ਪੰਜਾਬ ਨੈਸ਼ਨਲ ਬੈਂਕ ਵੱਲੋਂ ਵਿਜੀਲੈਂਸ ਜਾਗਰੂਕਤਾ ਹਫ਼ਤਾ 2026 ਤਹਿਤ ਗ੍ਰਾਮ ਸਭਾ ਅਤੇ ਸੈਮੀਨਾਰ ਦਾ ਆਯੋਜਨ
ਜ਼ੀਰਾ, 28 ਅਕਤੂਬਰ: ਪੰਜਾਬ ਨੈਸ਼ਨਲ ਬੈਂਕ ਵੱਲੋਂ ਵਿਜੀਲੈਂਸ ਜਾਗਰੂਕਤਾ ਹਫ਼ਤਾ 2026 ਦੇ ਤਹਿਤ 28 ਅਕਤੂਬਰ 2026 ਨੂੰ RSETI, ਜ਼ੀਰਾ ਵਿਖੇ ਗ੍ਰਾਮ ਸਭਾ ਅਤੇ ਸੰਤ ਕਬੀਰ ਕਾਲਜ, ਜ਼ੀਰਾ ਵਿਖੇ ਇੱਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਦੋਵਾਂ ਪ੍ਰੋਗਰਾਮਾਂ ਦਾ ਉਦੇਸ਼ ਆਮ ਨਾਗਰਿਕਾਂ ਅਤੇ ਵਿਦਿਆਰਥੀਆਂ ਨੂੰ ਚੌਕਸੀ, ਇਮਾਨਦਾਰੀ, ਪਾਰਦਰਸ਼ਤਾ ਅਤੇ ਨੈਤਿਕ ਕਦਰਾਂ-ਕੀਮਤਾਂ ਪ੍ਰਤੀ ਜਾਗਰੂਕ ਕਰਨਾ ਸੀ। ਇਸ ਸਾਲ ਦੇ ਵਿਜੀਲੈਂਸ ਜਾਗਰੂਕਤਾ ਹਫ਼ਤੇ ਦੀ ਥੀਮ “ਸੱਚਨਿਸ਼ਠਾ ਨਾਲ ਖੁਸ਼ਹਾਲੀ — Probity for Prosperity” ਦੇ ਸੰਦੇਸ਼ ਨੂੰ ਦੋਵਾਂ ਪ੍ਰੋਗਰਾਮਾਂ ਵਿੱਚ ਵਿਸ਼ੇਸ਼ ਤੌਰ ’ਤੇ ਉਜਾਗਰ ਕੀਤਾ ਗਿਆ।ਇਨ੍ਹਾਂ ਪ੍ਰੋਗਰਾਮਾਂ ਵਿੱਚ ਪੰਜਾਬ ਨੈਸ਼ਨਲ ਬੈਂਕ ਦੇ ਐਡੀਸ਼ਨਲ ਚੀਫ਼ ਵਿਜੀਲੈਂਸ ਅਫ਼ਸਰ ਸ੍ਰੀ ਕੰਵਲਜੀਤ ਸਿੰਘ ਸਾਹਨੀ, ਉਪ ਮਹਾਪ੍ਰਬੰਧਕ, ਅੰਚਲ ਦਫ਼ਤਰ, ਲੁਧਿਆਣਾ ਸ੍ਰੀ ਰਾਜਿੰਦਰ ਮੋਹਨ ਸ਼ਰਮਾ ਅਤੇ ਮੋਗਾ ਮੰਡਲ ਦੇ ਮੰਡਲ ਮੁਖੀ ਸ੍ਰੀ ਕਪਿਲ ਕੁਮਾਰ ਗਾਂਧੀ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।

RSETI, ਜ਼ੀਰਾ ਵਿਖੇ ਕਰਵਾਈ ਗਈ ਗ੍ਰਾਮ ਸਭਾ ਦੌਰਾਨ ਅਧਿਕਾਰੀਆਂ ਨੇ ਆਮ ਨਾਗਰਿਕਾਂ ਨੂੰ ਭ੍ਰਿਸ਼ਟਾਚਾਰ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਦਿਆਂ ਜੀਵਨ ਦੇ ਹਰ ਖੇਤਰ ਵਿੱਚ ਸੱਚਨਿਸ਼ਠਾ, ਜਵਾਬਦੇਹੀ ਅਤੇ ਪਾਰਦਰਸ਼ਤਾ ਅਪਣਾਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ-ਮੁਕਤ ਸਮਾਜ ਦੀ ਸਿਰਜਣਾ ਵਿੱਚ ਲੋਕਾਂ ਦੀ ਭਾਗੀਦਾਰੀ ਅਤੇ ਨੈਤਿਕ ਕਦਰਾਂ-ਕੀਮਤਾਂ ਦੀ ਅਹਿਮ ਭੂਮਿਕਾ ਹੈ। ਹਰੇਕ ਨਾਗਰਿਕ ਨੂੰ ਆਪਣੇ ਰੋਜ਼ਾਨਾ ਜੀਵਨ ਵਿੱਚ ਇਮਾਨਦਾਰੀ ਅਤੇ ਨੈਤਿਕ ਆਚਰਨ ਨੂੰ ਪਹਿਲ ਦੇਣੀ ਚਾਹੀਦੀ ਹੈ।ਸੰਤ ਕਬੀਰ ਕਾਲਜ, ਜ਼ੀਰਾ ਵਿਖੇ ਕਰਵਾਏ ਗਏ ਸੈਮੀਨਾਰ ਦੌਰਾਨ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਅਧਿਕਾਰੀਆਂ ਨੇ ਨੌਜਵਾਨਾਂ ਨੂੰ ਇਮਾਨਦਾਰੀ, ਅਨੁਸ਼ਾਸਨ ਅਤੇ ਨੈਤਿਕ ਆਚਰਨ ਨੂੰ ਆਪਣੇ ਜੀਵਨ ਦਾ ਅਨਿੱਖੜਵਾਂ ਅੰਗ ਬਣਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜਾਗਰੂਕਤਾ, ਸੱਚਨਿਸ਼ਠਾ ਅਤੇ ਨੈਤਿਕ ਕਦਰਾਂ-ਕੀਮਤਾਂ ਤੋਂ ਪ੍ਰੇਰਿਤ ਨੌਜਵਾਨ ਹੀ ਇੱਕ ਮਜ਼ਬੂਤ, ਪਾਰਦਰਸ਼ੀ ਅਤੇ ਖੁਸ਼ਹਾਲ ਭਾਰਤ ਦੀ ਸਿਰਜਣਾ ਵਿੱਚ ਅਹਿਮ ਯੋਗਦਾਨ ਪਾ ਸਕਦੇ ਹਨ।
ਇਸ ਮੌਕੇ ਪੰਜਾਬ ਨੈਸ਼ਨਲ ਬੈਂਕ ਵੱਲੋਂ ਆਪਣੀ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ (CSR) ਪਹਿਲਕਦਮੀ ਤਹਿਤ ਸੰਤ ਕਬੀਰ ਕਾਲਜ, ਜ਼ੀਰਾ ਨੂੰ ਇੱਕ RO ਪਿਊਰੀਫਾਇਰ ਸਿਸਟਮ ਵੀ ਭੇਟ ਕੀਤਾ ਗਿਆ। ਇਸ ਪਹਿਲਕਦਮੀ ਰਾਹੀਂ ਬੈਂਕ ਨੇ ਸਮਾਜਿਕ ਭਲਾਈ, ਸਾਫ਼ ਪੀਣ ਵਾਲੇ ਪਾਣੀ ਦੀ ਉਪਲਬਧਤਾ ਅਤੇ ਭਾਈਚਾਰਕ ਵਿਕਾਸ ਪ੍ਰਤੀ ਆਪਣੀ ਵਚਨਬੱਧਤਾ ਨੂੰ ਦਰਸਾਇਆ।ਪੰਜਾਬ ਨੈਸ਼ਨਲ ਬੈਂਕ ਵੱਲੋਂ ਕਰਵਾਏ ਗਏ ਇਨ੍ਹਾਂ ਪ੍ਰੋਗਰਾਮਾਂ ਰਾਹੀਂ ਸਮਾਜ ਦੇ ਵੱਖ-ਵੱਖ ਵਰਗਾਂ ਵਿੱਚ ਵਿਜੀਲੈਂਸ ਪ੍ਰਤੀ ਜਾਗਰੂਕਤਾ ਵਧਾਉਣ, ਵਿਦਿਆਰਥੀਆਂ ਵਿੱਚ ਨੈਤਿਕ ਕਦਰਾਂ-ਕੀਮਤਾਂ ਨੂੰ ਉਤਸ਼ਾਹਿਤ ਕਰਨ ਅਤੇ ਭ੍ਰਿਸ਼ਟਾਚਾਰ-ਮੁਕਤ ਕਾਰਜ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਦਾ ਸੰਦੇਸ਼ ਦਿੱਤਾ ਗਿਆ। ਇਨ੍ਹਾਂ ਸਮਾਗਮਾਂ ਨੇ “ਸੱਚਨਿਸ਼ਠਾ ਨਾਲ ਖੁਸ਼ਹਾਲੀ” ਦੇ ਸੰਕਲਪ ਨੂੰ ਲੋਕਾਂ ਤੱਕ ਪਹੁੰਚਾਉਣ ਅਤੇ ਇਮਾਨਦਾਰੀ ਤੇ ਪਾਰਦਰਸ਼ਤਾ ’ਤੇ ਆਧਾਰਿਤ ਸਮਾਜ ਦੀ ਸਿਰਜਣਾ ਵੱਲ ਮਹੱਤਵਪੂਰਨ ਯੋਗਦਾਨ ਪਾਇਆ।