ਪਰਿਵਾਰ ਦੀਆਂ ਮੁੱਖ ਮੰਗਾਂ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਦੇ ਡੀ ਜੀ ਪੀ ਦਾ ਅਸਤੀਫਾ, ਪੀ ਜੀ ਆਈ (PGIMER) ਚੰਡੀਗੜ੍ਹ ਦੇ ਸੀਨੀਅਰ ਡਾਕਟਰਾਂ ਦੇ ਪੈਨਲ ਦੁਆਰਾ ਪੋਸਟਮਾਰਟਮ ਅਤੇ ਕਤਲ ਦੇ ਨਾਲ-ਨਾਲ ਨਸ਼ਾ ਤਸਕਰਾਂ, ਪੁਲੀਸ ਮੁਲਾਜ਼ਮਾਂ ਅਤੇ ਸਿਆਸੀ ਨੁਮਾਇੰਦਿਆਂ ਵਿਚਕਾਰ ਕਥਿਤ ਗਠਜੋੜ ਦੀ ਸੀ ਬੀ ਆਈ ਜਾਂਚ (ਜੋ ਪਹਿਲਾਂ ਹੀ ਸ਼ੁਰੂ ਹੋ ਚੁੱਕੀ ਹੈ) ਸ਼ਾਮਲ ਹੈ।ਇਸ ਤੋਂ ਇਲਾਵਾ ਹੋਰ ਮੰਗਾਂ ਵਿੱਚ ਝੋਟੇ ਦਾ ਬੁੱਤ ਲਗਾਉਣਾ , ਮਾਨਸਾ ਦੇ ਦੋ ਐੱਸ ਐੱਚ ਓ (SHO), ਡੀ ਐੱਸ ਪੀ (DSP) ਅਤੇ ਡਰੱਗ ਇੰਸਪੈਕਟਰ ਨੂੰ ਬਰਖਾਸਤ ਕਰਨਾ ਅਤੇ ਪਿੰਡ ਖਿਆਲਾ ਕਲਾਂ ਵਿੱਚ ਝੋਟੇ ਦੇ ਨਾਂ ‘ਤੇ ਇੱਕ ਟਰੌਮਾ ਸੈਂਟਰ ਸਥਾਪਤ ਕਰਨਾ ਸ਼ਾਮਲ ਹੈ। ਜ਼ਿਕਰਯੋਗ ਹੈ ਕਿ ਡੀ ਐੱਸ ਪੀ, ਡਰੱਗ ਇੰਸਪੈਕਟਰ ਅਤੇ ਇੱਕ ਐੱਸ ਐੱਚ ਓ ਨੂੰ ਪਹਿਲਾਂ ਹੀ ਮੁਅੱਤਲ ਕੀਤਾ ਜਾ ਚੁੱਕਾ ਹੈ।ਪਰਿਵਾਰ ਨੇ ਇਹ ਵੀ ਮੰਗ ਕੀਤੀ ਹੈ ਕਿ ਮੁਲਜ਼ਮਾਂ ‘ਤੇ ਫਾਸਟ-ਟਰੈਕ ਅਦਾਲਤ ਵਿੱਚ ਮੁਕੱਦਮਾ ਚਲਾਇਆ ਜਾਵੇ ਅਤੇ ਉਨ੍ਹਾਂ ਨੂੰ ਸਖ਼ਤ ਸਜ਼ਾ ਦਿੱਤੀ ਜਾਵੇ। ਇਸ ਤੋਂ ਇਲਾਵਾ ਗੋਲੀਬਾਰੀ ਦੀ ਘਟਨਾ ਵਿੱਚ ਜ਼ਖਮੀ ਹੋਏ ਚਾਰ ਵਿਅਕਤੀਆਂ ਦਾ ਇਲਾਜ ਸਰਕਾਰੀ ਖਰਚੇ ‘ਤੇ ਕਿਸੇ ਪ੍ਰਮੁੱਖ ਮੈਡੀਕਲ ਸੰਸਥਾ ਵਿੱਚ ਕਰਵਾਇਆ ਜਾਵੇ ਅਤੇ ਹਰੇਕ ਜ਼ਖਮੀ ਵਿਅਕਤੀ ਨੂੰ 20 ਲੱਖ ਰੁਪਏ ਦਾ ਤੁਰੰਤ ਮੁਆਵਜ਼ਾ ਦਿੱਤਾ ਜਾਵੇ।ਜ਼ਿਕਰਯੋਗ ਹੈ ਕਿ ਸੂਬਾ ਸਰਕਾਰ ਦੇ ਪੈਨਲ, ਪੀੜਤ ਪਰਿਵਾਰ ਅਤੇ ਐਕਸ਼ਨ ਕਮੇਟੀ ਵਿਚਕਾਰ ਤੀਜੇ ਦੌਰ ਦੀ ਗੱਲਬਾਤ ਅੱਜ ਸਵੇਰੇ ਹੋਣੀ ਸੀ ਪਰ ਸ਼ਾਮ ਤੱਕ ਨਹੀਂ ਹੋ ਸਕੀ। ਸੂਤਰਾਂ ਨੇ ਦੱਸਿਆ ਕਿ ਪਰਿਵਾਰ ਅਤੇ ਕਮੇਟੀ ਨੇ ਮੀਟਿੰਗ ਵਿੱਚ ਸ਼ਾਮਲ ਹੋਣ ਤੋਂ ਇਨਕਾਰ ਕਰ ਦਿੱਤਾ ਸੀ, ਕਿਉਂਕਿ ਬੁੱਧਵਾਰ ਸ਼ਾਮ ਨੂੰ ਹੋਈ ਮੀਟਿੰਗ ਸਮੇਤ ਪਿਛਲੇ ਦੋ ਦੌਰ ਦੀ ਗੱਲਬਾਤ ਬੇਨਤੀਜਾ ਰਹੀ ਸੀ।