ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦਾ ਰਾਜਪਾਲ ਨਾਲ ਮੁਲਾਕਾਤ, ਪਾਰਟੀ ਰਜਿਸਟਰੇਸ਼ਨ ਦਾ ਮੁੱਦਾ ਚੁੱਕਿਆ

start…ਚੰਡੀਗੜ੍ਹ ਵਿੱਚ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੇ ਇੱਕ ਉੱਚ ਪੱਧਰੀ ਵਫ਼ਦ ਨੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ। ਵਫ਼ਦ ਨੇ ਪਾਰਟੀ ਦੀ ਰਜਿਸਟਰੇਸ਼ਨ ਵਿੱਚ ਹੋ ਰਹੀ ਦੇਰੀ ਅਤੇ ਚੰਡੀਗੜ੍ਹ ਵਿੱਚ ਪੰਜਾਬ ਦੀਆਂ ਸਰਕਾਰੀ ਕੋਠੀਆਂ ਨਾਲ ਜੁੜੇ ਮਾਮਲੇ ਸਬੰਧੀ ਆਪਣੀਆਂ ਮੰਗਾਂ ਰੱਖੀਆਂ। ਵਫ਼ਦ ਵਿੱਚ ਵਿਧਾਇਕ ਮਨਪ੍ਰੀਤ ਸਿੰਘ ਇਆਲੀ, ਸੰਸਦ ਮੈਂਬਰ ਭਾਈ ਸਰਬਜੀਤ ਸਿੰਘ ਖਾਲਸਾ ਅਤੇ ਪਾਰਲੀਮੈਂਟਰੀ ਬੋਰਡ ਦੇ ਕਨਵੀਨਰ ਕਾਬਲ ਸਿੰਘ ਸਮੇਤ ਪਾਰਟੀ ਦੇ ਆਗੂ ਮੌਜੂਦ ਸਨ। ਮਨਪ੍ਰੀਤ ਸਿੰਘ ਇਆਲੀ ਨੇ ਦੋਸ਼ ਲਗਾਇਆ ਕਿ ਪਾਰਟੀ ਦੀ ਰਜਿਸਟਰੇਸ਼ਨ ਵਿੱਚ ਜਾਣਬੁੱਝ ਕੇ ਰੁਕਾਵਟਾਂ ਪਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪਾਰਟੀ ਦੇ ਦੋ ਸੰਸਦ ਮੈਂਬਰ ਅਤੇ ਇੱਕ ਵਿਧਾਇਕ ਚੋਣਾਂ ਜਿੱਤ ਕੇ ਸੰਵਿਧਾਨਕ ਪ੍ਰਣਾਲੀ ਦਾ ਹਿੱਸਾ ਹਨ, ਇਸ ਦੇ ਬਾਵਜੂਦ ਰਜਿਸਟਰੇਸ਼ਨ ਵਿੱਚ ਦੇਰੀ ਕਰਨਾ ਬੇਇਨਸਾਫ਼ੀ ਹੈ। ਇਆਲੀ ਨੇ ਪੰਜਾਬ ਦੇ ਪਾਣੀਆਂ, ਰਾਜਧਾਨੀ ਚੰਡੀਗੜ੍ਹ ਅਤੇ ਪੰਜਾਬੀ ਬੋਲਦੇ ਇਲਾਕਿਆਂ ਨਾਲ ਜੁੜੇ ਮੁੱਦੇ ਵੀ ਚੁੱਕੇ। ਉਨ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਦਾ ਮਾਮਲਾ ਵੀ ਰਾਜਪਾਲ ਦੇ ਸਾਹਮਣੇ ਰੱਖਿਆ ਅਤੇ ਕਿਹਾ ਕਿ ਸਜ਼ਾ ਪੂਰੀ ਕਰ ਚੁੱਕੇ ਕੈਦੀਆਂ ਦੀ ਰਿਹਾਈ ਹੋਣੀ ਚਾਹੀਦੀ ਹੈ। ਇਸ ਤੋਂ ਇਲਾਵਾ ਚੰਡੀਗੜ੍ਹ ਵਿੱਚ ਪੰਜਾਬ ਦੀਆਂ ਸਰਕਾਰੀ ਕੋਠੀਆਂ ਨਾਲ ਸਬੰਧਤ ਕਥਿਤ ਕਬਜ਼ਿਆਂ ਦਾ ਮਾਮਲਾ ਵੀ ਚੁੱਕਿਆ ਗਿਆ। ਇਆਲੀ ਨੇ ਇਸ ਮਾਮਲੇ ਦੀ ਜਾਂਚ ਦੀ ਮੰਗ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੇ ਅਸਤੀਫ਼ੇ ਦੀ ਮੰਗ ਕੀਤੀ। ਉਨ੍ਹਾਂ ਆਮ ਆਦਮੀ ਪਾਰਟੀ ਸਰਕਾਰ ’ਤੇ ਪੰਜਾਬ ਦੇ ਵਿੱਤੀ ਸਰੋਤਾਂ ਦੀ ਕਥਿਤ ਦੁਰਵਰਤੋਂ ਦੇ ਦੋਸ਼ ਵੀ ਲਗਾਏ ਅਤੇ ਕਿਹਾ ਕਿ ਇਸ ਮਾਮਲੇ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ। ਇਆਲੀ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਹਾਲ ਹੀ ਵਿੱਚ ਦਿੱਤੇ ਸੀਬੀਆਈ ਜਾਂਚ ਦੇ ਹੁਕਮਾਂ ਦਾ ਹਵਾਲਾ ਦਿੰਦਿਆਂ ਵੀ ਸਰਕਾਰ ’ਤੇ ਸਵਾਲ ਚੁੱਕੇ। ਵਫ਼ਦ ਨੇ ਰਾਜਪਾਲ ਤੋਂ ਪਾਰਟੀ ਦੀ ਰਜਿਸਟਰੇਸ਼ਨ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਅਤੇ ਪੰਜਾਬ ਨਾਲ ਜੁੜੇ ਇਨ੍ਹਾਂ ਮੁੱਦਿਆਂ ’ਤੇ ਕਾਰਵਾਈ ਦੀ ਮੰਗ ਕੀਤੀ।