ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ 2026, ਪੰਜਾਬ ਸਰਕਾਰ ਵੱਲੋਂ 7 ਮੈਂਬਰੀ ਤਾਲਮੇਲ ਕਮੇਟੀ ਦਾ ਗਠਨ
ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ 2026, ਪੰਜਾਬ ਸਰਕਾਰ ਵੱਲੋਂ 7 ਮੈਂਬਰੀ ਤਾਲਮੇਲ ਕਮੇਟੀ ਦਾ ਗਠਨ
ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ 2026 ਨੂੰ ਲੈ ਕੇ ਪੰਜਾਬ ਸਰਕਾਰ ਨੇ 7 ਮੈਂਬਰੀ ਤਾਲਮੇਲ ਕਮੇਟੀ ਦਾ ਗਠਨ ਕੀਤਾ ਹੈ। ਇਹ ਕਮੇਟੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਕਮੇਟੀ ਨਾਲ ਲਗਾਤਾਰ ਤਾਲਮੇਲ ਰੱਖੇਗੀ ਅਤੇ ਐਕਟ ਨਾਲ ਸਬੰਧਤ ਮਾਮਲਿਆਂ ’ਤੇ ਵਿਚਾਰ-ਵਟਾਂਦਰਾ ਕਰੇਗੀ। ਸਰਕਾਰ ਵੱਲੋਂ ਗਠਿਤ ਕਮੇਟੀ ਵਿੱਚ ਧਾਰਮਿਕ, ਨਿਆਂਇਕ ਅਤੇ ਪ੍ਰਸ਼ਾਸਨਿਕ ਪਿਛੋਕੜ ਵਾਲੀਆਂ ਸ਼ਖ਼ਸੀਅਤਾਂ ਨੂੰ ਸ਼ਾਮਲ ਕੀਤਾ ਗਿਆ ਹੈ।
ਕਮੇਟੀ ਵਿੱਚ ਮੈਂਬਰ
ਕਮੇਟੀ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ, ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਅਤੇ ਸੰਤ ਬਾਬਾ ਸੇਵਾ ਸਿੰਘ ਰਾਮਪੁਰ ਖੇੜਾ ਨੂੰ ਸ਼ਾਮਲ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸੇਵਾਮੁਕਤ ਜਸਟਿਸ ਜਸਪਾਲ ਸਿੰਘ, ਸੇਵਾਮੁਕਤ ਜਸਟਿਸ ਗੁਰਬੀਰ ਸਿੰਘ, ਸੇਵਾਮੁਕਤ ਆਈਪੀਐਸ ਅਧਿਕਾਰੀ ਅਤੇ ਪੰਜਾਬ ਲੋਕ ਸੇਵਾ ਕਮਿਸ਼ਨ ਦੇ ਚੇਅਰਮੈਨ ਜਤਿੰਦਰ ਸਿੰਘ ਔਲਖ ਅਤੇ ਕਾਨੂੰਨੀ ਅਧਿਕਾਰੀ ਪ੍ਰੀਤ ਇੰਦਰ ਪਾਲ ਸਿੰਘ ਵੀ ਕਮੇਟੀ ਦੇ ਮੈਂਬਰ ਹੋਣਗੇ।

ਪੰਜਾਬ ਸਰਕਾਰ ਵੱਲੋਂ ਜਾਰੀ ਪੱਤਰ (Punjab Government)
ਇਸ ਕਮੇਟੀ ਦੀ ਅਹਿਮ ਜ਼ਿੰਮੇਵਾਰੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਗਈ ਕਮੇਟੀ ਨਾਲ ਨਿਰੰਤਰ ਤਾਲਮੇਲ ਬਣਾਈ ਰੱਖਣਾ ਹੋਵੇਗੀ। ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਨਾਲ ਸਬੰਧਤ ਕਾਨੂੰਨੀ ਵਿਵਸਥਾਵਾਂ ਵਿੱਚ ਸੋਧ ਨੂੰ ਲੈ ਕੇ ਧਾਰਮਿਕ ਸੰਸਥਾਵਾਂ ਅਤੇ ਸਰਕਾਰ ਵਿਚਾਲੇ ਤਾਲਮੇਲ ਲਈ ਇਹ ਕਦਮ ਚੁੱਕਿਆ ਗਿਆ ਹੈ।
2008 ਦੇ ਐਕਟ ਵਿੱਚ ਸੋਧ ਲਈ ਬਿੱਲ
ਪੰਜਾਬ ਵਿਧਾਨ ਸਭਾ ਵਿੱਚ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ, 2026’ ਪੇਸ਼ ਕੀਤਾ ਗਿਆ ਹੈ। ਇਹ ਬਿੱਲ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ, 2008’ ਵਿੱਚ ਸੋਧ ਨਾਲ ਸਬੰਧਤ ਹੈ।
ਇਸ ਤੋਂ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਵੀ ਐਕਟ ਵਿੱਚ ਸੋਧਾਂ ਨੂੰ ਲੈ ਕੇ ਸਰਕਾਰ ਨਾਲ ਤਾਲਮੇਲ ਦੀ ਗੱਲ ਸਾਹਮਣੇ ਆਈ ਸੀ। ਮਾਮਲਾ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਨਾਲ ਸਬੰਧਤ ਮਾਮਲਿਆਂ ਵਿੱਚ ਕਾਨੂੰਨੀ ਵਿਵਸਥਾ ਅਤੇ ਸਜ਼ਾਵਾਂ ਨਾਲ ਜੁੜਿਆ ਹੋਇਆ ਹੈ। ਹੁਣ ਪੰਜਾਬ ਸਰਕਾਰ ਵੱਲੋਂ 7 ਮੈਂਬਰੀ ਕਮੇਟੀ ਬਣਾਏ ਜਾਣ ਨਾਲ ਇਸ ਮਾਮਲੇ ਵਿੱਚ ਸਰਕਾਰ ਅਤੇ ਸਿੱਖ ਧਾਰਮਿਕ ਸੰਸਥਾਵਾਂ ਵਿਚਾਲੇ ਤਾਲਮੇਲ ਲਈ ਰਸਮੀ ਢਾਂਚਾ ਤਿਆਰ ਕੀਤਾ ਗਿਆ ਹੈ।





