ਪੰਜਾਬ ’ਚ 5 ਨਵੰਬਰ ਤੱਕ ਮੀਂਹ ਦੀ ਛੁੱਟੀ, ਸਵੇਰੇ-ਸ਼ਾਮ ਵਧੇਗੀ ਠੰਢ
ਚੰਡੀਗੜ੍ਹ: ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ, 31 ਅਕਤੂਬਰ ਨੂੰ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਮੀਂਹ ਪੈਣ ਦੇ ਕੋਈ ਅਸਾਰ ਨਹੀਂ ਹਨ। ਦਿਨ ਵੇਲੇ ਅਸਮਾਨ ਸਾਫ਼ ਰਹੇਗਾ ਅਤੇ ਧੁੱਪ ਨਿਕਲੇਗੀ, ਜਦਕਿ ਸਵੇਰੇ ਅਤੇ ਸ਼ਾਮ ਨੂੰ ਠੰਢ ਦਾ ਅਹਿਸਾਸ ਵਧੇਗਾ। ਇਸ ਦੌਰਾਨ ਸੂਬੇ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 1.1 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ। ਤਾਪਮਾਨ ਆਮ ਨਾਲੋਂ 1.8 ਡਿਗਰੀ ਘੱਟ ਰਿਹਾ। ਰੋਪੜ ਵਿੱਚ ਸਭ ਤੋਂ ਵੱਧ ਤਾਪਮਾਨ 32.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਮੌਸਮ ਵਿਭਾਗ ਅਨੁਸਾਰ ਉੱਤਰੀ ਪੰਜਾਬ ਅਤੇ ਆਸ-ਪਾਸ ਦੇ ਖੇਤਰਾਂ ਵਿੱਚ ਸਮੁੰਦਰ ਤਲ ਤੋਂ ਲਗਭਗ 4.5 ਕਿਲੋਮੀਟਰ ਦੀ ਉਚਾਈ ’ਤੇ ਚੱਕਰਵਾਤੀ ਹਵਾਵਾਂ ਦਾ ਖੇਤਰ ਮੌਜੂਦ ਹੈ। ਉੱਧਰ, ਦੱਖਣੀ ਪੰਜਾਬ ਵਿੱਚ 1.5 ਕਿਲੋਮੀਟਰ ਦੀ ਉਚਾਈ ’ਤੇ ਬਣਿਆ ਅਜਿਹਾ ਖੇਤਰ ਕਮਜ਼ੋਰ ਪੈ ਗਿਆ ਹੈ।
5 ਨਵੰਬਰ ਤੱਕ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ
ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ 5 ਨਵੰਬਰ ਤੱਕ ਪੰਜਾਬ ਅਤੇ ਚੰਡੀਗੜ੍ਹ ਵਿੱਚ ਮੀਂਹ ਪੈਣ ਦੀ ਸੰਭਾਵਨਾ ਨਹੀਂ ਹੈ। ਇਸ ਦੌਰਾਨ ਅਸਮਾਨ ਜ਼ਿਆਦਾਤਰ ਸਾਫ਼ ਰਹੇਗਾ ਅਤੇ ਅਗਲੇ ਕੁਝ ਦਿਨਾਂ ਵਿੱਚ ਰਾਤ ਦੇ ਤਾਪਮਾਨ ਵਿੱਚ ਹਲਕੀ ਗਿਰਾਵਟ ਆ ਸਕਦੀ ਹੈ। ਚੰਡੀਗੜ੍ਹ ਵਿੱਚ ਘੱਟੋ-ਘੱਟ ਤਾਪਮਾਨ 14 ਤੋਂ 15 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਉਮੀਦ ਹੈ, ਜਦਕਿ ਦਿਨ ਦਾ ਤਾਪਮਾਨ 30 ਤੋਂ 31 ਡਿਗਰੀ ਤੱਕ ਪਹੁੰਚ ਸਕਦਾ ਹੈ। ਇਸ ਕਾਰਨ ਦੁਪਹਿਰ ਵੇਲੇ ਹਲਕੀ ਗਰਮੀ ਅਤੇ ਸਵੇਰੇ-ਸ਼ਾਮ ਠੰਢ ਮਹਿਸੂਸ ਹੋਵੇਗੀ।
ਹਿਮਾਚਲ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਵਧੇਗੀ ਠੰਢ
ਹਿਮਾਚਲ ਪ੍ਰਦੇਸ਼ ਦੀ ਸਰਹੱਦ ਨਾਲ ਲੱਗਦੇ ਪੰਜਾਬ ਦੇ ਮੈਦਾਨੀ ਅਤੇ ਅਰਧ-ਪਹਾੜੀ ਇਲਾਕਿਆਂ ਵਿੱਚ ਠੰਢ ਦਾ ਪ੍ਰਭਾਵ ਵਧ ਰਿਹਾ ਹੈ। ਪਿਛਲੇ 24 ਘੰਟਿਆਂ ਦੌਰਾਨ ਇਨ੍ਹਾਂ ਖੇਤਰਾਂ ਵਿੱਚ ਵੱਧ ਤੋਂ ਵੱਧ ਤਾਪਮਾਨ 1 ਤੋਂ 4.4 ਡਿਗਰੀ ਸੈਲਸੀਅਸ ਤੱਕ ਡਿੱਗਿਆ ਹੈ। ਮੌਸਮ ਵਿਭਾਗ ਦੇ ਅੰਕੜਿਆਂ ਅਨੁਸਾਰ ਪਠਾਨਕੋਟ ਦੇ ਥੀਨ ਡੈਮ ਖੇਤਰ ਵਿੱਚ ਸਭ ਤੋਂ ਵੱਧ 4.4 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ। ਇੱਥੇ ਵੱਧ ਤੋਂ ਵੱਧ ਤਾਪਮਾਨ 25.4 ਡਿਗਰੀ ਸੈਲਸੀਅਸ ਰਿਹਾ। ਹੁਸ਼ਿਆਰਪੁਰ ਦੇ ਸਲੇਰਾਂ ਵਿੱਚ ਤਾਪਮਾਨ 4.2 ਡਿਗਰੀ ਡਿੱਗ ਕੇ 27.8 ਡਿਗਰੀ ਸੈਲਸੀਅਸ ’ਤੇ ਆ ਗਿਆ। ਪਠਾਨਕੋਟ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਵਿੱਚ ਵੀ 3 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਅਤੇ ਵੱਧ ਤੋਂ ਵੱਧ ਤਾਪਮਾਨ 27.9 ਡਿਗਰੀ ਰਿਹਾ। ਇਸ ਤੋਂ ਇਲਾਵਾ ਰੂਪਨਗਰ ਦੇ ਭਾਖੜਾ ਡੈਮ ਖੇਤਰ ਵਿੱਚ ਵੱਧ ਤੋਂ ਵੱਧ ਤਾਪਮਾਨ 1.4 ਡਿਗਰੀ ਘਟ ਕੇ 28 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਨ੍ਹਾਂ ਇਲਾਕਿਆਂ ਵਿੱਚ ਤਾਪਮਾਨ ਡਿੱਗਣ ਕਾਰਨ ਸਵੇਰੇ ਅਤੇ ਸ਼ਾਮ ਨੂੰ ਠੰਢ ਦਾ ਅਹਿਸਾਸ ਹੋਰ ਵਧ ਗਿਆ ਹੈ