ਪਰਵਿੰਦਰ ਝੋਟਾ ਕਤਲਕਾਂਡ ਨੂੰ ਲੈ ਕੇ ਮੁੱਖ ਮੰਤਰੀ ਮਾਨ ਵੱਲੋਂ ਅਮਿਤ ਸ਼ਾਹ ਅਤੇ ਬਿਕਰਮ ਮਜੀਠੀਆ ਤੇ ਵੱਡਾ ਬਿਆਨ…
ਪਰਵਿੰਦਰ ਝੋਟਾ ਕਤਲਕਾਂਡ ਨੂੰ ਲੈ ਕੇ ਮੁੱਖ ਮੰਤਰੀ ਮਾਨ ਵੱਲੋਂ ਅਮਿਤ ਸ਼ਾਹ ਅਤੇ ਬਿਕਰਮ ਮਜੀਠੀਆ ਤੇ ਵੱਡਾ ਬਿਆਨ…
ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਇੱਕ ਵਾਰ ਫਿਰ ਸਿਆਸਤ ਗਰਮਾ ਗਈ ਹੈ। ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਦੇ ਗੋਲੀਆਂ ਮਾਰ ਕੇ ਕੀਤੇ ਗਏ ਕਤਲ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਇਸ ਮਾਮਲੇ ਦੇ ਮੁਲਜ਼ਮਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਜੇਕਰ ਕੋਈ ਅਧਿਕਾਰੀ ਵੀ ਮੁਲਜ਼ਮ ਪਾਇਆ ਗਿਆ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਰਿਵਾਰ ਨੂੰ ਇਨਸਾਫ਼ ਦਿਵਾਇਆ ਜਾਵੇਗਾ।
ਇਸ ਮਾਮਲੇ ਤੋਂ ਬਾਅਦ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੋਸ਼ਲ ਮੀਡੀਆ ’ਤੇ ਪੋਸਟ ਸਾਂਝੀ ਕਰਕੇ ਨਸ਼ਿਆਂ ਦੇ ਮੁੱਦੇ ਨੂੰ ਚੁੱਕਿਆ। ਇਸ ਦੇ ਜਵਾਬ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਫਿਲੌਰ ਵਿੱਚ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਅਮਿਤ ਸ਼ਾਹ ਦੇ ਬਿਆਨ ’ਤੇ ਪਲਟਵਾਰ ਕੀਤਾ।
ਨਸ਼ਾ ਤਸਕਰਾਂ ਖ਼ਿਲਾਫ਼ ਸਰਕਾਰ ਸਖ਼ਤ
CM ਮਾਨ ਨੇ ਕਿਹਾ ਕਿ “ਅਸੀਂ ਕਿਸੇ ਵੀ ਨਸ਼ਾ ਤਸਕਰ ਦੀ ਹਮਾਇਤ ਨਹੀਂ ਕਰਦੇ। ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਲਗਾਤਾਰ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਨਸ਼ਿਆਂ ਦੀ ਕਾਲੀ ਕਮਾਈ ਨਾਲ ਬਣਾਈਆਂ ਗਈਆਂ ਇਮਾਰਤਾਂ ਖ਼ਿਲਾਫ਼ ਵੀ ਕਾਰਵਾਈ ਕੀਤੀ ਗਈ ਹੈ। ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਕਰਨ ਦੇ ਮਾਮਲੇ ਵਿੱਚ ਪੰਜਾਬ ਪਹਿਲੇ ਸਥਾਨ ’ਤੇ ਹੈ।”
ਅਮਿਤ ਸ਼ਾਹ ‘ਤੇ ਤੰਜ
ਅਮਿਤ ਸ਼ਾਹ ’ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਨੇ ਕਿਹਾ ਕਿ “ਉਨ੍ਹਾਂ ਨੂੰ ਪੰਜਾਬੀ ਲਿਖਣੀ ਨਹੀਂ ਆਉਂਦੀ ਅਤੇ ਉਨ੍ਹਾਂ ਨੂੰ ਇੱਥੋਂ ਸੰਦੇਸ਼ ਭੇਜਿਆ ਗਿਆ, ਜਿਸ ਨੂੰ ਉਨ੍ਹਾਂ ਨੇ ਕਾਪੀ-ਪੇਸਟ ਕਰ ਦਿੱਤਾ। BSF ਕੋਲ ਸਰਹੱਦ ਤੋਂ 50 ਕਿਲੋਮੀਟਰ ਤੱਕ ਦਾ ਅਧਿਕਾਰ ਖੇਤਰ ਹੈ। ਗੁਜਰਾਤ, ਹਰਿਆਣਾ ਅਤੇ ਰਾਜਸਥਾਨ ਵਿੱਚ ਵੀ ਨਸ਼ਿਆਂ ਦੀ ਸਮੱਸਿਆ ਹੈ, ਜਿੱਥੇ ਭਾਜਪਾ ਦੀਆਂ ਸਰਕਾਰਾਂ ਹਨ। ਫਿਰ ਪੰਜਾਬ ਨੂੰ ਹੀ ਨਿਸ਼ਾਨਾ ਕਿਉਂ ਬਣਾਇਆ ਜਾ ਰਿਹਾ ਹੈ?”2007 ਤੋਂ 2017 ਤੱਕ ਪੰਜਾਬ ਵਿੱਚ ਰਹੀ ਅਕਾਲੀ-ਭਾਜਪਾ ਸਰਕਾਰ ਦੀ ਸਰਕਾਰ ਰਹੀ। ਉਸ ਸਮੇਂ ਜਦੋਂ ਨਸ਼ਾ ਤਸਕਰੀ ਹੁੰਦੀ ਸੀ ਤਾਂ ਪੁਸ਼ਤ ਪਨਾਹੀ ਕਿਸ ਵੱਲੋਂ ਕੀਤੀ ਜਾਂਦੀ ਸੀ। ਇਨ੍ਹਾਂ ਵੱਲੋਂ ਹੀ ਨਸ਼ਾ ਵੇਚਣ ਵਾਲਿਆਂ ਦੀ ਪੁਸ਼ਤ ਪਨਾਹੀ ਕੀਤੀ ਗਈ। ਪੰਜਾਬ ਨੂੰ ਬਦਨਾਮ ਕਰਨ ਸਮੇਂ ਪਹਿਲਾਂ ਆਪਣੀ ਆਪਣੀ ਪੀੜ੍ਹੀ ਥੱਲੇ ਸੋਟਾ ਫੇਰਨਾ ਚਾਹੀਦਾ ਹੈ।”–ਭਗਵੰਤ ਮਾਨ, ਮੁੱਖ ਮੰਤਰੀ,ਪੰਜਾਬ
ਮਜੀਠੀਆ ‘ਤੇ ਸਵਾਲ
ਉਨ੍ਹਾਂ ਬਿਕਰਮ ਸਿੰਘ ਮਜੀਠੀਆ ’ਤੇ ਤੰਜ ਕੱਸਦਿਆਂ ਪਿਛਲੀਆਂ ਸਰਕਾਰਾਂ ਦੌਰਾਨ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਸਵਾਲ ਕੀਤੇ। ਅਮਿਤ ਸ਼ਾਹ ਨੂੰ ਘੇਰਦਿਆਂ CM ਮਾਨ ਨੇ ਕਿਹਾ ਕਿ “ਪੰਜਾਬ ਨੂੰ ਬਦਨਾਮ ਕਰਨ ਤੋਂ ਪਹਿਲਾਂ ਇਹ ਵੀ ਦੇਖਣਾ ਚਾਹੀਦਾ ਹੈ ਕਿ ਨਸ਼ਿਆਂ ਦੀ ਸਮੱਸਿਆ ਲਈ ਕੌਣ ਜ਼ਿੰਮੇਵਾਰ ਹੈ। ਪਾਕਿਸਤਾਨ ਤੋਂ ਆਉਣ ਵਾਲੇ ਨਸ਼ਿਆਂ ਨੂੰ ਰੋਕਣ ਦੀ ਜ਼ਿੰਮੇਵਾਰੀ ਵੀ ਗੰਭੀਰਤਾ ਨਾਲ ਨਿਭਾਈ ਜਾਣੀ ਚਾਹੀਦੀ ਹੈ, ਕਿਉਂਕਿ BSF ਕੇਂਦਰ ਸਰਕਾਰ ਦੇ ਅਧੀਨ ਹੈ।”
CBI ਦੀਆਂ ਰੇਡਾਂ ’ਤੇ ਵੀ CM ਮਾਨ ਨੇ ਚੁੱਕੇ ਸਵਾਲ
CBI ਦੀਆਂ ਰੇਡਾਂ ਬਾਰੇ ਬੋਲਦਿਆਂ ਮੁੱਖ ਮੰਤਰੀ ਨੇ ਇਲਜ਼ਾਮ ਲਾਇਆ ਕਿ ਚੋਣਾਂ ਨੇੜੇ ਆਉਣ ਕਾਰਨ ਅਜਿਹੀਆਂ ਕਾਰਵਾਈਆਂ ਦਾ ਸਿਲਸਿਲਾ ਜਾਰੀ ਰਹੇਗਾ। ਉਨ੍ਹਾਂ ਪੱਛਮੀ ਬੰਗਾਲ, ਦਿੱਲੀ, ਹਰਿਆਣਾ, ਬਿਹਾਰ ਅਤੇ ਮਹਾਰਾਸ਼ਟਰ ਦਾ ਜ਼ਿਕਰ ਕਰਦਿਆਂ ਭਾਜਪਾ ’ਤੇ ਸਿਆਸੀ ਵਿਰੋਧੀਆਂ ਖ਼ਿਲਾਫ਼ ਕੇਂਦਰੀ ਏਜੰਸੀਆਂ ਦੀ ਵਰਤੋਂ ਕਰਨ ਦੇ ਇਲਜ਼ਾਮ ਲਗਾਏ।
Gen-Z ਦੇ ਪ੍ਰਦਰਸ਼ਨ ’ਤੇ PM ਮੋਦੀ ਨੂੰ ਘੇਰਿਆ
ਦਿੱਲੀ ਵਿੱਚ Gen-Z ਦੇ ਪ੍ਰਦਰਸ਼ਨ ਦਾ ਜ਼ਿਕਰ ਕਰਦਿਆਂ CM ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪ੍ਰੈੱਸ ਕਾਨਫਰੰਸ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਸੱਤਾ ਵਿੱਚ ਆਏ ਸਾਢੇ 12 ਸਾਲ ਹੋ ਗਏ ਹਨ, ਇਸ ਲਈ ਉਨ੍ਹਾਂ ਨੂੰ ਜਨਤਾ ਦੇ ਸਵਾਲਾਂ ਦੇ ਜਵਾਬ ਦੇਣੇ ਚਾਹੀਦੇ ਹਨ। CM ਮਾਨ ਨੇ ਕਿਹਾ ਕਿ ਉਹ ਖ਼ੁਦ ਇੱਕ ਦਿਨ ਵਿੱਚ ਤਿੰਨ-ਤਿੰਨ ਪ੍ਰੈੱਸ ਕਾਨਫਰੰਸਾਂ ਕਰਦੇ ਹਨ।





