ਮੋਗਾ ’ਚ ਪਹੁੰਚੇ ਹਰਿਆਣਾ ਦੇ ਮੁੱਖ ਮੰਤਰੀ – ਕਿਹਾ,‘ਪੰਜਾਬ ਸਰਕਾਰ ਨੇ ਪੰਜ ਸਾਲ ਚੁਟਕਲਿਆਂ ’ਚ ਹੀ ਕੱਢ ਦਿੱਤੇ’
ਮੋਗਾ ’ਚ ਪਹੁੰਚੇ ਹਰਿਆਣਾ ਦੇ ਮੁੱਖ ਮੰਤਰੀ – ਕਿਹਾ,‘ਪੰਜਾਬ ਸਰਕਾਰ ਨੇ ਪੰਜ ਸਾਲ ਚੁਟਕਲਿਆਂ ’ਚ ਹੀ ਕੱਢ ਦਿੱਤੇ’
ਮੋਗਾ ਵਿੱਚ ਅੱਜ ਕਸ਼ਯਪ ਰਾਜਪੂਤ ਮੇਹਰਾ ਸਭਾ ਦੇ ਸਨਮਾਨ ਸਮਾਰੋਹ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਮਹਿਮਾਨ ਵਜੋਂ ਪਹੁੰਚੇ । ਇਸ ਮੌਕੇ ਪ੍ਰੋਗਰਾਮ ਦੇ ਪ੍ਰਬੰਧਕਾਂ ਵੱਲੋਂ ਸਮਾਜ ਦੇ ਲੋਕਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ‘ਤੇ ਕਈ ਗੰਭੀਰ ਦੋਸ਼ ਲਗਾਏ ਅਤੇ ਸਰਕਾਰ ਦੀਆਂ ਨੀਤੀਆਂ ‘ਤੇ ਸਵਾਲ ਖੜ੍ਹੇ ਕੀਤੇ। ਉਨ੍ਹਾਂ ਦੋਸ਼ ਲਗਾਇਆ ਕਿ ਇਹ ਉਨ੍ਹਾਂ ਦੇ ਸਮਾਜ ਦਾ ਪ੍ਰੋਗਰਾਮ ਸੀ, ਪਰ ਪੰਜਾਬ ਸਰਕਾਰ ਨੇ ਇਸ ਵਿੱਚ ਵੀ ਵਿਘਨ ਪਾਉਣ ਦੀ ਕੋਸ਼ਿਸ਼ ਕੀਤੀ

ਉਨ੍ਹਾਂ ਕਿਹਾ ਕਿ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਲਈ ਆ ਰਹੇ ਸਮਾਜ ਦੇ ਲੋਕਾਂ ਦੀਆਂ ਬੱਸਾਂ ਰੋਕੀਆਂ ਗਈਆਂ ਅਤੇ ਉਨ੍ਹਾਂ ਨੂੰ ਸਮਾਗਮ ਤੱਕ ਪਹੁੰਚਣ ਤੋਂ ਰੋਕਣ ਦੀ ਕੋਸ਼ਿਸ਼ ਕੀਤੀ ਗਈ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਸਮਝ ਲੈਣਾ ਚਾਹੀਦਾ ਹੈ ਕਿ ਇਸ ਤਰ੍ਹਾਂ ਦੀਆਂ ਰੋਕਾਂ ਲਗਾ ਕੇ ਭਾਰਤੀ ਜਨਤਾ ਪਾਰਟੀ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਨਹੀਂ ਰੋਕਿਆ ਜਾ ਸਕਦਾ। ਪੰਜਾਬ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਸੈਣੀ ਨੇ ਕਿਹਾ ਕਿ ਝੂਠੇ ਵਾਅਦੇ ਕਰਕੇ ਲੋਕਾਂ ਤੋਂ ਵੋਟਾਂ ਹਾਸਲ ਕੀਤੀਆਂ ਗਈਆਂ। ਸਿਰਫ਼ ਚੁਟਕਲੇ ਸੁਣਾਉਣ ਨਾਲ ਸਰਕਾਰਾਂ ਨਹੀਂ ਚੱਲਦੀਆਂ, ਸਗੋਂ ਸਰਕਾਰਾਂ ਕੰਮ ਕਰਨ ਨਾਲ ਚੱਲਦੀਆਂ ਹਨ। ਪੰਜਾਬ ਸਰਕਾਰ ਨੇ ਆਪਣੇ ਪੰਜ ਸਾਲ ਚੁਟਕਲਿਆਂ ਵਿੱਚ ਹੀ ਕੱਢ ਦਿੱਤੇ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ਵਿੱਚ ਅੱਜ ਨੌਜਵਾਨ ਨਸ਼ਿਆਂ ਦੀ ਦਲਦਲ ਵਿੱਚ ਫਸੇ ਹੋਏ ਹਨ, ਔਰਤਾਂ ਸੁਰੱਖਿਅਤ ਨਹੀਂ ਹਨ ਅਤੇ ਕਿਸਾਨਾਂ ਨਾਲ ਕੀਤੇ ਵਾਅਦੇ ਵੀ ਪੂਰੇ ਨਹੀਂ ਕੀਤੇ ਗਏ।
ਹਰਿਆਣਾ ਸਰਕਾਰ ਦੇ ਕੰਮਕਾਜ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਹਰਿਆਣਾ ਵਿੱਚ ਗਰੀਬ ਪਰਿਵਾਰਾਂ ਨੂੰ 1 ਲੱਖ 60 ਹਜ਼ਾਰ ਮਕਾਨ ਬਣਾ ਕੇ ਦੇਣ ਦਾ ਕੰਮ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਗਰੀਬ ਪਰਿਵਾਰਾਂ ਕੋਲ ਮਕਾਨ ਬਣਾਉਣ ਲਈ ਜ਼ਮੀਨ ਤੱਕ ਨਹੀਂ ਸੀ, ਉਨ੍ਹਾਂ ਦੀ ਪਛਾਣ ਕਰਕੇ ਸ਼ਹਿਰਾਂ ਵਿੱਚ 30 ਗਜ਼ ਅਤੇ ਪਿੰਡਾਂ ਵਿੱਚ 100 ਗਜ਼ ਦੇ ਪਲਾਟ ਦੇਣ ਦਾ ਕੰਮ ਕੀਤਾ ਗਿਆ ਹੈ। ਇਨ੍ਹਾਂ ਪਲਾਟਾਂ ਨੂੰ ਪ੍ਰਧਾਨ ਮੰਤਰੀ ਆਵਾਸ ਯੋਜਨਾ ਨਾਲ ਜੋੜ ਕੇ ਮਕਾਨ ਬਣਾਉਣ ਦੀ ਯੋਜਨਾ ਵੀ ਤਿਆਰ ਕੀਤੀ ਗਈ ਹੈ।
ਸੈਣੀ ਨੇ ਦੱਸਿਆ ਕਿ ਹਰਿਆਣਾ ਵਿੱਚ ਝੁੱਗੀਆਂ ਵਿੱਚ ਰਹਿਣ ਵਾਲੇ ਅਤੇ ਬੇਘਰ ਪਰਿਵਾਰਾਂ ਲਈ ਵੀ ਵਿਸ਼ੇਸ਼ ਯੋਜਨਾਵਾਂ ਚਲਾਈਆਂ ਗਈਆਂ ਹਨ। ਸੋਨੀਪਤ ਵਿੱਚ 600 ਲੋਕਾਂ ਨੂੰ ਫਲੈਟਾਂ ਦੀਆਂ ਚਾਬੀਆਂ ਸੌਂਪੀਆਂ ਗਈਆਂ ਹਨ, ਜਦਕਿ ਗੁਰੂਗ੍ਰਾਮ ਵਿੱਚ ਵੀ 3,000 ਲੋਕਾਂ ਨੂੰ ਫਲੈਟ ਦੇਣ ਦਾ ਕੰਮ ਕੀਤਾ ਗਿਆ ਹੈ। ਨਸ਼ਿਆਂ ਦੇ ਮੁੱਦੇ ‘ਤੇ ਬੋਲਦਿਆਂ ਸੈਣੀ ਨੇ ਕਿਹਾ ਕਿ ਭਾਜਪਾ ਨੇ ਨਸ਼ਿਆਂ ਨੂੰ ਖ਼ਤਮ ਕਰਨ ਅਤੇ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਦਾ ਸੰਕਲਪ ਲਿਆ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਗਾਰੰਟੀ ਹੈ। ਭਾਜਪਾ ਨਸ਼ਿਆਂ ਦੇ ਖਾਤਮੇ ਦੇ ਨਾਲ-ਨਾਲ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਵੀ ਕੰਮ ਕਰੇਗੀ।
ਕਿਸਾਨਾਂ ਦੇ ਮੁੱਦੇ ‘ਤੇ ਪੰਜਾਬ ਸਰਕਾਰ ਨੂੰ ਘੇਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ ਗਏ। ਇਸ ਤੋਂ ਇਲਾਵਾ ਪਾਣੀ ਦੀ ਸਮੱਸਿਆ ਦੇ ਹੱਲ ਲਈ ਵੀ ਸਰਕਾਰ ਵੱਲੋਂ ਕੋਈ ਠੋਸ ਕਦਮ ਨਹੀਂ ਚੁੱਕੇ ਗਏ। ਅੰਤ ਵਿੱਚ ਉਨ੍ਹਾਂ ਮੀਡੀਆ ਅਤੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਪੰਜਾਬ ਨੂੰ ਮਜ਼ਬੂਤ ਬਣਾਉਣ ਦੀ ਗੱਲ ਹੋਣੀ ਚਾਹੀਦੀ ਹੈ, ਨਾ ਕਿ ਇਸ ਨੂੰ ਪਿੱਛੇ ਲਿਜਾਣ ਦੀ।
ਉਨ੍ਹਾਂ ਕਾਂਗਰਸ ‘ਤੇ ਪੰਜਾਬ ਨੂੰ ਪਿੱਛੇ ਧੱਕਣ ਅਤੇ ਆਮ ਆਦਮੀ ਪਾਰਟੀ ‘ਤੇ ਪੰਜਾਬ ਨੂੰ ਨਿਚੋੜਨ ਦੇ ਦੋਸ਼ ਲਗਾਏ। ਸੈਣੀ ਨੇ ਕਿਹਾ ਕਿ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਅੱਗੇ ਵਧਾਉਣ ਅਤੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਸਾਰਿਆਂ ਨੂੰ ਮਿਲ ਕੇ ਕੰਮ ਕਰਨ ਦੀ ਲੋੜ ਹੈ।





