ਕਈ ਥਾਈਂ ਚੱਲੀਆਂ ਤੇਜ਼ ਹਵਾਵਾਂ
ਪੰਜਾਬ ਵਿਚ ਬੀਤੇ ਦਿਨ ਪਏ ਮੀਂਹ ਤੇ ਗੜ੍ਹੇਮਾਰੀ ਕਾਰਨ ਤਾਪਮਾਨ ਵਿਚ ਗਿਰਾਵਟ ਆਈ ਹੈ। ਤਾਪਮਾਨ ਵਿਚ ਗਿਰਾਵਟ ਆਉਣ ਕਾਰਨ ਮੌਸਮ ਠੰਢਾ ਹੋ ਗਿਆ। ਅੱਜ ਤੋਂ ਪੰਜਾਬ ਅਤੇ ਚੰਡੀਗੜ੍ਹ ਵਿੱਚ ਅਗਲੇ ਕੁਝ ਦਿਨਾਂ ਤੱਕ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ, ਫਿਲਹਾਲ ਮੀਂਹ ਪੈਣ ਦੇ ਕੋਈ ਆਸਾਰ ਨਹੀਂ ਹਨ। ਦਿਨ ਵੇਲੇ ਧੁੱਪ ਖਿੜੀ ਰਹੇਗੀ ਅਤੇ ਤਾਪਮਾਨ ਆਮ ਵਾਂਗ ਹੀ ਬਣਿਆ ਰਹੇਗਾ। ਇਸ ਦੇ ਨਾਲ ਹੀ, ਸਵੇਰ ਅਤੇ ਰਾਤ ਦੇ ਸਮੇਂ ਹਲਕੀ ਠੰਡ ਮਹਿਸੂਸ ਹੋ ਸਕਦੀ ਹੈ।ਪੰਜਾਬ ਵਿਚ ਵੱਧ ਤੋਂ ਵੱਧ ਤਾਪਮਾਨ ਵਿਚ 0.2 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ ਹੈ, ਜਿਸ ਨਾਲ ਇਹ ਆਮ ਸੀਮਾ ਦੇ ਨੇੜੇ ਪਹੁੰਚ ਗਿਆ ਹੈ। ਬਠਿੰਡਾ ਸੂਬੇ ਦਾ ਸਭ ਤੋਂ ਗਰਮ ਸਥਾਨ ਰਿਹਾ, ਜਿੱਥੇ ਤਾਪਮਾਨ 32.4 ਡਿਗਰੀ ਦਰਜ ਕੀਤਾ ਗਿਆ। ਚੰਡੀਗੜ੍ਹ ਵਿੱਚ ਵੱਧ ਤੋਂ ਵੱਧ ਤਾਪਮਾਨ 31.2 ਡਿਗਰੀ ਦਰਜ ਕੀਤਾ ਗਿਆ। ਚੰਡੀਗੜ੍ਹ ਵਿੱਚ 28 ਅਕਤੂਬਰ ਤੱਕ ਮੌਸਮ ਮੁੱਖ ਤੌਰ ‘ਤੇ ਸਾਫ਼ ਰਹਿਣ ਦੀ ਸੰਭਾਵਨਾ ਹੈ।ਮੌਸਮ ਵਿਭਾਗ ਅਨੁਸਾਰ, 27 ਅਕਤੂਬਰ ਤੱਕ ਪੰਜਾਬ ਵਿਚ ਮੀਂਹ ਪੈਣ ਦੀ ਕੋਈ ਖਾਸ ਸੰਭਾਵਨਾ ਨਹੀਂ ਹੈ। ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ,

ਰੂਪਨਗਰ, ਫਤਿਹਗੜ੍ਹ ਸਾਹਿਬ, ਗੁਰਦਾਸਪੁਰ, ਅੰਮ੍ਰਿਤਸਰ, ਲੁਧਿਆਣਾ, ਮੋਹਾਲੀ ਅਤੇ ਪਟਿਆਲਾ ਵਿੱਚ ਵੱਧ ਤੋਂ ਵੱਧ ਤਾਪਮਾਨ 30 ਤੋਂ 32 ਡਿਗਰੀ ਦੇ ਵਿਚਕਾਰ ਰਹਿਣ ਦੀ ਉਮੀਦ ਹੈ, ਜਦਕਿ ਸੂਬੇ ਦੇ ਹੋਰ ਹਿੱਸਿਆਂ ਵਿੱਚ ਇਹ 32 ਤੋਂ 34 ਡਿਗਰੀ ਤੱਕ ਪਹੁੰਚ ਸਕਦਾ ਹੈ। ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ ਥੋੜ੍ਹਾ ਵੱਧ ਰਹਿਣ ਦੀ ਸੰਭਾਵਨਾ ਹੈ।ਇਸ ਦੌਰਾਨ, ਪਠਾਨਕੋਟ, ਅੰਮ੍ਰਿਤਸਰ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਦੇ ਕੁਝ ਹਿੱਸਿਆਂ ਵਿੱਚ ਘੱਟੋ-ਘੱਟ ਤਾਪਮਾਨ 12 ਤੋਂ 14 ਡਿਗਰੀ ਦੇ ਵਿਚਕਾਰ; ਨਵਾਂਸ਼ਹਿਰ, ਮੋਹਾਲੀ, ਫਤਿਹਗੜ੍ਹ ਸਾਹਿਬ ਅਤੇ ਰੂਪਨਗਰ ਵਿੱਚ 14 ਤੋਂ 16 ਡਿਗਰੀ ਦੇ ਵਿਚਕਾਰ ਅਤੇ ਸੂਬੇ ਦੇ ਬਾਕੀ ਹਿੱਸਿਆਂ ਵਿੱਚ ਵੀ 14 ਤੋਂ 16 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ। ਰਾਤ ਦਾ ਤਾਪਮਾਨ ਆਮ ਵਾਂਗ (ਸਧਾਰਨ ਦੇ ਨੇੜੇ) ਰਹਿਣ ਦੀ ਉਮੀਦ ਹੈ। ਪੰਜਾਬ ਵਿੱਚ ਬਿਜਲੀ ਦੀ ਮੰਗ 6,488 ਮੈਗਾਵਾਟ ਦਰਜ ਕੀਤੀ ਗਈ।