MP-ਚਰਨਜੀਤ ਸਿੰਘ ਚੰਨੀ ਨੂੰ ਲਗਾਤਾਰ ਦੂਜੀ ਵਾਰ ਮਿਲਿਆ ਵੱਕਾਰੀ ‘ਸੰਸਦ ਰਤਨ ਅਵਾਰਡ’
ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਲੋਕ ਸਭਾ ਹਲਕੇ ਤੋਂ ਕਾਂਗਰਸ ਦੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੂੰ ਸਾਲ 2026 ਦੇ ਵੱਕਾਰੀ ਸੰਸਦ ਰਤਨ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ। ਚਰਨਜੀਤ ਸਿੰਘ ਚੰਨੀ ਨੂੰ ਇਹ ਸਰਵਉੱਚ ਸਨਮਾਨ ਲਗਾਤਾਰ ਦੂਜੀ ਵਾਰ ਹਾਸਲ ਹੋਇਆ ਹੈ, ਜਿਸ ਨਾਲ ਉਨ੍ਹਾਂ ਨੇ ਦੇਸ਼ ਭਰ ਵਿੱਚ ਪੰਜਾਬ ਦਾ ਮਾਣ ਵਧਾਇਆ ਹੈ। ਨਵੀਂ ਦਿੱਲੀ ਦੇ ਡਾ. ਅੰਬੇਡਕਰ ਇੰਟਰਨੈਸ਼ਨਲ ਸੈਂਟਰ ਵਿਖੇ ਪ੍ਰਬੰਧਤ 16ਵੇਂ ਸੰਸਦ ਰਤਨ ਐਵਾਰਡ ਸਮਾਰੋਹ ਦੌਰਾਨ ਉਨ੍ਹਾਂ ਨੂੰ ਇਹ ਪੁਰਸਕਾਰ ਭੇਟ ਕੀਤਾ ਗਿਆ।Body:ਖੇਤੀਬਾੜੀ ਕਮੇਟੀ ਦੀ ਬਿਹਤਰੀਨ ਕਾਰਗੁਜ਼ਾਰੀ ਲਈ ਮਿਲਿਆ ਸਨਮਾਨ
ਇਸ ਵਾਰ ਚੰਨੀ ਨੂੰ ਇਹ ਐਵਾਰਡ ਕਿਸੇ ਨਿੱਜੀ ਕਾਰਗੁਜ਼ਾਰੀ ਲਈ ਨਹੀਂ, ਸਗੋਂ ਉਨ੍ਹਾਂ ਦੀ ਪ੍ਰਧਾਨਗੀ ਹੇਠ ਕੰਮ ਕਰ ਰਹੀ ਖੇਤੀਬਾੜੀ, ਪਸ਼ੂ ਪਾਲਣ ਅਤੇ ਫੂਡ ਪ੍ਰੋਸੈਸਿੰਗ ਸਬੰਧੀ ਸੰਸਦੀ ਸਥਾਈ ਕਮੇਟੀ ਦੇ ਸਰਵੋਤਮ ਪ੍ਰਦਰਸ਼ਨ ਲਈ ਦਿੱਤਾ ਗਿਆ ਹੈ। ਦੇਸ਼ ਦੀਆਂ ਵੱਖ-ਵੱਖ ਸੰਸਦੀ ਕਮੇਟੀਆਂ ਦੀ ਕਾਰਗੁਜ਼ਾਰੀ ਦੇ ਮੁਲਾਂਕਣ ਵਿੱਚ ਚੰਨੀ ਦੀ ਅਗਵਾਈ ਵਾਲੀ ਇਸ ਕਮੇਟੀ ਨੇ ਪੂਰੇ ਦੇਸ਼ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ।

ਪਿਛਲੇ ਸਾਲ ਮਿਲਿਆ ਸੀ ਨਿੱਜੀ ਸ਼ਾਨਦਾਰ ਕਾਰਗੁਜ਼ਾਰੀ ਲਈ ਅਵਾਰਡ
ਇਹ ਚਰਨਜੀਤ ਸਿੰਘ ਚੰਨੀ ਦੀ ਸਿਆਸੀ ਅਤੇ ਸੰਸਦੀ ਯਾਤਰਾ ਦੀ ਵੱਡੀ ਪ੍ਰਾਪਤੀ ਹੈ ਕਿ ਉਨ੍ਹਾਂ ਨੂੰ ਪਿਛਲੇ ਸਾਲ ਵੀ ਲੋਕ ਸਭਾ ਵਿੱਚ ਬਤੌਰ ਸੰਸਦ ਮੈਂਬਰ ਉਨ੍ਹਾਂ ਦੇ ਸ਼ਾਨਦਾਰ ਨਿੱਜੀ ਪ੍ਰਦਰਸ਼ਨ, ਬਹਿਸਾਂ ਵਿੱਚ ਹਿੱਸਾ ਲੈਣ ਅਤੇ ਜਨਤਕ ਮੁੱਦੇ ਚੁੱਕਣ ਲਈ ‘ਸੰਸਦ ਰਤਨ’ ਨਾਲ ਨਿਵਾਜਿਆ ਗਿਆ ਸੀ।
ਚੰਨੀ ਨੇ ਜਲੰਧਰ ਅਤੇ ਪੰਜਾਬ ਦੇ ਲੋਕਾਂ ਦਾ ਕੀਤਾ ਧੰਨਵਾਦ
ਐਵਾਰਡ ਹਾਸਲ ਕਰਨ ਤੋਂ ਬਾਅਦ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਬੇਹੱਦ ਖੁਸ਼ੀ ਜ਼ਾਹਿਰ ਕੀਤੀ। ਉਨ੍ਹਾਂ ਕਿਹਾ, “ਮੈਂ ਇਸ ਵੱਕਾਰੀ ਸਨਮਾਨ ਲਈ ਖੁਦ ਨੂੰ ਬਹੁਤ ਭਾਗਸ਼ਾਲੀ ਮਹਿਸੂਸ ਕਰਦਾ ਹਾਂ। ਮੈਂ ਆਪਣੀ ਲੋਕ ਸਭਾ ਸੀਟ ਜਲੰਧਰ ਦੀ ਜਨਤਾ ਦਾ ਤਹਿ ਦਿਲੋਂ ਧੰਨਵਾਦੀ ਹਾਂ, ਜਿਨ੍ਹਾਂ ਨੇ ਮੈਨੂੰ ਚੁਣ ਕੇ ਸੰਸਦ ਵਿੱਚ ਭੇਜਿਆ ਅਤੇ ਇਸ ਕਾਬਿਲ ਬਣਾਇਆ”। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਇਹ ਐਵਾਰਡ ਉਨ੍ਹਾਂ ਦੀ ਪੂਰੀ ਕਮੇਟੀ ਦੀ ਸਾਂਝੀ ਮਿਹਨਤ ਦਾ ਨਤੀਜਾ ਹੈ।”