ਸੁਖਜਿੰਦਰ ਰੰਧਾਵਾ ਨੇ ਪੁਲਿਸ ਨੂੰ ਘੇਰਿਆ, ਕਾਰਜਪ੍ਰਣਾਲੀ ’ਤੇ ਉਠਾਏ ਸਵਾਲ
ਥਾਣਾ ਕਲਾਨੌਰ ਵਿਖੇ ਪੁਲਿਸ ਦੀ ਕਾਰਜਪ੍ਰਣਾਲੀ ਨੂੰ ਲੈ ਕੇ ਉਸ ਸਮੇਂ ਤਣਾਅਪੂਰਨ ਸਥਿਤੀ ਬਣ ਗਈ, ਜਦੋਂ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਦੀ ਅਗਵਾਈ ਹੇਠ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨ ਦੌਰਾਨ ਕਾਂਗਰਸੀ ਵਰਕਰਾਂ ਵੱਲੋਂ ਪੁਲਿਸ ਅਧਿਕਾਰੀਆਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਦੌਰਾਨ ਥਾਣੇ ਦੇ ਮੁੱਖ ਗੇਟ ਨੂੰ ਤੋੜ ਕੇ ਅੰਦਰ ਦਾਖ਼ਲ ਹੋਣ ਦੀ ਕੋਸ਼ਿਸ਼ ਕੀਤੇ ਜਾਣ ਦੀ ਗੱਲ ਵੀ ਸਾਹਮਣੇ ਆਈ।
ਕਾਂ ਖ਼ਿਲਾਫ਼ ਨਾਜਾਇਜ਼ ਪਰਚੇ ਦਰਜ
ਪ੍ਰਦਰਸ਼ਨ ਦੌਰਾਨ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਅਤੇ ਕਾਂਗਰਸੀ ਵਰਕਰਾਂ ਨੇ ਥਾਣਾ ਕਲਾਨੌਰ ਦੇ ਐੱਸ.ਐੱਚ.ਓ. ਅਮਨਦੀਪ ਸਿੰਘ ਅਤੇ ਡੀ.ਐੱਸ.ਪੀ. ਅਮੋਲਕ ਸਿੰਘ ਦੀ ਕਾਰਜਪ੍ਰਣਾਲੀ ’ਤੇ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਮਾਮਲਿਆਂ ਵਿੱਚ ਧੱਕੇਸ਼ਾਹੀ ਕੀਤੀ ਜਾ ਰਹੀ ਹੈ। ਕੁਝ ਲੋਕਾਂ ਖ਼ਿਲਾਫ਼ ਨਾਜਾਇਜ਼ ਤੌਰ ’ਤੇ ਪਰਚੇ ਦਰਜ ਕੀਤੇ ਜਾ ਰਹੇ ਹਨ।
ਆਉਣ ਵਾਲੇ ਦਿਨਾਂ ਦੌਰਾਨ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ
ਕਾਂਗਰਸੀ ਸਾਂਸਦ ਸੁਖਜਿੰਦਰ ਸਿੰਘ ਰੰਧਾਵਾ ਨੇ ਇਹ ਵੀ ਕਿਹਾ ਕਿ “ਪੁਲਿਸ ਵੱਲੋਂ ਪੀੜਤ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਗੰਭੀਰਤਾ ਨਾਲ ਸੁਣਨ ਦੀ ਬਜਾਏ ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਨਾਲ ਕਥਿਤ ਮਿਲੀਭੁਗਤ ਰੱਖੀ ਜਾ ਰਹੀ ਹੈ।” ਉਨ੍ਹਾਂ ਮੰਗ ਕੀਤੀ ਕਿ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇ ਅਤੇ ਜੇਕਰ ਕਿਸੇ ਵੀ ਪੁਲਿਸ ਅਧਿਕਾਰੀ ਦੀ ਲਾਪਰਵਾਹੀ ਜਾਂ ਗਲਤ ਕਾਰਵਾਈ ਸਾਹਮਣੇ ਆਉਂਦੀ ਹੈ ਤਾਂ ਉਸ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇ। ਪ੍ਰਦਰਸ਼ਨਕਾਰੀਆਂ ਨੇ ਚਿਤਾਵਨੀ ਦਿੱਤੀ ਕਿ ਇਨਸਾਫ਼ ਨਾ ਮਿਲਣ ਦੀ ਸੂਰਤ ਵਿੱਚ ਆਉਣ ਵਾਲੇ ਦਿਨਾਂ ਦੌਰਾਨ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।
ਦੂਜੇ ਪਾਸੇ, ਪੁਲਿਸ ਪ੍ਰਸ਼ਾਸਨ ਵੱਲੋਂ ਐੱਸਪੀ KD ਚੌਧਰੀ ਨੇ ਪ੍ਰੈੱਸ ਕਾਨਫਰੰਸ ਦੌਰਾਨ ਮਾਮਲੇ ਬਾਰੇ ਆਪਣਾ ਪੱਖ ਸਪੱਸ਼ਟ ਕੀਤਾ। ਉਨ੍ਹਾਂ ਦੱਸਿਆ ਕਿ “ਦੋ ਧਿਰਾਂ ਵਿਚਕਾਰ ਹੋਏ ਝਗੜੇ ਤੋਂ ਬਾਅਦ ਪੁਲਿਸ ਵੱਲੋਂ ਕਾਨੂੰਨ ਮੁਤਾਬਕ ਕਾਰਵਾਈ ਕਰਦਿਆਂ ਮਾਮਲਾ ਦਰਜ ਕੀਤਾ ਗਿਆ ਸੀ।”“ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੂੰ ਕਿਸੇ ਗਲਤਫਹਿਮੀ ਕਾਰਨ ਇਹ ਲੱਗਿਆ ਕਿ ਪੁਲਿਸ ਵੱਲੋਂ ਦੂਜੀ ਧਿਰ ਖ਼ਿਲਾਫ਼ ਕਾਰਵਾਈ ਨਹੀਂ ਕੀਤੀ ਗਈ। ਜਦੋਂ ਸੰਸਦ ਮੈਂਬਰ ਨੂੰ ਮਾਮਲੇ ਦੀ ਸਥਿਤੀ ਅਤੇ ਪੁਲਿਸ ਵੱਲੋਂ ਕੀਤੀ ਗਈ ਕਾਨੂੰਨੀ ਕਾਰਵਾਈ ਬਾਰੇ ਜਾਣੂ ਕਰਵਾਇਆ ਗਿਆ ਤਾਂ ਸਥਿਤੀ ਸਪੱਸ਼ਟ ਹੋ ਗਈ ਅਤੇ ਮਾਮਲਾ ਸ਼ਾਂਤ ਹੋ ਗਿਆ।”-KD ਚੋਧਰੀ, SPਇਸ ਤਰ੍ਹਾਂ, ਥਾਣਾ ਕਲਾਨੌਰ ਵਿਖੇ ਹੋਏ ਇਸ ਘਟਨਾਕ੍ਰਮ ਦੌਰਾਨ ਇੱਕ ਪਾਸੇ ਕਾਂਗਰਸੀ ਆਗੂਆਂ ਵੱਲੋਂ ਪੁਲਿਸ ਦੀ ਕਾਰਜਪ੍ਰਣਾਲੀ ’ਤੇ ਗੰਭੀਰ ਸਵਾਲ ਚੁੱਕੇ ਗਏ। ਜਦਕਿ ਦੂਜੇ ਪਾਸੇ ਪੁਲਿਸ ਪ੍ਰਸ਼ਾਸਨ ਨੇ ਆਪਣੀ ਕਾਰਵਾਈ ਨੂੰ ਕਾਨੂੰਨ ਮੁਤਾਬਕ ਦੱਸਦਿਆਂ ਮਾਮਲੇ ਬਾਰੇ ਸਪੱਸ਼ਟੀਕਰਨ ਦਿੱਤਾ।