ਮੰਗਾਂ ਨੂੰ ਲੈਕੇ ਮਾਨ ਸਰਕਾਰ ‘ਤੇ ਭੜਕੇ ਕਿਸਾਨ ਆਗੂ ਜੋਗਿੰਦਰ ਉਗਰਾਹਾਂ
ਬਰਨਾਲਾ: ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਪੰਜਾਬ ਦੇ ਜ਼ਿਲ੍ਹਾ ਹੈੱਡਕੁਆਰਟਰਾਂ ’ਤੇ ਆਪਣੀਆਂ ਮੰਗਾਂ ਨੂੰ ਲੈ ਕੇ ਲਗਾਏ ਗਏ ਮੋਰਚੇ ਅੱਜ ਲਗਾਤਾਰ 13ਵੇਂ ਦਿਨ ਵੀ ਜਾਰੀ ਰਹੇ। ਇਸੇ ਦੌਰਾਨ ਬਰਨਾਲਾ ਵਿਖੇ ਕਿਸਾਨ ਜਥੇਬੰਦੀ ਵੱਲੋਂ ਵਿਸ਼ੇਸ਼ ਪ੍ਰੈੱਸ ਕਾਨਫਰੰਸ ਕੀਤੀ ਗਈ, ਜਿਸ ਵਿੱਚ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਪੰਜਾਬ ਸਰਕਾਰ ਨੂੰ ਸਿੱਧੀ ਚਿਤਾਵਨੀ ਦਿੱਤੀ।
ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਕਿਸਾਨ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ, ਪਰ ਸਰਕਾਰ ਵੱਲੋਂ ਇਨ੍ਹਾਂ ਮੰਗਾਂ ਨੂੰ ਲੈ ਕੇ ਅਜੇ ਤੱਕ ਕੋਈ ਠੋਸ ਕਦਮ ਨਹੀਂ ਚੁੱਕਿਆ ਗਿਆ। ਉਨ੍ਹਾਂ ਭਗਵੰਤ ਮਾਨ ਸਰਕਾਰ ਨੂੰ ਆਪਣੀ ਕਥਿਤ “ਮੁਜਰਮਾਨਾ ਚੁੱਪ” ਤੋੜਨ ਦੀ ਤਾੜਨਾ ਕਰਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਵੱਲ ਤੁਰੰਤ ਧਿਆਨ ਨਾ ਦਿੱਤਾ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।
ਕਿਸਾਨ ਆਗੂਆਂ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਹੁਣ ਇਹ ਮੋਰਚਾ ਸਿਰਫ਼ ਜ਼ਿਲ੍ਹਾ ਹੈੱਡਕੁਆਰਟਰਾਂ ਤੱਕ ਸੀਮਤ ਨਹੀਂ ਰਹੇਗਾ, ਬਲਕਿ ਸਰਕਾਰ ਅਤੇ ਸੱਤਾਧਾਰੀ ਆਗੂਆਂ ’ਤੇ ਸਿੱਧਾ ਦਬਾਅ ਬਣਾਇਆ ਜਾਵੇਗਾ।
12 ਸਤੰਬਰ ਨੂੰ ਚਾਰ ਮੰਤਰੀਆਂ ਦੇ ਘਰਾਂ ਦਾ ਘਿਰਾਓ
ਕਿਸਾਨ ਜਥੇਬੰਦੀ ਨੇ ਐਲਾਨ ਕੀਤਾ ਕਿ 12 ਸਤੰਬਰ ਨੂੰ ਪੰਜਾਬ ਸਰਕਾਰ ਦੇ ਚਾਰ ਮੰਤਰੀਆਂ ਦੇ ਘਰਾਂ ਦਾ ਮੁਕੰਮਲ ਘਿਰਾਓ ਕੀਤਾ ਜਾਵੇਗਾ। ਇਸ ਵਿੱਚ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ, ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ, ਮਹਿਲਾ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਅਤੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਸ਼ਾਮਲ ਹਨ।

ਕਿਸਾਨ ਆਗੂਆਂ ਮੁਤਾਬਕ ਇਹ ਘਿਰਾਓ ਸਿਰਫ਼ ਕਿਸਾਨੀ ਮੰਗਾਂ ਨੂੰ ਲੈ ਕੇ ਹੀ ਨਹੀਂ ਹੋਵੇਗਾ, ਸਗੋਂ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਵੀ ਇਸ ਸੰਘਰਸ਼ ਨਾਲ ਜੋੜਿਆ ਗਿਆ ਹੈ। ਜਥੇਬੰਦੀ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ ਮੰਗਾਂ ਦੇ ਹੱਲ ਲਈ ਗੰਭੀਰਤਾ ਨਾ ਦਿਖਾਉਣ ਕਾਰਨ ਹੁਣ ਸੰਘਰਸ਼ ਨੂੰ ਹੋਰ ਵਿਆਪਕ ਕੀਤਾ ਜਾ ਰਿਹਾ ਹੈ।
13 ਸਤੰਬਰ ਨੂੰ BJP ਆਗੂਆਂ ਦੇ ਘਰਾਂ ਅੱਗੇ ਧਰਨਾ
ਇਸ ਤੋਂ ਅਗਲੇ ਦਿਨ ਯਾਨੀ 13 ਸਤੰਬਰ ਨੂੰ ਕੇਂਦਰ ਸਰਕਾਰ ਨਾਲ ਸਬੰਧਤ ਮੰਗਾਂ ਨੂੰ ਲੈ ਕੇ ਭਾਜਪਾ ਆਗੂਆਂ ਦੇ ਘਰਾਂ ਅੱਗੇ ਧਰਨੇ ਦੇਣ ਦਾ ਵੀ ਐਲਾਨ ਕੀਤਾ ਗਿਆ ਹੈ। ਇਸ ਤਹਿਤ ਸੁਨੀਲ ਜਾਖੜ ਦੇ ਫ਼ਾਜ਼ਿਲਕਾ ਸਥਿਤ ਘਰ ਅਤੇ ਕੇਵਲ ਸਿੰਘ ਢਿੱਲੋਂ ਦੇ ਬਰਨਾਲਾ ਸਥਿਤ ਘਰ ਅੱਗੇ ਧਰਨਾ ਦਿੱਤਾ ਜਾਵੇਗਾ।
ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਨਾਲ ਜੁੜੀਆਂ ਮੰਗਾਂ ਦੇ ਹੱਲ ਲਈ ਭਾਜਪਾ ਆਗੂਆਂ ਨੂੰ ਵੀ ਜਵਾਬਦੇਹ ਬਣਾਇਆ ਜਾਵੇਗਾ ਅਤੇ ਉਨ੍ਹਾਂ ’ਤੇ ਆਪਣਾ ਸਿਆਸੀ ਦਬਾਅ ਬਣਾਇਆ ਜਾਵੇਗਾ।
ਵਿਧਾਨ ਸਭਾ ਸੈਸ਼ਨ ਦੌਰਾਨ ਚੰਡੀਗੜ੍ਹ ਕੂਚ ਦੀ ਚਿਤਾਵਨੀ
ਇਸ ਦੇ ਨਾਲ ਹੀ ਜੋਗਿੰਦਰ ਸਿੰਘ ਉਗਰਾਹਾਂ ਨੇ ਅਗਲੇ ਪੜਾਅ ਦੀ ਵੀ ਚਿਤਾਵਨੀ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਨਹੀਂ ਲੈਂਦੀਆਂ ਅਤੇ ਮੰਗਾਂ ਦਾ ਹੱਲ ਨਹੀਂ ਕੀਤਾ ਜਾਂਦਾ ਤਾਂ ਆਉਣ ਵਾਲੇ ਵਿਧਾਨ ਸਭਾ ਸੈਸ਼ਨ ਦੌਰਾਨ ਕਿਸਾਨ ਚੰਡੀਗੜ੍ਹ ਵੱਲ ਕੂਚ ਕਰਨ ਦਾ ਫ਼ੈਸਲਾ ਲੈ ਸਕਦੇ ਹਨ।ਯਾਨੀ ਬਰਨਾਲਾ ਤੋਂ ਕਿਸਾਨ ਜਥੇਬੰਦੀ ਨੇ ਸਰਕਾਰ ਨੂੰ ਸਪੱਸ਼ਟ ਸੰਕੇਤ ਦੇ ਦਿੱਤਾ ਹੈ ਕਿ ਮੋਰਚਾ ਹਾਲੇ ਖ਼ਤਮ ਹੋਣ ਵਾਲਾ ਨਹੀਂ। ਪਹਿਲਾਂ ਜ਼ਿਲ੍ਹਾ ਪੱਧਰ ’ਤੇ ਮੋਰਚੇ, ਫਿਰ ਮੰਤਰੀਆਂ ਅਤੇ ਭਾਜਪਾ ਆਗੂਆਂ ਦੇ ਘਰਾਂ ਦਾ ਘਿਰਾਓ ਅਤੇ ਜੇਕਰ ਇਸ ਦੇ ਬਾਵਜੂਦ ਮੰਗਾਂ ਦਾ ਹੱਲ ਨਾ ਹੋਇਆ ਤਾਂ ਚੰਡੀਗੜ੍ਹ ਵੱਲ ਕੂਚ—ਕਿਸਾਨ ਜਥੇਬੰਦੀ ਨੇ ਆਪਣੇ ਅਗਲੇ ਸੰਘਰਸ਼ ਦੀ ਤਸਵੀਰ ਸਾਫ਼ ਕਰ ਦਿੱਤੀ ਹੈ।