ਇਸ ਦੌਰਾਨ ਚੰਡੀਗੜ੍ਹ ਪੀਜੀਆਈ ਵਿਖੇ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਸਰਕਾਰ ਵੱਲੋਂ ਮੁਆਵਜ਼ਾ ਜਾਂ ਸਰਕਾਰੀ ਨੌਕਰੀ ਲੈਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਸਰਕਾਰ ਤੋਂ ਨਾ ਤਾਂ ਕਿਸੇ ਤਰ੍ਹਾਂ ਦਾ ਮੁਆਵਜ਼ਾ ਚਾਹੀਦਾ ਹੈ ਅਤੇ ਨਾ ਹੀ ਪਰਿਵਾਰ ਦੇ ਕਿਸੇ ਮੈਂਬਰ ਲਈ ਨੌਕਰੀ। ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਸੰਘਰਸ਼ ਨਸ਼ੇ ਦੇ ਖ਼ਿਲਾਫ਼ ਹੈ ਅਤੇ ਉਹ ਇਸ ਨੂੰ ਜਾਰੀ ਰੱਖਣਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਕਿਸੇ ਦੇ ਪੈਸੇ ਦੀ ਲੋੜ ਨਹੀਂ ਹੈ। ਸਰਕਾਰ ਵੱਲੋਂ ਜੋ ਸੁਰੱਖਿਆ ਮੁਹੱਈਆ ਕਰਵਾਈ ਗਈ ਹੈ, ਉਸ ਦੀ ਵੀ ਉਨ੍ਹਾਂ ਨੂੰ ਲੋੜ ਨਹੀਂ ਹੈ। ਉਨ੍ਹਾਂ ਕਿਹਾ, “ਸਾਡਾ ਪੁੱਤ ਤਾਂ ਦੁਨੀਆ ਤੋਂ ਚਲਾ ਗਿਆ, ਹੁਣ ਅਸੀਂ ਇਸ ਸੁਰੱਖਿਆ ਦਾ ਕੀ ਕਰਾਂਗੇ?“
ਪਰਚਿਆਂ ਨੂੰ ਰੱਦ ਕਰਨ ਦੀ ਮੰਗ ‘ਤੇ ਅਟਕਿਆ ਸੀ ਮਾਮਲਾ
ਦਰਅਸਲ,ਝੋਟਾ ਦੀ ਮ੍ਰਿਤਕ ਦੇਹ ਨੂੰ ਪੋਸਟਮਾਰਟਮ ਲਈ ਪੀਜੀਆਈ ਚੰਡੀਗੜ੍ਹ ਭੇਜਣ ਨੂੰ ਲੈ ਕੇ ਪਹਿਲਾਂ ਸਹਿਮਤੀ ਨਹੀਂ ਬਣ ਪਾ ਰਹੀ ਸੀ। ਸਾਰੀਆਂ ਤਿਆਰੀਆਂ ਪੂਰੀਆਂ ਹੋਣ ਦੇ ਬਾਵਜੂਦ ਮਾਨਸਾ ਦੇ ਸਿਵਲ ਹਸਪਤਾਲ ਤੋਂ ਮ੍ਰਿਤਕ ਦੇਹ ਚੰਡੀਗੜ੍ਹ ਨਹੀਂ ਭੇਜੀ ਗਈ ਸੀ। ਐਕਸ਼ਨ ਕਮੇਟੀ ਦੇ ਮੈਂਬਰਾਂ ਦੀ ਮੰਗ ਸੀ ਕਿ ਜਦੋਂ ਤੱਕ ਦਰਜ ਮਾਮਲੇ ਰੱਦ ਨਹੀਂ ਕੀਤੇ ਜਾਂਦੇ,ਉਦੋਂ ਤੱਕ ਮ੍ਰਿਤਕ ਦੇਹ ਨੂੰ ਪੋਸਟਮਾਰਟਮ ਲਈ ਚੰਡੀਗੜ੍ਹ ਨਹੀਂ ਲਿਜਾਇਆ ਜਾਵੇਗਾ। ਇਸ ਮੰਗ ਨੂੰ ਲੈ ਕੇ ਧਰਨਾ ਸਥਾਨ ‘ਤੇ ਨਾਅਰੇਬਾਜ਼ੀ ਵੀ ਹੋਈ।ਬਾਅਦ ਵਿੱਚ ਪਰਿਵਾਰ ਅਤੇ ਐਕਸ਼ਨ ਕਮੇਟੀ ਵਿਚਕਾਰ ਸਹਿਮਤੀ ਬਣਨ ਤੋਂ ਬਾਅਦ ਅਰਦਾਸ ਕੀਤੀ ਗਈ ਅਤੇ ਮ੍ਰਿਤਕ ਦੇਹ ਨੂੰ ਐਂਬੂਲੈਂਸ ਵਿੱਚ ਰੱਖ ਕੇ ਚੰਡੀਗੜ੍ਹ ਰਵਾਨਾ ਕੀਤਾ ਗਿਆ। ਇਸ ਦੌਰਾਨ ਮਾਨਸਾ ਦੇ ਸਿਵਲ ਸਰਜਨ ਡਾ.ਰਣਜੀਤ ਸਿੰਘ ਰਾਏ ਨੇ ਵੀ ਕਿਹਾ ਸੀ ਕਿ ਪਰਿਵਾਰ ਅਤੇ ਐਕਸ਼ਨ ਕਮੇਟੀ ਦੀ ਸਹਿਮਤੀ ਮਿਲਦੇ ਹੀ ਮ੍ਰਿਤਕ ਦੇਹ ਨੂੰ ਭੇਜ ਦਿੱਤਾ ਜਾਵੇਗਾ। ਮ੍ਰਿਤਕ ਦੇਹ ਲੈਣ ਲਈ ਸੀਬੀਆਈ ਦੇ ਵਿਸ਼ੇਸ਼ ਅਧਿਕਾਰੀ ਵੀ ਪਹੁੰਚੇ ਹੋਏ ਸਨ।