰਾਂ ’ਤੇ ਦਿੱਤੇ QR ਕੋਡ ਨੂੰ ਸਕੈਨ ਕਰਕੇ ਵੀ ਰਜਿਸਟ੍ਰੇਸ਼ਨ ਕੀਤੀ ਜਾ ਸਕਦੀ ਹੈ।





